Nabaz-e-punjab.com

‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰਾਜੈਕਟ ਦੀ ਨਵੇਂ ਸੈਸ਼ਨ ਦੀ ਵਿਉਂਤਬੰਦੀ ਸਬੰਧੀ ਅਧਿਆਪਕਾਂ ਨੂੰ ਦਿਸ਼ਾ ਨਿਰਦੇਸ਼

ਅਧਿਆਪਕਾਂ ਦਾ ਸਕੂਲਾਂ ਵਿੱਚ ‘ਈਚ ਵਨ, ਬਰਿੰਗ ਵਨ’ ਦਾਖ਼ਲਾ ਮੁਹਿੰਮ ਲਈ ਪੱਬਾਂ ਭਾਰ ਹੋਣਾ ਚੰਗੀ ਸ਼ੁਰੂਆਤ: ਕ੍ਰਿਸ਼ਨ ਕੁਮਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮਾਰਚ:
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਦੇਣ ਲਈ ਸਿੱਖਿਆ ਵਿਭਾਗ ਪੰਜਾਬ ਵੱਲੋਂ ਚਲਾਏ ਜਾ ਰਹੇ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਪ੍ਰਾਜੈਕਟ ਸਬੰਧੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸੋਮਵਾਰ ਨੂੰ ਡੀਜੀਐਸਈ ਦਫ਼ਤਰ ਵਿੱਚ ਅਧਿਆਪਕਾਂ ਦੀ ਹੰਗਾਮੀ ਮੀਟਿੰਗ ਹੋਈ। ਜਿਸ ਵਿੱਚ ਸੈਸ਼ਨ 2019-20 ਦੌਰਾਨ ਸਕੂਲਾਂ ਵਿੱਚ ਕਰਵਾਈਆਂ ਜਾਣ ਵਾਲੀਆਂ ਸਿੱਖਣ-ਸਿਖਾਉਣ ਵਿਧੀਆਂ, ਵਰਤੀ ਜਾਣ ਵਾਲੀ ਸਮੱਗਰੀ ਅਤੇ ਅਧਿਆਪਕ ਸਿਖਲਾਈ ਪ੍ਰੋਗਰਾਮਾਂ ਸਬੰਧੀ ਰੂਪ-ਰੇਖਾ ਤਿਆਰ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ।
ਇਸ ਮੌਕੇ ਸਿੱਖਿਆ ਸਕੱਤਰ ਨੇ ਅਧਿਆਪਕਾਂ ਅਤੇ ਪੜ੍ਹੋ ਪੰਜਾਬ ਟੀਮ ਦੇ ਮੈਂਬਰਾਂ ਨੂੰ ਕਿਹਾ ਕਿ ਪਿਛਲੇ ਸਾਲ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰਾਜੈਕਟ ਦੇ ਵਧੀਆ ਨਤੀਜੇ ਆਏ ਹਨ। ਵਿਦਿਆਰਥੀਆਂ ਦੇ ਘੱਟੋ-ਘੱਟ ਸਿੱਖਣ ਪੱਧਰ ’ਤੇ ਕੰਮ ਕਰਕੇ ਹੁਣ ਸਕੂਲੀ ਬੱਚਿਆਂ ਦੀ ਸਹੂਲਤ ਲਈ ਪਾਠਕ੍ਰਮ ਹੋਰ ਸਮਝਣ ਯੋਗ ਬਣਾ ਦਿੱਤਾ ਗਿਆ ਹੈ। ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਕੂਲ ਵਿੱਚ ਆਉਣਾ ਚੰਗਾ ਲੱਗਣ ਕਾਰਨ ਉਨ੍ਹਾਂ ਵਿੱਚ ਸਕੂਲ ਆਉਣ ਦੀ ਭਾਵਨਾ ਵਧੀ ਹੈ। ਬੱਚਿਆਂ ਲਈ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਪ੍ਰਾਜੈਕਟ ਤਹਿਤ ਕਰਵਾਈ ਜਾ ਰਹੀਆਂ ਸਰਵਪੱਖੀ ਵਿਕਾਸ ਦੀਆਂ ਕਿਰਿਆਵਾਂ ਤੋਂ ਮਾਪੇ ਵੀ ਖ਼ੁਸ਼ ਹਨ। ਹੁਣ ਇਨ੍ਹਾਂ ਬਾਰੇ ਸਮੂਹ ਅਧਿਆਪਕ ਮਾਪਿਆਂ ਨੂੰ ਜਾਣਕਾਰੀ ਵੀ ਦੇਣ ਤਾਂ ਇਸ ਸਾਲ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਦੇ ਦਰ ਵਿੱਚ ਵਾਧਾ ਹੋਵੇਗਾ।
