![](https://www.nabaz-e-punjab.com/wp-content/uploads/2022/05/AAP-Kulwant-Singh-1.jpg)
ਲੋਕਾਂ ਨੂੰ ਦਿੱਤੀਆਂ ਗਰੰਟੀਆਂ ਤੇ ਚੋਣ ਵਾਅਦੇ ਪੜਾਅਵਾਰ ਪੂਰੇ ਕੀਤੇ ਜਾਣਗੇ: ਕੁਲਵੰਤ ਸਿੰਘ
ਇਲਾਕੇ ਦੇ ਸਰਬਪੱਖੀ ਵਿਕਾਸ ਦਾ ਵੇਲਾ ਆਇਆ, ਸਿੱਖਿਆ ਤੇ ਸਿਹਤ ਨੂੰ ਦਿੱਤੀ ਜਾਵੇਗੀ ਤਰਜ਼ੀਹ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਈ:
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਨੇ ਐਲਾਨ ਕੀਤਾ ਹੈ ਕਿ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਸੁਪਰੀਮੋ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਅਤੇ ਚੋਣ ਵਾਅਦੇ ਪੜਾਅਵਾਰ ਪੂਰੇ ਕੀਤੇ ਜਾਣਗੇ। ਉਹ ਇੱਥੋਂ ਦੇ ਸੈਕਟਰ-71 ਵਿੱਚ ਸ੍ਰੀ ਬਾਬਾ ਬਾਲ ਭਾਰਤੀ ਦੇ ਸਾਲਾਨਾ ਧਾਰਮਿਕ ਸਮਾਗਮ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਕੁਲਵੰਤ ਸਿੰਘ ਨੇ ਕਿਹਾ ਕਿ ਉਹ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਵਿੱਚ ਹਾਜ਼ਰੀ ਲਗਾਉਣਾ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹਨ ਅਤੇ ਲੋਕਾਂ ਦੀ ਕਚਹਿਰੀ ਵਿੱਚ ਜਾਣ ਨਾਲ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਨੇੜਿਓਂ ਵਾਚਣ ਦਾ ਮੌਕਾ ਮਿਲਦਾ ਹੈ। ਇਸੇ ਆਧਾਰ ’ਤੇ ਮੁਹਾਲੀ ਹਲਕੇ ਦੀਆਂ ਸਮੱਸਿਆਵਾਂ ਅਤੇ ਲੋੜਾਂ ਬਾਰੇ ਵਿਸ਼ੇਸ਼ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਸਰਬਪੱਖੀ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਦਿੱਲੀ ਦੀ ਤਰਜ਼ ’ਤੇ ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਤਰਜ਼ੀਹ ਦਿੱਤੀ ਜਾਵੇਗੀ। ਮੁਹੱਲਾ ਕਲੀਨਿਕ ਬਾਰੇ ਪੁੱਛੇ ਜਾਣ ’ਤੇ ਵਿਧਾਇਕ ਨੇ ਦੱਸਿਆ ਕਿ ਲੋਕਾਂ ਤੋਂ ਰਾਇ ਲੇ ਕੇ ਲੋੜ ਅਨੁਸਾਰ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। ਇਸ ਮੌਕੇ ਸ੍ਰੀ ਬਾਬਾ ਲਾਲ ਭਾਰਤੀ ਵੈੱਲਫੇਅਰ ਕਮੇਟੀ ਅਤੇ ਬਾਬਾ ਬਾਲ ਭਾਰਤੀ ਮਹਿਲਾ ਮੰਡਲ ਵੱਲੋਂ ਕੁਲਵੰਤ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
![](https://www.nabaz-e-punjab.com/wp-content/uploads/2022/05/AAP-Kulwant-Singh-1-A.jpg)
ਇਸ ਮੌਕੇ ਸੰਸਥਾ ਦੇ ਪ੍ਰਧਾਨ ਮੇਵਾ ਸਿੰਘ, ਸੀਨੀਅਰ ਮੀਤ ਪ੍ਰਧਾਨ, ਤਰਲੋਚਨ ਸਿੰਘ, ਸ਼ਮਸ਼ੇਰ ਸਿੰਘ ਬੈਦਵਾਨ, ਕੁਲਦੀਪ ਸਿੰਘ ਸਮਾਣਾ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ ਬੈਦਵਾਨ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਸਤਵਿੰਦਰ ਸਿੰਘ, ਅਕਵਿੰਦਰ ਸਿੰਘ ਗੋਸਲ, ਬਾਲ ਕ੍ਰਿਸ਼ਨ, ਹਰਮਿੰਦਰ ਸਿੰਘ, ਜਸਪਾਲ ਸਿੰਘ ਮਟੌਰ, ਸੁਰਿੰਦਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।