nabaz-e-punjab.com

ਖ਼ੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ/ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ

ਰਾਜ ਪੱਧਰੀ ਕਮੇਟੀ ਨੇ ਸਾਲ 2013-14 ਤੋਂ ਲੰਬਿਤ ਪਏ 92 ਕੇਸਾਂ ਦਾ ਕੀਤਾ ਨਿਪਟਾਰਾ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 15 ਨਵੰਬਰ:
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਤਸਦੀਕੀਕਰਨ ਦੇ ਅਮਲ ਨੂੰ ਗਤੀਸ਼ੀਲ ਬਣਾਉਂਦਿਆਂ, ਰਾਜ ਪੱਧਰੀ ਕਮੇਟੀ ਨੇ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ/ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਦਿੱਤੀ ਅਤੇ ਸਾਲ 2013-14 ਤੋਂ ਲੰਬਿਤ ਪਏ 92 ਕੇਸਾਂ ਦਾ ਨਿਪਟਾਰਾ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀਮਤੀ ਵਿੰਨੀ ਮਹਾਜਨ, ਵਿੱਤੀ ਕਮਿਸ਼ਨਰ ਮਾਲ-ਕਮ-ਚੇਅਰਪਰਸਨ ਰਾਜ ਪੱਧਰੀ ਕਮੇਟੀ ਨੇ ਦੱਸਿਆ ਕਿ ਮੁੱਖ ਮੰਤਰੀ ਦਫਤਰ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਕਮੇਟੀ ਨੇ ਮਹੀਨਾਵਾਰ ਮੀਟਿੰਗਾਂ ਦੇ ਆਯੋਜਨ ਦਾ ਸਿਲਸਿਲਾ ਆਰੰਭਿਆ ਹੈ ਤਾਂ ਜੋ ਲੰਬਿਤ ਪਏ ਕੇਸਾਂ ਦੀ ਲਗਾਤਾਰ ਸਮੀਖਿਆ ਕੀਤੀ ਜਾ ਸਕੇ ਅਤੇ ਤਸਦੀਕ ਕੀਤੇ ਕੇਸਾਂ ਨੂੰ ਜਲਦੀ ਤੋਂ ਜਲਦੀ ਮਾਲੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ।
ਉਨ੍ਹਾਂ ਅੱਗੇ ਦੱਸਿਆ ਕਿ ਕਮੇਟੀ ਵਲੋਂ ਅੱਜ ਦੀ ਮੀਟਿੰਗ ਦੌਰਾਨ ਮਾਨਸਾ ਜ਼ਿਲ੍ਹੇ ਦੇ 19, ਫਾਜ਼ਿਲਕਾ ਅਤੇ ਫਤਿਹਗੜ੍ਹ ਸਾਹਿਬ ਤੋਂ 3-3, ਬਰਨਾਲਾ ਦੇ 6, ਸੰਗਰੂਰ ਦੇ 49, ਲੁਧਿਆਣਾ ਦੇ 9 ਅਤੇ ਹੁਸ਼ਿਆਰਪੁਰ, ਬਠਿੰਡਾ ਅਤੇ ਰੂਪਨਗਰ ਦੇ 1-1 ਕੇਸ ਸਮੇਤ ਕੁਲ 92 ਕੇਸਾਂ ਵਿੱਚ 260 ਲੱਖ ਰੁਪਏ ਦੀ ਰਾਹਤ ਦਿੱਤੀ ਗਈ। ਜ਼ਿਕਰ ਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਨੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨ ਉਪਰੰਤ 24-10-17 ਨੂੰ ਪੱਤਰ ਜਾਰੀ ਕਰਕੇ ਹਦਾਇਤ ਕੀਤੀ ਸੀ ਕਿ ਸਬੰਧਿਤ ਪਰਿਵਾਰਾਂ ਨੂੰ ਮਾਲੀ ਸਹਾਇਤਾ ਦੀ ਅਦਾਇਗੀ ਨਿਯਮਿਤ ਰੂਪ ਵਿੱਚ ਹਰ ਮਹੀਨੇ ਦੀ 25 ਤਾਰੀਖ ਤੋਂ ਪਹਿਲਾਂ ਕੀਤੀ ਜਾਵੇ। ਵਿੱਤੀ ਕਮਿਸ਼ਨਰ ਮਾਲ ਨੇ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ/ਖੇਤ ਮਜ਼ਦੂਰਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਾਲੀ ਸਹਾਇਤ ਦੇਣ ਸਬੰਧੀ ਗਠਿਤ ਰਾਜ ਪੱਧਰੀ ਕਮੇਟੀ ਜਿਸ ਵਿੱਚ ਵਿੱਤ ਕਮਿਸ਼ਨਰ ਵਿਕਾਸ, ਵਿੱਤ ਕਮਿਸ਼ਨਰ ਮਾਲ, ਪ੍ਰਮੁੱਖ ਸਕੱਤਰ ਪਾਵਰ ਅਤੇ ਡਿਸਆਸਟਰ ਮੈਨੇਜਮੈਂਟ ਸ਼ਾਮਲ ਹਨ ਦੇ ਫੈਸਲੇ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਰਾਜ ਪੱਧਰੀ ਕਮੇਟੀ ਵਲੋਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਜ਼ਿਲ੍ਹਾ ਪੱਧਰੀ ਕਮੇਟੀ ਵਿੱਚ ਆਏ ਕੇਸਾਂ ’ਚੋਂ ਜੇਕਰ ਕੋਈ ਕੇਸ ਲੰਬਿਤ ਪਿਆ ਹੋਵੇ ਤਾਂ ਉਸ ਦੀ ਸਥਿਤੀ ਤੋਂ ਰਾਜ ਪੱਧਰੀ ਕਮੇਟੀ ਨੂੰ ਤੁਰੰਤ ਸੂਚਿਤ ਕੀਤਾ ਜਾਵੇ ਤਾਂ ਕਿ ਰਾਜ ਪੱਧਰੀ ਕਮੇਟੀ ਵਲੋਂ ਲੋੜੀਂਦੀ ਮਦਦ ਰਾਹੀਂ ਮ੍ਰਿਤਿਕਾਂ ਦੇ ਪਰਿਵਾਰਾਂ ਨੂੰ ਜਲਦੀ ਤੋਂ ਜਲਦੀ ਰਾਹਤ ਦਿੱਤੀ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਦੀ ਪ੍ਰੀਕ੍ਰਿਆ ਵਿੱਚ ਵੱਖ-ਵੱਖ ਮਹਿਕਮਿਆਂ ਦੀਆਂ ਰਿਪੋਰਟਾਂ ਲੋੜੀਂਦੀਆਂ ਹਨ ਜਿਸ ਦੇ ਚਲਦਿਆਂ ਕਈ ਵਾਰ ਪੜਤਾਲ ਕਰਨ ਦੀ ਪ੍ਰੀਕ੍ਰਿਆ ਵਿੱਚ ਦੇਰ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਰਾਜ ਪੱਧਰੀ ਕਮੇਟੀ ਇਸ ਤੋਂ ਭਲੀ ਭਾਂਤ ਜਾਣੂ ਹੈ ਅਤੇ ਇਸ ਅਮਲ ਵਿੱਚ ਤੇਜ਼ੀ ਲਿਆਉਣ ਲਈ ਯਤਨਸ਼ੀਲ ਹੈ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…