nabaz-e-punjab.com

ਜੀਐਸਟੀ ਘੁਟਾਲਾ: ਪੰਜਾਬ ਵਿਜੀਲੈਂਸ ਬਿਉਰੋ ਵੱਲੋਂ 6 ਏਜੰਟ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਸਤੰਬਰ:
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੌਰਾਨ ਜੀਐਸਟੀ ਘੁਟਾਲੇ ਸਬੰਧੀ ਕਰ ਨਾਕਿਆਂ ਤੋਂ ਚੋਰੀ ਛਿਪੇ ਗੱਡੀਆਂ ਲੰਘਾਉਣ ਅਤੇ ਟੈਕਸ ਚੋਰੀ ਕਰਾਉਣ ਵਾਲੇ 6 ਏਜੰਟਾਂ/ਵਿਚੋਲਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਵਿਅਕਤੀ ਸੂਬੇ ਦੇ ਕਰ ਅਧਿਕਾਰੀਆਂ ਨੂੰ ਰਿਸ਼ਵਤ ਦੇ ਕੇ ਬਦਲੇ ਵਿੱਚ ਉਨ੍ਹਾਂ ਨੂੰ ਟੈਕਸ ਤੋਂ ਬਚਣ ਲਈ ਰਸਤਾ ਪ੍ਰਦਾਨ ਕਰ ਰਹੇ ਸਨ ਅਤੇ ਘੱਟ ਜੁਰਮਾਨਾ ਲਗਾ ਕੇ ਕੱਚਾ ਮਾਲ (ਲੋਹੇ ਦਾ ਸਕਰੈਪ) ਅਤੇ ਤਿਆਰ ਸਮਾਨ ਲਿਜਾਉਣ ਵਾਲੇ ਵਾਹਨਾਂ ਦੀ ਚੈਕਿੰਗ ਦੌਰਾਨ ਜੀਐਸਟੀ ਨੂੰ ਵੱਡੇ ਪੱਧਰ ’ਤੇ ਖੋਰਾ ਲਗਾ ਰਹੇ ਸਨ।
ਵਿਜੀਲੈਂਸ ਦੀ ਜਾਣਕਾਰੀ ਅਨੁਸਾਰ ਇਸ ਸਬੰਧੀ ਜੀਐਸਟੀ/ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਏਜੰਟ/ਵਿਚੋਲੇ ਇੱਕ ਦੂਜੇ ਨਾਲ ਮਿਲੀਭੁਗਤ ਕਰਕੇ ਸਰਕਾਰੀ ਖ਼ਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾ ਰਹੇ ਸਨ, ਜਿਨ੍ਹਾਂ ਵਿਰੁੱਧ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਆਈਪੀਸੀ ਦੀ ਧਾਰਾ 420, 465, 467, 468, 471, 120-ਬੀ, 201 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ 7, 7(ਏ) ਤੇ 8 ਤਹਿਤ ਪਰਚਾ ਦਰਜ ਗਿਆ ਹੈ। ਮਾਮਲੇ ਦੀ ਜਾਂਚ ਦੌਰਾਨ ਵਿਜੀਲੈਂਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਅੱਜ ਬਲਵਿੰਦਰ ਸਿੰਘ ਉਰਫ਼ ਬਾਬੂ ਰਾਮ, ਸਚਿਨ ਕੁਮਾਰ ਲੂਥਰਾ, ਪਵਨ ਕੁਮਾਰ ਉਰਫ਼ ਕਾਲਾ, ਅਜੈ ਕੁਮਾਰ, ਰਣਧੀਰ ਸਿੰਘ ਅਤੇ ਅਵਤਾਰ ਸਿੰਘ ਨਾਮਕ 6 ਏਜੰਟਾਂ\ਵਿਚੋਲਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਕਰ ਵਿਭਾਗ ਦੇ ਕੁਝ ਅਧਿਕਾਰੀਆਂ ਅਤੇ ਏਜੰਟਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀ ਕਰ ਵਿਭਾਗ ਦੇ ਜੀਐਸਟੀ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਜੀਐਸਟੀ ਦੀ ਲੋੜੀਂਦੀ ਰਕਮ ਦਾ ਭੁਗਤਾਨ ਕੀਤੇ ਬਿਨਾਂ ਲੋਹੇ ਦੇ ਸਕਰੈਪ/ਤਿਆਰ ਸਮਾਨ ਲੈ ਜਾਣ ਵਾਲੇ ਵੱਖ-ਵੱਖ ਰਾਜਾਂ ਨਾਲ ਸਬੰਧਤ ਵਾਹਨਾਂ ਨੂੰ ਲੰਘਾਉਣ ਵਾਲੇ ਇਸ ਗੱਠਜੋੜ ਵਿੱਚ ਸਰਗਰਮੀ ਨਾਲ ਸ਼ਾਮਲ ਸਨ। ਇਸ ਘੁਟਾਲੇ ਦੇ ਢੰਗ-ਤਰੀਕਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਦੇ ਟੈਕਸ ਅਧਿਕਾਰੀਆਂ ਦੀ ਮਦਦ ਦੇ ਬਦਲੇ ਇਹ ਏਜੰਟ ਉਨ੍ਹਾਂ ਨੂੰ ਭਾਰੀ ਰਿਸ਼ਵਤ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਏਜੰਟਾਂ ਦੇ ਹੋਰ ਗਰੁੱਪ ਅਤੇ ਸਬੰਧਤ ਜੀਐਸਟੀ ਅਧਿਕਾਰੀਆਂ ਦੀ ਭੂਮਿਕਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਇਨ੍ਹਾਂ ਸਾਰੇ ਗ੍ਰਿਫ਼ਤਾਰ ਏਜੰਟਾਂ ਦਾ ਅਦਾਲਤ ਤੋਂ ਰਿਮਾਂਡ ਲੈ ਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …