ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ
ਨਬਜ਼-ਏ-ਪੰਜਾਬ, ਮੁਹਾਲੀ, 31 ਦਸੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬਾਬਾ ਮੋਤੀ ਰਾਮ ਮਹਿਰਾ ਅਤੇ ਦੀਵਾਨ ਟੋਡਰ ਮੱਲ ਦੀ ਮਹਾਨ ਸੇਵਾ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਸ਼ੇਰ-ਏ-ਪੰਜਾਬ ਕਵੀਸ਼ਰੀ ਜਥੇ ਨੇ ਨੇ ਬਾਬਾ ਮੋਤੀ ਰਾਮ ਮਹਿਰਾ ਵੱਲੋਂ ਸੂਬਾ ਸਰਹਿੰਦ ਦੀ ਕੈਦ ਵਿੱਚ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਠੰਢੇ ਬੁਰਜ ਵਿੱਚ ਦੁੱਧ ਪਿਲਾਉਣ ਦੀ ਸੇਵਾ ਕਰਨ ਦਾ ਪ੍ਰਸੰਗ ਸੁਣਾਇਆ। ਇਸ ਸੇਵਾ ਕਰਨ ਬਦਲੇ ਪੂਰਾ ਪਰਿਵਾਰ ਕੋਲੂ ਵਿੱਚ ਪੀੜ ਕੇ ਸ਼ਹੀਦ ਕੀਤਾ ਗਿਆ ਸੀ। ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਜਗਮੀਤ ਸਿੰਘ ਨੇ ਦੀਵਾਨ ਟੋਡਰ ਮੱਲ ਵੱਲੋਂ ਮੁਗਲ ਹਕੂਮਤ ਤੋਂ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੇ ਸੰਸਕਾਰ ਲਈ ਸੋਨੇ ਦੀਆਂ ਮੋਹਰਾਂ ਖੜੀਆਂ ਕਰਕੇ ਦੁਨੀਆਂ ਦੀ ਸਭ ਤੋਂ ਮਹਿੰਗੀ ਜ਼ਮੀਨ ਖ਼ਰੀਦਣ ਅਤੇ ਅੰਤਿਮ ਸੰਸਕਾਰ ਦੇ ਪੂਰੇ ਪ੍ਰਸੰਗ ਤੋਂ ਜਾਣੂ ਕਰਵਾਇਆ।
ਇਸ ਮੌਕੇ ਭਾਈ ਗੁਰਬਖ਼ਸ਼ ਸਿੰਘ, ਭਾਈ ਹਰਵਿੰਦਰ ਸਿੰਘ, ਬੀਬੀ ਕੰਵਲਜੀਤ ਕੌਰ, ਭਾਈ ਏਕਮਜੋਤ ਸਿੰਘ, ਭਾਈ ਵਰਿੰਦਰ ਸਿੰਘ, ਭਾਈ ਹਰਸਿਮਰਨਜੀਤ ਸਿੰਘ, ਭਾਈ ਪ੍ਰਿਤਪਾਲ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਸਰੂਪ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ, ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।