
ਪੰਜਾਬ ਦੇ ਹੱਕਾਂ ਦਾ ਪਹਿਰੇਦਾਰ ਤੇ ਵਾਤਾਵਰਨ ਪ੍ਰੇਮੀ ਪ੍ਰੀਤਮ ਸਿੰਘ ਕੁੰਮੇਦਾਨ ਨਹੀਂ ਰਹੇ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਗਸਤ:
ਉੱਘੇ ਵਾਤਾਵਰਨ ਪ੍ਰੇਮੀ ਅਤੇ ਸਾਬਕਾ ਪੀਸੀਐਸ ਅਫ਼ਸਰ ਪ੍ਰੀਤਮ ਸਿੰਘ ਕੁੰਮੇਦਾਨ (100) ਨਹੀਂ ਰਹੇ। ਬੀਤੇ ਦਿਨੀਂ ਸ਼ਾਮ ਨੂੰ ਅਚਾਨਕ ਉਨ੍ਹਾਂ ਦੀ ਤਬੀਅਤ ਵਿਗੜ ਗਈ ਸੀ ਅਤੇ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਵੀਰਵਾਰ ਦੇਰ ਸ਼ਾਮ ਪੰਜਾਬ ਦੇ ਇਸ ਮਹਾਨ ਸਪੂਤ ਨੇ ਹਸਪਤਾਲ ਵਿੱਚ ਆਖ਼ਰੀ ਸਾਹ ਲਿਆ। ਇੱਥੇ ਇਹ ਦੱਸਣਯੋਗ ਹੈ ਕਿ ਪ੍ਰੀਤਮ ਸਿੰਘ ਕੁੰਮੇਦਾਨ ਪੰਜਾਬ ਦੇ ਦਰਿਆਈ ਪਾਣੀਆਂ, ਇਲਾਕਿਆਂ ਅਤੇ ਹਰ ਖੋਹੇ ਗਏ ਹੱਕਾਂ ਲਈ ਉਮਰ ਭਰ ਪਹਿਰੇਦਾਰੀ ਕਰਦੇ ਰਹੇ ਹਨ। ਇਸ ਬਿਰਧ ਅਵਸਥਾ ਵਿੱਚ ਵੀ ਉਹ ਆਪਣੇ ਮਿਸ਼ਨ ਤੋਂ ਕਦੇ ਪਿੱਛੇ ਨਹੀਂ ਰਹੇ। ਉਨ੍ਹਾਂ ਨੇ ਸਰਕਾਰੀ ਸਰਵਿਸ ਦੌਰਾਨ ਅਤੇ ਸੇਵਾਮੁਕਤੀ ਤੋਂ ਬਾਅਦ ਵੀ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਜਾਗਰੂਕਤਾ ਦਾ ਹੋਕਾ ਜਾਰੀ ਰੱਖਿਆ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਪੰਜਾਬ ਅਤੇ ਆਪਣੇ ਅਧਿਕਾਰਾਂ ਅਤੇ ਹੱਕਾਂ ਲਈ ਘੋਲ ਕਰਨ ਦੀ ਗੂੜਤੀ ਦਿੱਤੀ ਗਈ।
ਇਸੇ ਦੌਰਾਨ ਆਪ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਕੌਰ ਲਾਂਡਰਾਂ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ, ਭਗਤ ਪੂਰਨ ਸਿੰਘ ਵਾਤਾਵਰਨ ਸੁਸਾਇਟੀ ਦੇ ਪ੍ਰਧਾਨ ਗੁਰਮੇਲ ਸਿੰਘ ਮੌਜੇਵਾਲ, ਪੰਜਾਬੀ ਵਿਰਸਾ ਤੇ ਸਭਿਆਚਾਰ ਸੁਸਾਇਟੀ ਦੇ ਪ੍ਰਧਾਨ ਸਤਵੀਰ ਸਿੰਘ ਧਨੋਆ, ਨਰਿੰਦਰ ਸਿੰਘ ਕੰਗ, ਦਵਿੰਦਰ ਸਿੰਘ ਬਾਜਵਾ, ਸਾਬਕਾ ਕੌਂਸਲਰ ਫੂਲਰਾਜ ਸਿੰਘ ਅਤੇ ਹੋਰਨਾਂ ਆਗੂਆਂ ਨੇ ਪ੍ਰੀਤਮ ਸਿੰਘ ਕੁੰਮੇਦਾਨ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਵਾਤਾਵਰਨ ਪ੍ਰੇਮੀ ਅਤੇ ਪੰਜਾਬ ਦੇ ਹੱਕਾਂ ਦੇ ਪਹਿਰੇਦਾਰ ਕੁੰਮੇਦਾਨ ਦੀ ਮੌਤ ਨਾਲ ਸੂਬੇ ਨੂੰ ਇੱਕ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।