ਸ੍ਰੀ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰਾਜੈਕਟ ਤਹਿਤ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਮਾਪਿਆਂ ਨਾਲ ਸਾਂਝਾ ਕਰਨ ਲਈ ਅਧਿਆਪਕ ਸਕੂਲ ਸਮੇਂ ਤੋਂ ਬਾਅਦ ਵੀ ਪਿੰਡਾਂ ਤੇ ਸ਼ਹਿਰਾਂ ਵਿੱਚ ਸਮਾਂ ਲਗਾ ਰਹੇ ਹਨ। ਇਸ ਦੇ ਨਾਲ ਹੀ ਵੱਖ-ਵੱਖ ਮੀਡੀਆ ਸਾਧਨਾਂ ਰਾਹੀਂ ਵੀ ਸਰਕਾਰੀ ਸਕੂਲਾਂ ਦੇ ਗੁਣਾਤਮਿਕ ਅਤੇ ਗਿਣਾਤਮਿਕ ਵਿਕਾਸ ਦੀ ਗੱਲ ਵੀ ਆਮ ਲੋਕਾਂ ਵਿੱਚ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਦਾਖ਼ਲਿਆਂ ਦਾ ਸਮਾਂ ਹੈ। ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਲਈ ਅਧਿਆਪਕਾਂ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ ਹੈ। ਇਸ ਸਮੇਂ ਇੱਕ ਮਿਸ਼ਨ ਦੇ ਤੌਰ ’ਤੇ ਕੰਮ ਕਰਦਿਆਂ ਸਮੂਹ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਟੀਮ ਅਤੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਉਤਸ਼ਾਹੀ ਅਧਿਆਪਕਾਂ ਨੂੰ ਪਿੰਡ-ਪਿੰਡ, ਸ਼ਹਿਰ-ਸ਼ਹਿਰ ਜਾ ਕੇ ਮਾਪਿਆਂ ਨਾਲ ਰਾਬਤਾ ਕਾਇਮ ਕਰਦਿਆਂ ਦਾਖ਼ਲਾ ਵਧਾਉਣ ਦੀ ਗੱਲ ਕਰਨੀ ਚਾਹੀਦੀ ਹੈ।
ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਜਾਗਰੂਕ ਕਰਨ ਲਈ ਅਧਿਆਪਕ ਮਾਪਿਆਂ ਤੱਕ ਪਹੁੰਚ ਕਰ ਰਹੇ ਹਨ। ‘ਈਚ ਵਨ, ਬਰਿੰਗ ਵਨ’ ਦੀ ਅਵਾਜ਼ ਨੂੰ ਬੁਲੰਦ ਕਰਦਿਆਂ ਹਰੇਕ ਸਰਕਾਰੀ ਅਧਿਆਪਕ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਦਾਖ਼ਲਾ ਕਰਵਾਉਣ ਲਈ ਪ੍ਰੇਰਿਤ ਕਰਦਾ ਨਜ਼ਰ ਆ ਰਿਹਾ ਹੈ। ਇਸ ਮੌਕੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਲੈਕਚਰਾਰਾਂ, ਵੱਖ-ਵੱਖ ਵਿਸ਼ਿਆਂ ਦੇ ਮਾਸਟਰਾਂ, ਸੈਂਟਰ ਹੈੱਡ ਟੀਚਰਾਂ, ਹੈੱਡ ਟੀਚਰਾਂ ਅਤੇ ਈਟੀਟੀ ਅਧਿਆਪਕਾਂ ਨੇ ਆਪਣੀ ਫੀਡਬੈਂਕ ਵੀ ਮੁੱਖ ਦਫ਼ਤਰ ਨਾਲ ਸਾਂਝੀ ਕੀਤੀ।

Load More Related Articles
Load More By Nabaz-e-Punjab
Load More In General News

Check Also

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ ਚੰਨੀ ਸਰਕਾਰ ਸਮੇਂ ਮੁ…