
ਮੇਅਰ ਜੀਤੀ ਸਿੱਧੂ ’ਤੇ ਮਾਣਕਪੁਰ ਕੱਲਰ ਦੇ ਸ਼ਮਸ਼ਾਨਘਾਟ ਦੀ ਜ਼ਮੀਨ ਹਥਿਆਉਣ ਦਾ ਦੋਸ਼
ਜੀਤੀ ਸਿੱਧੂ ਦੀ ਨਿੱਜੀ ਕੰਪਨੀ ਦੇ ਖ਼ਿਲਾਫ਼ ਆਪ ਆਗੂ ਗੁਰਤੇਜ ਸਿੰਘ ਪੰਨੂ ਨੇ ਚੁੱਕੀ ਆਵਾਜ਼
ਆਮ ਆਦਮੀ ਪਾਰਟੀ ਦੇ ਆਗੂ ਗੁਰਤੇਜ ਪੰਨੂ ਵੱਲੋਂ ਪ੍ਰਸ਼ਾਸਨ ’ਤੇ ਕਾਰਵਾਈ ਤੋਂ ਪੱਲਾ ਝਾੜਨ ਦਾ ਦੋਸ਼
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਪਰੈਲ:
ਆਮ ਆਦਮੀ ਪਾਰਟੀ (ਆਪ) ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਪੰਨੂ ਨੇ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਉੱਤੇ ਇੱਥੋਂ ਦੇ ਨਜ਼ਦੀਕੀ ਪਿੰਡ ਮਾਣਕਪੁਰ ਕੱਲਰ ਦੇ ਸ਼ਮਸ਼ਾਨਘਾਟ ਦੀ ਜ਼ਮੀਨ ਨੂੰ ਹਥਿਆਉਣ ਦਾ ਦੋਸ਼ ਲਗਾਇਆ ਹੈ। ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਕੁੱਝ ਪਿੰਡ ਦੇ ਕੁੱਝ ਵਸਨੀਕਾਂ ਦੀ ਮੌਜੂਦਗੀ ਵਿੱਚ ਗੁਰਤੇਜ਼ ਪੰਨੂ ਨੇ ਕਿਹਾ ਕਿ ਇਸ ਸਬੰਧੀ ਮੁਹਾਲੀ ਪੁਲੀਸ ਅਤੇ ਪੰਚਾਇਤ ਵਿਭਾਗ ਨੂੰ ਸ਼ਿਕਾਇਤਾਂ ਦੇਣ ਦੇ ਬਾਵਜੂਦ ਅਧਿਕਾਰੀਆਂ ਨੇ ਬਣਦੀ ਕਾਰਵਾਈ ਤੋਂ ਪੱਲਾ ਝਾੜ ਲਿਆ ਹੈ। ਜਿਸ ਕਾਰਨ ਪੀੜਤ ਲੋਕਾਂ ਨੂੰ ਹੁਣ ਅਦਾਲਤ ਦਾ ਬੂਹਾ ਖੜਕਾਉਣਾ ਪਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪਿੰਡ ਦੈੜੀ ਦੇ ਲੋਕਾਂ ਨੇ ਭੂਮਾਫੀਆ ਖ਼ਿਲਾਫ਼ ਹਾਈ ਕੋਰਟ ਵਿੱਚ ਕੇਸ ਦਾਇਰ ਕੀਤਾ ਸੀ ਅਤੇ ਉੱਚ ਅਦਾਲਤ ਵੱਲੋਂ ਜ਼ਮੀਨ ਦੇ ਤਬਾਦਲੇ ਸਬੰਧੀ ਰੋਕ ਲਗਾਈ ਗਈ ਸੀ। ਪਿੰਡ ਦੇ ਲੋਕਾਂ ਨੇ ਆਪਣੀ ਸਮੱਸਿਆ ਬਾਰੇ ਦੱਸਦਿਆਂ ਇਨਸਾਫ਼ ਦੀ ਮੰਗ ਕੀਤੀ।
ਉਨ੍ਹਾਂ ਦੱਸਿਆ ਕਿ ਪਿੰਡ ਮਾਣਕਪੁਰ ਕੱਲਰ ਵਿੱਚ ਸ਼ਮਸ਼ਾਨਘਾਟ ਦੇ ਨੇੜੇ ਮੇਅਰ ਜੀਤੀ ਸਿੱਧੂ ਦੀ ਨਿੱਜੀ ਕੰਪਨੀ ਦੀ ਜ਼ਮੀਨ ਲਗਦੀ ਹੈ ਅਤੇ ਉਹ ਸ਼ਮਸ਼ਾਨਘਾਟ ਵਾਲੀ ਜ਼ਮੀਨ ਨੂੰ ਵੀ ਕੰਪਨੀ ਦੀ ਜ਼ਮੀਨ ਨਾਲ ਮਿਲਾਉਣਾ ਚਾਹੁੰਦੇ ਹਨ। ਜਿਸ ਕਾਰਨ ਉਨ੍ਹਾਂ ਨੇ ਸ਼ਮਸ਼ਾਨਘਾਟ ਦੀ ਚਾਰਦੀਵਾਰੀ ਵੀ ਤੋੜ ਦਿੱਤੀ ਹੈ ਅਤੇ ਸ਼ਮਸ਼ਾਨਘਾਟ ਦੇ ਰਾਸਤੇ ਨੂੰ ਵੀ ਖਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਨੂੰ ਲਿਖਤੀ ਸ਼ਿਕਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ ਪ੍ਰੰਤੂ ਸਿਆਸੀ ਦਬਾਅ ਪੈਣ ਕਾਰਨ ਅਧਿਕਾਰੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੇ ਹਨ।
ਉਧਰ, ਦੂਜੇ ਪਾਸੇ ਮੇਅਰ ਅਮਰਜੀਤ ਸਿੰਘ ਜੀਤ ਸਿੱਧੂ ਨੇ ਆਪ ਆਗੂ ਵੱਲੋਂ ਸ਼ਮਸ਼ਾਨਘਾਟ ਦੀ ਜ਼ਮੀਨ ਹਥਿਆਉਣ ਦੇ ਲਗਾਏ ਜਾ ਰਹੇ ਦੋਸ਼ਾਂ ਨੂੰ ਬਿਲਕੁਲ ਬੇਬੁਨਿਆਦ ਅਤੇ ਮਨਘੜਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਉਨ੍ਹਾਂ ਨੂੰ ਜਾਣਬੁੱਝ ਕੇ ਬਦਨਾਮ ਕਰਨਾ ਚਾਹੁੰਦੇ ਹਨ। ਉਨ੍ਹਾਂ ਦੇ ਦੋਸ਼ਾਂ ਵਿੱਚ ਰੱਤੀ ਭਰ ਵੀ ਸੱਚਾਈ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਮਸ਼ਾਨਘਾਟ ਦੀ ਥਾਂ ਨੂੰ ਹਾਲੇ ਤੱਕ ਛੇੜਿਆ ਨਹੀਂ ਗਿਆ ਹੈ ਸਗੋਂ ਕੁੱਝ ਦਿਨ ਪਹਿਲਾਂ ਹੀ ਸਰਪੰਚ ਅਤੇ ਹੋਰ ਪਤਵੰਤਿਆਂ ਦੀ ਹਾਜ਼ਰੀ ਵਿੱਚ ਇਹ ਫੈਸਲਾ ਹੋਇਆ ਸੀ ਕਿ ਜੇਕਰ ਸ਼ਮਸ਼ਾਨਘਾਟ ਕੰਪਨੀ ਪ੍ਰਾਜੈਕਟ ਦੇ ਵਿੱਚ ਆਉਂਦਾ ਹੈ ਤਾਂ ਉਹ ਪਿੰਡ ਵਾਸੀਆਂ ਨੂੰ ਪਹਿਲਾਂ ਨਵਾਂ ਸ਼ਮਸ਼ਾਨਘਾਟ ਬਣਾ ਕੇ ਦੇਣਗੇ। ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਿੰਡ ਦਾ ਦੌਰਾ ਕਰਕੇ ਮੌਕਾ ਦੇਖਿਆ ਜਾ ਸਕਦਾ ਹੈ ਅਤੇ ਉਨ੍ਹਾਂ ਦੀ ਕੰਪਨੀ ਨੇ ਕੋਈ ਕਬਜ਼ਾ ਨਹੀਂ ਕੀਤਾ ਹੈ।
ਇਸੇ ਦੌਰਾਨ ਪਿੰਡ ਮਾਣਕਪੁਰ ਕੱਲਰ ਦੇ ਸਰਪੰਚ ਕਰਮ ਸਿੰਘ ਨੇ ਆਪ ਆਗੂ ’ਤੇ ਪਲਟਵਾਰ ਕਰਦਿਆਂ ਕਿਹਾ ਕਿ ਉਹ (ਪੰਨੂ) ਪਿੰਡ ਵਾਸੀਆਂ ਨੂੰ ਭੜਕਾ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਾ ਤਾਂ ਸ਼ਮਸ਼ਾਨਘਾਟ ’ਤੇ ਕੋਈ ਕਬਜ਼ਾ ਹੋਇਆ ਹੈ ਅਤੇ ਨਾ ਹੀ ਇਹ ਜ਼ਮੀਨ ਨਿੱਜੀ ਕੰਪਨੀ ਨੂੰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਮਸ਼ਾਨਘਾਟ ਦਾ ਰਸਤਾ ਬੰਦ ਕਰਨ ਦੇ ਦੋਸ਼ ਵੀ ਝੂਠੇ ਹਨ।