Share on Facebook Share on Twitter Share on Google+ Share on Pinterest Share on Linkedin ਵਧ ਰਹੀ ਆਬਾਦੀ ਸਾਡੇ ਦੇਸ਼ ਤੇ ਸਮਾਜ ਲਈ ਚਿੰਤਾ ਦਾ ਵਿਸ਼ਾ: ਬ੍ਰਹਮ ਮਹਿੰਦਰਾ ਵਧਦੀ ਆਬਾਦੀ ਨੂੰ ਰੋਕਣ ਲਈ ਹੇਠਲੇ ਪੱਧਰ ਦੇ ਲੋਕਾਂ ਨੂੰ ਪਰਿਵਾਰ ਨਿਯੋਜਨ ਅਪਣਾਉਣ ਬਾਰੇ ਜਾਗਰੂਕ ਕਰਨ ਦੀ ਲੋੜ: ਸਿੱਧੂ ਵਿਸ਼ਵ ਆਬਾਦੀ ਦਿਵਸ ਮੌਕੇ ਰਾਜ ਸਿਹਤ ਤੇ ਪਰਿਵਾਰ ਭਲਾਈ ਸੰਸਥਾ ਦੇ ਆਡੀਟੋਰੀਅਮ ਵਿੱਚ ਰਾਜ ਪੱਧਰੀ ਸਮਾਗਮ ਦਾ ਆਯੋਜਨ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੁਲਾਈ ਦਿਨ ਪ੍ਰਤੀ ਦਿਨ ਵਧ ਰਹੀ ਆਬਾਦੀ ਸਾਡੇ ਦੇਸ, ਸੂਬੇ ਅਤੇ ਸਮਾਜ ਲਈ ਚਿੰਤਾਂ ਦਾ ਵਿਸ਼ਾ ਹੈ ਕਿਉਂਕਿ ਸਾਡੇ ਸਾਧਨ ਵੀ ਸੀਮਤ ਹੁੰਦੇ ਜਾ ਰਹੇ ਹਨ। ਜਿਸ ਨਾਲ ਸਾਡੇ ਸਾਹਮਣੇ ਵੱਡੀਆਂ ਚੁਣੌਤੀਆਂ ਆ ਰਹੀਆਂ ਹਨ। ਜੇਕਰ ਵਧਦੀ ਦੀ ਅਬਾਦੀ ਨੂੰ ਠੱਲ ਨਾ ਪਈ ਤਾਂ ਸਾਨੂੰ ਇਸਦੇ ਗੰਭੀਰ ਸਿੱਟੇ ਭੁਗਤਣੇ ਪੈਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ੍ਰੀ ਬ੍ਰਹਮ ਮਹਿੰਦਰਾ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਵਿਸ਼ਵ ਅਬਾਦੀ ਦਿਵਸ ਮੌਕੇ ਪੰਜਾਬ ਸਿਹਤ ਸਿਸਟਮਜ਼ ਨਿਗਮ ਦੇ ਆਡੀਟੋਰੀਅਮ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਤੋਂ ਪਹਿਲਾਂ ਸਮਾਗਮ ਦਾ ਅੰਗਾਜ਼ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਸ਼ਮਾ ਰੋਸ਼ਨ ਕਰਕੇ ਕੀਤਾ। ਸਿਹਤ ਮੰਤਰੀ ਪੰਜਾਬ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ 1947 ਵਿਚ ਸਾਡੇ ਦੇਸ਼ ਦੀ ਅਬਾਦੀ 36 ਕਰੋੜ ਦੇ ਕਰੀਬ ਸੀ ਜਿਸ ਵਿੱਚ ਲਗਾਤਾਰ ਅਥਾਹ ਵਾਧਾ ਹੁੰਦਾ ਰਿਹਾ ਅਤੇ ਹੁਣ ਮੁਲਕ ਦੀ ਅਬਾਦੀ 125 ਕਰੋੜ ਦੇ ਕਰੀਬ ਹੋ ਚੁੱਕੀ ਹੈ ਅਤੇ ਜੇਕਰ ਦੇਸ਼ ਦੀ ਅਬਾਦੀ ਵਿੱਚ ਇਸੇ ਤਰ੍ਹਾਂ ਵਾਧਾ ਹੁੰਦਾ ਰਿਹਾ ਤਾਂ ਸਾਲ 2025 ਤੱਕ ਸਾਡਾ ਮੁਲਕ ਵਿਸ਼ਵ ਦੇ ਸਭ ਮੁਲਕਾਂ ਤੋਂ ਵੱਧ ਅਬਾਦੀ ਵਾਲਾ ਮੁਲਕ ਬਣ ਜਾਵੇਗਾ। ਜਿਸ ਨਾਲ ਦੇਸ਼ ਨੂੰ ਗੰਭੀਰ ਸਮੱਸਿਆਵਾਂ ਨਾਲ ਜੁਝਣਾ ਪਵੇਗਾ। ਉਨ੍ਹਾਂ ਕਿਹਾ ਕਿ ਅਬਾਦੀ ਨੂੰ ਠੱਲ ਪਾਉਣ ਲਈ ਪਰਿਵਾਰ ਨਿਯੋਜਨ ਪ੍ਰੋਗਰਾਮ ਬੜੇ ਪ੍ਰਭਾਵਸ਼ਾਲੀ ਢੰਗ ਨਾਲ ਅਤੇ ਗੰਭੀਰਤਾ ਨਾਲ ਉਲੀਕ ਕੇ ਉਨ੍ਹਾਂ ਨੂੰ ਅਮਲੀ ਜਾਮਾ ਪਹਿਨਾਉਣ ਦੀ ਲੋੜ ਹੈ। ਪੰਜਾਬ ਵਿਚ ਹੇਠਲੇ ਪੱਧਰ ਤੱਕ ਦੇ ਲੋਕਾਂ ਨੂੰ ਪਰਿਵਾਰ ਨਿਯੋਜਨ ਲਈ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਿਸੇਸ਼ ਜਾਗਰੂਕਤਾ ਮੁਹਿੰਮ ਵਿੱਢੇਗਾ। ਜਿਸ ਲਈ ਸਿਹਤ ਵਿਭਾਗ ਨੂੰ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਉਨ੍ਹਾਂ ਇਸ ਮੌਕੇ ਜੁੜੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਖਿਆ ਕਿ ਸੂਬੇ ਵਿੱਚ ਪਰਿਵਾਰ ਨਿਯੋਜਨ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਮਰਪਿਤ ਭਾਵਨਾਂ ਨਾਲ ਡਿਊਟੀ ਨਿਭਾਈ ਜਾਵੇ। ਜੇਕਰ ਇਸ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ ਤਾਂ ਇਹ ਸਮਾਜ ਅਤੇ ਆਉਣ ਵਾਲੀ ਪੀੜ੍ਹੀ ਲਈ ਬੇਹੱਦ ਸਹਾਈ ਸਾਬਿਤ ਹੋਣਗੇ। ਇਸ ਕਾਰਜ ਵਿੱਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਸਿਹਤ ਮੰਤਰੀ ਪੰਜਾਬ ਨੇ ਹੋਰ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬਣੀ ਮੌਜੂਦਾ ਸਰਕਾਰ ਰਾਜ ਦੇ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਿਹਤ ਸੇਵਾਵਾਂ ਪੱਖੋਂ ਗਰੀਬ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਿਆ ਜਾਵੇਗਾ ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਆਖਿਆ ਕਿ ਗਰੀਬਾਂ ਦੀ ਅੱਛੀ ਸਿਹਤ ਦਾ ਪ੍ਰਬੰਧ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਹੈ। ਸ੍ਰੀ ਬ੍ਰਹਮ ਮਹਿੰਦਰਾ ਨੇ ਇਸ ਮੌਕੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਕਾਇਆ ਕਲਪ ਪ੍ਰੋਗਰਾਮ ਤਹਿਤ ਸਰਕਾਰੀ ਹਸਪਤਾਲ, ਡਿਸਪੈਂਸਰੀ, ਮੁੱਢਲਾ ਸਿਹਤ ਕੇਂਦਰਾਂ ਨੂੰ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਜਿਹੜਾ ਸਭ ਤੋਂ ਸਫਾਈ ਪੱਖੋਂ ਸਾਫ ਸੁਥਰਾ ਹੋਵੇਗਾ ਉਸ ਨੂੰ ਇਹ ਰਾਸ਼ੀ ਪ੍ਰਾਪਤ ਹੋਵੇਗੀ। ਇਸ ਲਈ ਸਿਹਤ ਅਧਿਕਾਰੀਆਂ ਦਾ ਫਰਜ਼ ਬਣਦਾ ਹੈ ਕਿ ਉਹ ਆਪਣੀ ਸਿਹਤ ਸੰਸਥਾਂ ਦੀ ਅਸਲ ਮੁਆਇਨਿਆਂ ਵਿਚ ਕਾਇਆ ਕਲਪ ਕਰਕੇ ਇਹ ਰਾਸ਼ੀ ਹਾਸਿਲ ਕਰਨ ਵਿੱਚ ਵਿਸ਼ੇਸ ਰੂਚੀ ਦਿਖਾਉਣ। ਇਸ ਤੋਂ ਪਹਿਲਾਂ ਉਨ੍ਹਾਂ ਅਬਾਦੀ ਵਿੱਚ ਠੱਲ ਪਾਉਣ ਵਿਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਤਿੰਨ ਪਿੰਡਾਂ (ਤਿਊੜ, ਤੰਗੌਰੀ ਅਤੇ ਛੱਤ) ਦੀਆਂ ਪੰਚਾਇਤਾਂ ਨੂੰ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਉਨ੍ਹਾਂ ਇਸ ਮੌਕੇ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਤਿੰਨ ਏ.ਐਨ.ਐਮ. ਅਤੇ ਤਿੰਨ ਐਲ.ਐਚ.ਵੀ. ਨੂੰ ਵੀ ਸਨਮਾਨਿਤ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਵਿਸ਼ਵ ਅਬਾਦੀ ਦਿਵਸ ਦੀ ਬਹੁਤ ਵੱਡੀ ਅਹਿਮੀਅਤ ਹੈ। ਉਨ੍ਹਾਂ ਵਧਦੀ ਅਬਾਦੀ ਤੇ ਚਿੰਤਨ ਕਰਨ ਦੀ ਲੋੜ ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਸੈਮੀਨਰ ਅਤੇ ਵਰਕਸ਼ਾਪਾਂ ਆਯੋਜਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਸਮਾਜ ਵਿਚ ਲੜਕੀ ਅਤੇ ਲੜਕੇ ਵਿਚ ਭੇਦਭਾਵ ਨੂੰ ਖਤਮ ਕਰਨ ਲਈ ਵੀ ਜਾਗਰੂਕਤਾ ਮੁਹਿੰਮ ਵਿੰਢਣੀ ਚਾਹੀਦੀ ਹੈ ਕਿਉਂਕਿ ਹੁਣ ਲੜਕੀਆਂ ਕਿਸੇ ਵੀ ਖੇਤਰ ਵਿਚ ਲੜਕਿਆਂ ਨਾਲੋਂ ਘੱਟ ਨਹੀਂ ਹਨ। ਇਸ ਲਈ ਸਮਾਜ ਨੂੰ ਆਪਣੀ ਸੋਚ ਬਦਲਣ ਦੀ ਲੋੜ ਹੈ। ਉਨ੍ਹਾਂ ਹੋਰ ਕਿਹਾ ਕਿ ਪਰਿਵਾਰ ਨਿਯੋਜਨ ਪ੍ਰੋਗਰਾਮ ਝੁੰਗੀਆਂ ਝੋਪੜੀਆਂ ਤੱਕ ਲਿਜਾਣੇ ਚਾਹੀਦੇ ਹਨ ਤਾਂ ਜੋ ਅਬਾਦੀ ਨੂੰ ਕੰਟਰੋਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਵੱਧ ਅਬਾਦੀ ਵਾਲੇ ਰਾਜਾਂ ਦਾ ਪੰਜਾਬ ਦੀ ਆਰਥਿਕਤਾ ਤੇ ਵੀ ਮਾੜਾ ਅਸਰ ਪੈ ਰਿਹਾ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਸੇਸ਼ ਸਕੱਤਰ-ਕਮ-ਮਿਸ਼ਨ ਡਾਇਰੈਕਟਰ, ਨੈਸ਼ਨਲ ਹੈਲਥ ਮਿਸ਼ਨ ਪੰਜਾਬ ਸ੍ਰੀ ਵਰੁਣ ਰੂਜਮ ਨੇ ਬੋਲਦਿਆਂ ਕਿਹਾ ਦੇਸ਼ ਦੀ ਲਗਾਤਾਰ ਵੱਧ ਰਹੀ ਅਬਾਦੀ ਕਾਰਣ ਗੰਭੀਰ ਸਮੱਸਿਆਵਾਂ ਪੈਦਾ ਹੋ ਰਹੀਆਂ ਹੈ। ਜਿਸ ਨਾਲ ਸਾਡੀ ਅਰਥ ਵਿਵਸਥਾ ਤੇ ਵੀ ਮਾੜਾ ਅਸਰ ਪੈ ਰਿਹਾ ਹੈ। ਅਬਾਦੀ ਕੰਟਰੋਲ ਕਰਨ ਲਈ ਸਾਨੂੰ ਜਿੰਮੇਵਾਰੀ ਨਾਲ ਕੰਮ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਅਬਾਦੀ ਕੰਟਰੋਲ ਪ੍ਰੋਗਰਾਮ ਨੂੰ ਹੇਠਲੇ ਪੱਧਰ ਤੱਕ ਲਿਜਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸ੍ਰੀ ਰਾਜੀਵ ਭੱਲਾ ਨੇ ਕਿਹਾ ਕਿ 11 ਜੁਲਾਈ ਦਾ ਦਿਨ ਵਿਸ਼ਵ ਭਰ ਵਿੱਚ ਵਿਸ਼ਵ ਅਬਾਦੀ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ । ਜਿਸ ਦਾ ਮੁੱਖ ਮੰਤਵ ਵੱਧ ਰਹੀ ਅਬਾਦੀ ਤੇ ਚਿੰਤਨ ਕਰਨਾ ਹੈ ਤਾਂ ਜੋ ਇਸਨੂੰ ਠੱਲ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਇਸ ਦਿਵਸ ਨੂੰ ਪੰਦਰਵਾੜੇ ਦੇ ਤੌਰ ਤੇ ਮਨਾਇਆ ਜਾਵੇਗਾ। ਜਿਸ ਦੋਰਾਨ ਲੋਕਾਂ ਨੂੰ ਪਰਿਵਾਰ ਨਿਯੋਜਨ ਦੇ ਤੌਰ ਤਰੀਕਿਆਂ ਬਾਰੇ ਜਾਗਰੂਕ ਕੀਤਾ ਜਾਵੇਗਾ। ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਅਬਾਦੀ ਨੂੰ ਕੰਟਰੋਲ ਕਰਨ ਲਈ ਜੋ ਵੀ ਪ੍ਰੋਗਰਾਮ ਉਲੀਕੇ ਜਾਣਗੇ। ਉਨ੍ਹਾਂ ਨੂੰ ਨੇਪਰੇ ਚੜਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਇਸ ਮੌਕੇ ਭਾਰਤ ਸਰਕਾਰ ਦੇ ਕਾਇਆ ਕਲਪ ਪ੍ਰੋਗਰਾਮ ਅਧੀਨ ਜ਼ਿਲ੍ਹੇ ਨੂੰ ਮਾਡਲ ਜ਼ਿਲ੍ਹਾ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ। ਸਿਵਲ ਸਰਜਨ ਐਸ.ਏ.ਐਸ. ਨਗਰ ਡਾ: ਰੀਟਾ ਭਾਰਦਵਾਜ ਨੇ ਰਾਜ ਪੱਧਰੀ ਸਮਾਗਮ ਵਿੱਚ ਪੁੱਜੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਸਮਾਗਮ ਵਿੱਚ ਹਰਕੇਸ਼ ਚੰਦ ਸ਼ਰਮਾ ਸਿਆਸੀ ਸਲਾਹਕਾਰ/ਵਿਧਾਇਕ ਬਲਬੀਰ ਸਿੱਧੂ, ਚੌਧਰੀ ਗੁਰਮੇਲ ਸਿੰਘ, ਜੀ.ਐਸ.ਰਿਆੜ, ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਰਿੰਦਰ ਸਿੰਘ, ਡਾ. ਦਲੇਰ ਸਿੰਘ ਮੁਲਤਾਨੀ ਸਮੇਤ ਸਿਹਤ ਵਿਭਾਗ ਦੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