nabaz-e-punjab.com

ਜੀਟੀਯੂ ਵੱਲੋਂ 18 ਫਰਵਰੀ ਨੂੰ ਕੀਤਾ ਜਾਵੇਗਾ ਸਿੱਖਿਆ ਭਵਨ ਦਾ ਘਿਰਾਓ

ਸਿੱਖਿਆ ਸਕੱਤਰ ਦੇ ਕੰਮ ਕਰਨ ਦੇ ਢੰਗ ਤਰੀਕੇ ਤੋਂ ਅਧਿਆਪਕ ਵਰਗ ਸਖ਼ਤ ਨਾਰਾਜ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਫਰਵਰੀ:
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਅਣਖ ਅਤੇ ਸਵੈ-ਮਾਣ ਦੀ ਬਹਾਲੀ ਅਤੇ ਸਿੱਖਿਆ ਵਿਭਾਗ ਵੱਲੋਂ ਸੈਂਕੜੇ ਸਕੂਲਾਂ ਨੂੰ ਤਾਲਾ ਲਗਾਉਣ ਦੇ ਤਾਨਾਸ਼ਾਹੀ ਫੁਰਮਾਨ ਖ਼ਿਲਾਫ਼, ਵਿਭਾਗ ਦੀ ਕੀਤੀ ਜਾ ਰਹੀ ਆਕਾਰ ਘਟਾਈ ਤੇ ਪੇਂਡੂ ਵਸੋਂ ਤੋਂ ਸਿੱਖਿਆ ਦਾ ਹੱਕ ਖੋਹੇ ਜਾਣ ਦੇ ਰੋਸ ਵਜੋਂ ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਪੰਜਾਬ ਵੱਲੋਂ ਭਲਕੇ 18 ਫਰਵਰੀ ਨੂੰ ਸਿੱਖਿਆ ਭਵਨ ਦਾ ਘਿਰਾਓ ਕੀਤਾ ਜਾਵੇਗਾ। ਇਸ ਵਿਰੋਧ ਪ੍ਰਦਰਸ਼ਨ ਵਿੱਚ ਪੰਜਾਬ ਭਰ ’ਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਅਧਿਆਪਕ ਸ਼ਮੂਲੀਅਤ ਕਰਨਗੇ।
ਅੱਜ ਇੱਥੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ ਅਤੇ ਪ੍ਰੈੱਸ ਸਕੱਤਰ ਸੁਰਜੀਤ ਸਿੰਘ ਮੁਹਾਲੀ ਨੇ ਦੱਸਿਆ ਕਿ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਦੇ ਹੱਲ ਲਈ ਗੱਲਬਾਤ ਰਾਹੀ ਸਰਕਾਰ ਨਾਲ ਰਾਬਤਾ ਬਣਾਉਂਦੇ ਆ ਰਹੇ ਹਨ ਪ੍ਰੰਤੂ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਅਧਿਆਪਕ ਸਮੱਸਿਆਵਾਂ ਨੂੰ ਲਗਾਤਾਰ ਅਣਡਿੱਠ ਕੀਤਾ ਜਾ ਰਿਹਾ ਹੈ। ਅਧਿਆਪਕਾਂ ਦੇ ਮਸਲੇ ਹੱਲ ਕਰਨ ਦੀ ਬਜਾਇ ਹੁਣ ਵਿਭਾਗ ਨੇ ਬੱਚਿਆਂ ਦੀ ਘੱਟ ਰਹੀ ਗਿਣਤੀ ਦੀ ਆੜ ਵਿੱਚ ਪਹਿਲੀ ਕਿਸ਼ਤ ਵਿੱਚ 1342 ਸਕੂਲਾਂ ਦਾ ਭੋਗ ਪਾ ਦਿੱਤਾ ਹੈ। ਪ੍ਰਾਇਮਰੀ ਵਿਭਾਗ ’ਚੋਂ ਹੈੱਡ ਟੀਚਰਾਂ ਦੀਆਂ 1904 ਅਸਾਮੀਆਂ ਖ਼ਤਮ ਕਰ ਦਿੱਤੀਆਂ ਗਈਆਂ ਹਨ। ਵੱਡੇ ਪੱਧਰ ’ਤੇ ਅਧਿਆਪਕਾਂ, ਕਲਰਕਾਂ ਤੇ ਦਰਜਾ ਚਾਰ ਮੁਲਾਜ਼ਮਾਂ ਦੀਆਂ ਹੋਰ ਹਜ਼ਾਰਾਂ ਅਸਾਮੀਆਂ ਖ਼ਤਮ ਕਰਕੇ ਸਿੱਖਿਆ ਵਿਭਾਗ ਨੂੰ ਖਤਮ ਕਰਨ ਦੇ ਰਾਹ ਤੋਰਿਆਂ ਜਾ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਸਾਲਾਨਾ ਪ੍ਰੀਖਿਆਵਾਂ ਸਮੇਂ ਰੈਸਨੇਲਾਈਜੇਸ਼ਨ ਨੀਤੀ ਲਾਗੂ ਕਰਕੇ ਅਧਿਆਪਕਾਂ ਨੂੰ ਮੀਲਾਂ ਦੂਰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਕਈ ਸਾਲਾਂ ਤੋ ਸਿੱਖਿਆ ਵਿਭਾਗ ਖਲਬਲੀ ਦਾ ਸ਼ਿਕਾਰ ਹੈ। ਅਫ਼ਸਰਸ਼ਾਹੀ ਵੱਲੋਂ ਨਿੱਤ ਨਵੇਂ ਫੁਰਮਾਨ ਜਾਰੀ ਕਰਕੇ ਅਧਿਆਪਕਾਂ ਨੂੰ ਖੱਜਲ-ਖੁਆਰ ਕੀਤਾ ਜਾ ਰਿਹਾ ਹੈ। ਮੌਜੂਦਾ ਸਮੇਂ ਵਿੱਚ ਅਧਿਆਪਕ ਵਰਗ ਡਰ, ਸਹਿਮ ਅਤੇ ਦਹਿਸ਼ਤ ਦੇ ਦੌਰ ’ਚੋਂ ਗੁਜ਼ਰ ਰਿਹਾ ਹੈ। ਅਧਿਆਪਕ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਆਉਣ ਤੋਂ ਬਾਅਦ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂ ਹੇਠ ਤਨਖ਼ਾਹਾਂ ’ਚ ਕਟੌਤੀ ਕਰਕੇ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਜਦੋਂਕਿ ਹਜ਼ਾਰਾਂ ਦੀ ਗਿਣਤੀ ਵਿੱਚ ਕੱਚੇ ਅਧਿਆਪਕ ਨਿਗੂਣੀਆਂ ਤਨਖ਼ਾਹਾਂ ’ਤੇ ਸਾਲਾਂ ਤੋਂ ਕੰਮ ਕਰਦੇ ਆ ਰਹੇ ਹਨ। ਸਰਕਾਰ ਵੱਲੋਂ ਅਧਿਆਪਕ ਵਰਗ ਦੀ ਕਿਤੇ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਜਦੋਂਕਿ ਉੱਚ ਅਧਿਕਾਰੀਆਂ ਵੱਲੋਂ ਸੰਘਰਸ਼ਸ਼ੀਲ ਅਧਿਆਪਕ ਆਗੂਆਂ ਨੂੰ ਮੁਅੱਤਲ, ਬਦਲੀਆਂ ਤੇ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਜ਼ਬਾਨਬੰਦੀ ਲਈ ਮਜਬੂਰ ਕੀਤਾ ਜਾ ਰਿਹਾ ਹੈ। ਜਿਸ ਕਾਰਨ ਅਧਿਆਪਕ ਵਰਗ ਨੂੰ ਇਨਸਾਫ਼ ਪ੍ਰਾਪਤੀ ਲਈ ਫੈਸਲਾਕੁਨ ਸੰਘਰਸ਼ ਵਿੱਢਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…