
ਗੁਰਦੁਆਰਾ ਤਾਲਮੇਲ ਕਮੇਟੀ ਵੱਲੋਂ ਗਣਤੰਤਰ ਦਿਵਸ ਮੌਕੇ ਇਨਸਾਫ਼ ਮਾਰਚ ਨੂੰ ਸਹਿਯੋਗ ਦੇਣ ਦਾ ਭਰੋਸਾ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ’ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜਨਵਰੀ:
ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀ ਕੋਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਿੰਘ ਸਭਾ ਫੇਜ਼-1 ਵਿੱਚ ਹੋਈ। ਜਿਸ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚੇ ਪੰਥ ਖਾਸ ਕਰਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਪਾਏ ਜਾ ਰਹੇ ਯੋਗਦਾਨ ’ਤੇ ਵਿਚਾਰਾਂ ਕੀਤੀਆਂ ਗਈਆਂ ਅਤੇ ਪੱਕੇ ਮੋਰਚੇ ਨੂੰ ਪੂਰਨ ਸਹਿਯੋਗ ਦਾ ਫ਼ੈਸਲਾ ਲਿਆ। ਨਾਲ ਹੀ ਪਿਛਲੇ ਦਿਨੀਂ ਮੁਹਾਲੀ-ਚੰਡੀਗੜ੍ਹ ਦੀ ਹੱਦ ’ਤੇ ਚੱਲ ਰਹੇ ਧਰਨੇ ਵਿੱਚ ਸਮਰਥਨ ਦੇਣ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ’ਤੇ ਹੋਏ ਹਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਪੂਰੇ ਘਟਨਾਕ੍ਰਮ ਦੀ ਸਖ਼ਤ ਨਿਖੇਧੀ ਕੀਤੀ।
ਆਗੂਆਂ ਨੇ ਕਿਹਾ ਕਿ ਕੁੱਝ ਪੰਥ ਵਿਰੋਧੀ ਅਨਸਰ ਪੱਕੇ ਮੋਰਚੇ ਨੂੰ ਮਿਲ ਰਹੀ ਮਦਦ ਅਤੇ ਸਹਿਯੋਗ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪ੍ਰਬੰਧਕਾਂ ਨੂੰ ਇਸ ਸਬੰਧੀ ਸਾਵਧਾਨ ਦੀ ਰਹਿਣ ਦੀ ਸਖ਼ਤ ਲੋੜ ਹੈ।
ਤਾਲਮੇਲ ਕਮੇਟੀ ਦੇ ਪ੍ਰੈਸ ਸਕੱਤਰ ਮਨਜੀਤ ਸਿੰਘ ਭੱਲਾ ਨੇ ਦੱਸਿਆ ਕਿ ਕੌਮੀ ਮੋਰਚਾ ਦੇ ਪ੍ਰਮੁੱਖ ਆਗੂ ਬਾਪੂ ਗੁਰਚਰਨ ਸਿੰਘ ਅਤੇ ਬਲਵਿੰਦਰ ਸਿੰਘ ਆਪਣੇ ਸਾਥੀਆਂ ਨਾਲ ਮੀਟਿੰਗ ਵਿੱਚ ਸ਼ਾਮਲ ਹੋਏ। ਆਗੂਆਂ ਨੇ ਕਿਹਾ ਕਿ ਦਹਾਕੇ ਤੋਂ ਵੱਧ ਸਮਾਂ ਗੁਜ਼ਰਨ ਦੇ ਬਾਵਜੂਦ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ ਦੇ ਵਿਰੋਧ ਵਿੱਚ 26 ਜਨਵਰੀ ਨੂੰ ਇਨਸਾਫ਼ ਮਾਰਚ ਕੱਢਿਆ ਜਾ ਰਿਹਾ ਹੈ, ਜਿਸ ਵਿੱਚ ਤਾਲਮੇਲ ਕਮੇਟੀ ਦੇ ਸਹਿਯੋਗ ਦੀ ਬੇਹੱਦ ਲੋੜ ਹੈ। ਕਮੇਟੀ ਦੇ ਚੇਅਰਮੈਨ ਪ੍ਰੀਤਮ ਸਿੰਘ ਅਤੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਨੇ ਕੌਮੀ ਮੋਰਚੇ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਇਹ ਮਾਮਲਾ ਸਿੱਖ ਭਾਈਚਾਰੇ ਨਾਲ ਜੁੜਿਆ ਹੈ ਜੋ ਹਮੇਸ਼ਾ ਹੀ ਦੇਸ਼ ਪ੍ਰਤੀ ਵਫ਼ਾਦਾਰ ਲੋੜਵੰਦਾਂ ਦੇ ਮਦਦਗਾਰ ਰਹੇ ਹਨ।
ਜੋਗਿੰਦਰ ਸਿੰਘ ਸੋਂਧੀ ਅਤੇ ਪ੍ਰੀਤਮ ਸਿੰਘ ਨੇ ਕਿਹਾ ਕਿ ਸਜਾਵਾਂ ਕੱਟ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਨਾ ਕਰਨਾ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ। ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮਾਨ ਅਤੇ ਕਰਮ ਸਿੰਘ ਬਬਰਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇੱਕ ਪਲੇਟ ਫਾਰਮ ’ਤੇ ਇਕੱਠੇ ਹੋ ਕੇ ਬੰਦੀ ਸਿੰਘਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਮੀਟਿੰਗ ਵਿੱਚ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਗਲਤ ਤਰੀਕੇ ਨਾਲ ਜੇਲ੍ਹਾਂ ਵਿੱਚ ਬੰਦ ਕਰਕੇ ਰੱਖੇ ਹੋਏ ਕੈਦੀ ਰਿਹਾਅ ਕੀਤੇ ਜਾਣ।
ਇਸ ਮੌਕੇ ਪਰਮਜੀਤ ਸਿੰਘ ਗਿੱਲ ਸਾਬਕਾ ਪ੍ਰਧਾਨ ਗੁਰਦੁਆਰਾ ਸਾਚਾ ਧਨ ਸਾਹਿਬ, ਗੁਰਦੀਪ ਸਿੰਘ ਬਠਿੰਡਾ, ਜਗਮੋਹਨ ਸਿੰਘ ਕੰਗ, ਬਲਵਿੰਦਰ ਸਿੰਘ, ਹਰਵਿੰਦਰ ਸਿੰਘ, ਜਸਪਾਲ ਸਿੰਘ, ਅਮਰਜੀਤ ਸਿੰਘ ਪਾਹਵਾ, ਦਿਆਲ ਸਿੰਘ, ਰਣਜੀਤ ਸਿੰਘ ਗਿੱਲ, ਭੁਪਿੰਦਰ ਸਿੰਘ, ਪ੍ਰਦੁਮਣ ਸਿੰਘ ਅਤੇ ਜਸਵੀਰ ਸਿੰਘ ਵੀ ਮੌਜੂਦ ਸਨ।