
ਮਹਾਰਾਸ਼ਟਰ ਦੀਆਂ ਗੁਰਦੁਆਰਾ ਕਮੇਟੀਆਂ ਤੇ ਕਿਸਾਨ ਜਥੇਬੰਦੀਆਂ ਨੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਭੇਜਿਆ
ਮਲਕੀਤ ਬੱਲ ਦੀ ਅਗਵਾਈ ਹੇਠ ਨਾਗਪੁਰ ਦੀ ਸੰਗਤ ਨੇ ਮੋਰਚੇ ਦੀ ਹਮਾਇਤ ਕਰਨ ’ਤੇ ਸਿਰਸਾ ਨੇ ਕੀਤਾ ਧੰਨਵਾਦ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਪਰੈਲ:
ਪੰਜਾਬ ਦੇ ਸਕੂਲਾਂ ਵਿੱਚ ਇਤਿਹਾਸ ਦੀ ਵਿਵਾਦਿਤ ਕਿਤਾਬ ਪੜਾਉਣ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ (ਸਿਰਸਾ) ਦੇ ਪ੍ਰਧਾਨ ਅਤੇ ਸਿੱਖ ਆਗੂ ਜਥੇਦਾਰ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਹਰ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਸੋਮਵਾਰ ਨੂੰ 56ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਵਿਦਿਆਰਥੀਆਂ ਦੇ ਹਿੱਤ ਵਿੱਚ ਸ਼ੁਰੂ ਕੀਤੇ ਗਏ ਸੰਘਰਸ਼ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਮਲਕੀਤ ਸਿੰਘ ਬੱਲ ਦੀ ਅਗਵਾਈ ਹੇਠ ਮਹਾਰਾਸ਼ਟਰ ਦੀਆਂ 14 ਤੋਂ ਵੱਧ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਧਾਰਮਿਕ ਅਤੇ ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਦੀ ਹਮਾਇਤ ਕਰਦਿਆਂ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਜ਼ਿਲ੍ਹਾ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ।
ਉਧਰ, ਸਿੱਖ ਨੌਜਵਾਨਾਂ ਨੇ ਅੱਜ ਸਵੇਰੇ ਸਕੂਲ ਬੋਰਡ ਦੇ ਮੁੱਖ ਦਫ਼ਤਰ ਦੇ ਗੇਟ ਬੰਦ ਕਰਕੇ ਰੋਸ ਵਿਖਾਵਾ ਕੀਤਾ। ਸੂਚਨਾ ਮਿਲਦੇ ਹੀ ਪੁਲੀਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਸਮੇਂ ਦੀ ਨਜ਼ਾਕਤ ਨੂੰ ਦੇਖਦੇ ਹੋਏ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ 2 ਦਿਨਾਂ ਵਿੱਚ ਕਸੂਰਵਾਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮਗਰੋਂ ਬੋਰਡ ਦੇ ਗੇਟ ਖੋਲ੍ਹ ਦਿੱਤੇ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਸ ਦੌਰਾਨ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਸਮੂਹ ਜਥੇਬੰਦੀਆਂ ਨੇ ਮੰਗ ਕੀਤੀ ਕਿ ਸਿੱਖਿਆ ਬੋਰਡ ਵੱਲੋਂ ਸਕੂਲਾਂ ਵਿੱਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਵਿੱਚ ਸਿੱਖ ਗੁਰੂਆਂ ਅਤੇ ਕੌਮ ਦੇ ਮਹਾਨ ਜਰਨੈਲਾਂ ਬਾਰੇ ਮੰਦੀ ਸ਼ਬਦਾਵਲੀ ਵਰਤਣ ਨਾਲ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਹਿਰਦਿਆਂ ਨੂੰ ਡੂੰਘੀ ਠੇਸ ਪਹੁੰਚੀ ਹੈ। ਇਹ ਕਿਤਾਬਾਂ, ਲਿਖਣ, ਛਾਪਣ ਅਤੇ ਮਨਜ਼ੂਰੀ ਦੇਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਤੇ ਵਿਭਾਗੀ ਕਾਰਵਾਈ ਕੀਤੀ ਜਾਵੇ ਅਤੇ ਸਬੰਧਤ ਪਾਬੰਦੀਸ਼ੂਦਾ ਕਿਤਾਬਾਂ ਨੂੰ ਜ਼ਬਤ ਕੀਤਾ ਜਾਵੇ।
ਜਥੇਦਾਰ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਮਲਕੀਤ ਸਿੰਘ ਬੱਲ ਦੀ ਅਗਵਾਈ ਨਾਗਪੁਰ ਦੀਆਂ ਗੁਰਦੁਆਰਾ ਕਮੇਟੀਆਂ, ਧਾਰਮਿਕ ਅਤੇ ਕਿਸਾਨ ਜਥੇਬੰਦੀਆਂ ਨੇ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਭੇਜੇ ਮੰਗ ਪੱਤਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਗੁਰ ਇਤਿਹਾਸ ਬਚਾਉਣ ਲਈ ਗੁਰੂ ਨਾਨਕ ਨਾਮ ਲੇਵਾ ਸੰਗਤ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਕਮਰਕੱਸੇ ਕਰ ਲਏ ਹਨ। ਉਨ੍ਹਾਂ ਨੇ ਨਾਗਪੁਰ ਦੀਆਂ ਸਮੂਹ ਗੁਰਦੁਆਰਾ ਕਮੇਟੀਆਂ, ਧਾਰਮਿਕ ਅਤੇ ਕਿਸਾਨ ਜਥੇਬੰਦੀਆਂ ਦਾ ਧੰਨਵਾਦ ਕੀਤਾ।
ਇਸ ਮੌਕੇ ਮਹਿਤਾਬ ਸਿੰਘ ਸਿਰਸਾ, ਜਥੇਦਾਰ ਕੁਲਦੀਪ ਸਿੰਘ ਸਵਾੜਾ, ਗੁਰਜਿੰਦਰ ਸਿੰਘ ਗੱਗੀ, ਭੁਪਿੰਦਰ ਸਿੰਘ, ਗੁਰਨਾਮ ਸਿੰਘ ਸਿੱਧੂ, ਗੁਰਨਾਮ ਸਿੰਘ ਡਾਚਰ, ਬਾਪੂ ਲਾਭ ਸਿੰਘ, ਪਰਮਜੀਤ ਸਿੰਘ ਝਾਰਖੰਡ, ਰਜਿੰਦਰ ਸਿੰਘ, ਸੁਖਦੇਵ ਸਿੰਘ, ਸੁਰਜੀਤ ਸਿੰਘ ਅਤੇ ਬਲਦੇਵ ਸਿੰਘ ਸੀਚੇਵਾਲ ਆਦਿ ਨੇ ਹਾਜ਼ਰੀ ਭਰੀ। ਸੋਹਾਣਾ ਦੀ ਸੰਗਤ ਨੇ ਧਰਨਾਕਾਰੀਆਂ ਲਈ ਲੰਗਰ ਦੀ ਸੇਵਾ ਕੀਤੀ।