ਬੇਰੁਜ਼ਗਾਰ ਨੌਜਵਾਨਾਂ ਦੀਆਂ ਜਾਇਜ਼ ਮੰਗਾਂ ਵੱਲ ਤੁਰੰਤ ਧਿਆਨ ਦੇਵੇ ਸਰਕਾਰ: ਡੀਟੀਐਫ਼

ਡੀਟੀਐੱਫ਼ ਵੱਲੋਂ ਪੰਜਾਬ ਸਰਕਾਰ ’ਤੇ ਲਾਇਆ ਬੇਰੁਜ਼ਗਾਰਾਂ ਨੂੰ ਮੌਤ ਦੇ ਮੂੰਹ ਵਿੱਚ ਧੱਕਣ ਦਾ ਦੋਸ਼

ਸੰਘਰਸ਼ਸ਼ੀਲ ਬੇਰੁਜ਼ਗਾਰ ਪੀਟੀਆਈ ਅਧਿਆਪਕ ਦਲਜੀਤ ਸਿੰਘ ਦੀ ਡੇਂਗੂ ਨਾਲ ਹੋਈ ਮੌਤ ’ਤੇ ਦੁੱਖ ਪ੍ਰਗਟਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਨਵੰਬਰ:
ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀਟੀਐਫ਼) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਪੰਜਾਬ ਸਰਕਾਰ ਦੇ ਬੇਰੁਜ਼ਗਾਰਾਂ ਪ੍ਰਤੀ ਅਪਣਾਏ ਜਾ ਰਹੇ ਅੜੀਅਲ ਰਵੱਈਏ ਦੀ ਸਖ਼ਤ ਨਿਖੇਧੀ ਕੀਤੀ। ਆਗੂਆਂ ਨੇ ਸੰਘਰਸ਼ਸ਼ੀਲ ਬੇਰੁਜ਼ਗਾਰ ਪੀਟੀਆਈ ਅਧਿਆਪਕ ਦਲਜੀਤ ਸਿੰਘ ਦੀ ਮੌਤ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਬੇਰੁਜ਼ਗਾਰ ਨੌਜਵਾਨਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ।
ਡੀਟੀਐੱਫ ਦੇ ਜ਼ਿਲ੍ਹਾ ਮੁਹਾਲੀ ਦੇ ਕਨਵੀਨਰ ਗੁਰਪਿਆਰ ਸਿੰਘ ਕੋਟਲੀ, ਜ਼ਿਲ੍ਹਾ ਆਗੂਆਂ ਅਮਰੀਕ ਸਿੰਘ, ਰੌਸ਼ਨ ਲਾਲ, ਚਰਨਜੀਤ ਸਿੰਘ, ਰਮੇਸ਼ ਕੁਮਾਰ ਅਤੇ ਹਰਤੇਜ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਧੱਕੇਸ਼ਾਹੀ ਕੀਤੀ ਜਾਂਦੀ ਹੈ ਅਤੇ ਹੁਣ ਮੌਜੂਦਾ ਮੁੱਖ ਮੰਤਰੀ ਚਰਨਜੀਤ ਚੰਨੀ ਵੀ ਘਰ-ਘਰ ਰੁਜ਼ਗਾਰ ਦੇਣ, ਕੱਚੇ ਮੁਲਾਜ਼ਮ ਬਿਨਾਂ ਸ਼ਰਤ ਪੱਕੇ ਕਰਨ, ਪੁਲੀਸ-ਸਿਆਸੀ-ਗੁੰਡਾ ਗੱਠਜੋੜ ਦੀ ਸਰਪ੍ਰਸਤੀ ਹੇਠ ਪਨਪ ਰਹੀ ਨਸ਼ਿਆਂ ਦੀ ਸਮੱਸਿਆ ਦਾ ਠੋਸ ਹੱਲ ਕਰਨ ਅਤੇ ਬੁਨਿਆਦੀ ਸਹੂਲਤਾਂ ਦੇਣ ਵਾਲੇ ਸਰਕਾਰੀ ਵਿਭਾਗ ਮਜ਼ਬੂਤ ਕਰਨ ਦੀ ਥਾਂ ਸਿਰਫ਼ ਡੰਗ ਟਪਾਊ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸੇ ਪਾਸਿਓਂ ਵੀ ਉਕਤ ਸਮੱਸਿਆਵਾਂ ਦਾ ਹੱਲ ਕਰਨ ਲਈ ਗੰਭੀਰ ਯਤਨ ਨਹੀਂ ਕੀਤੇ ਜਾ ਰਹੇ ਹਨ। ਜਿਸ ਤੋਂ ਨਿਰਾਸ਼ ਹੋ ਕੇ ਸੈਂਕੜੇ ਬੇਰੁਜ਼ਗਾਰ ਨੌਜਵਾਨ ਸੰਘਰਸ਼ ਦੀ ਰਾਹ ’ਤੇ ਹਨ। ਆਗੂਆਂ ਨੇ ਕਿਹਾ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਇਸ਼ਾਰਿਆਂ ’ਤੇ ਚੱਲਦਿਆਂ ਸਾਰੇ ਸਰਕਾਰੀ ਅਦਾਰਿਆਂ ਦਾ ਭੋਗ ਪਾਉਣ ਦੇ ਰਾਹ ਤੁਰੀ ਹੋਈ ਹੈ। ਸਰਕਾਰ ਦੀਆਂ ਇਨ੍ਹਾਂ ਨੀਤੀਆਂ ਕਾਰਨ ਹੀ ਪੰਜਾਬ ਦੀ ਜਵਾਨੀ ਵਿਦੇਸ਼ਾਂ ਵਿੱਚ ਰੁਲ ਰਹੀ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦੇ ਕੇ ਸਰਕਾਰ ਨੌਜਵਾਨਾਂ ਨੂੰ ਜ਼ਿੰਦਗੀ ਜੋਖ਼ਮ ਵਿੱਚ ਪਾਉਣ ਲਈ ਮਜਬੂਰ ਕਰ ਰਹੀ ਹੈ।

Load More Related Articles
Load More By Nabaz-e-Punjab
Load More In Awareness/Campaigns

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…