ਗੁਰਦੁਆਰਾ ਤਾਲਮੇਲ ਕਮੇਟੀ ਨੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਦੀ ਇਜਾਜ਼ਤ ਮੰਗੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਈ:
ਗੁਰਦੁਆਰਾ ਤਾਲਮੇਲ ਕਮੇਟੀ ਐਸ.ਏ.ਐਸ. ਨਗਰ (ਮੁਹਾਲੀ) ਦੀ ਕੋਰ ਕਮੇਟੀ ਦੀ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸ਼ਹੀਦਾਂ ਦੇ ਸਿਰਤਾਜ਼ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਿੱਖਾਂ ਨੂੰ ਸ਼ਹੀਦੀ ਪੁਰਬ ਮਨਾਉਣ ਦੀ ਇਜਾਜ਼ਤ ਦਿੱਤੀ ਜਾਵੇ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਅਤੇ ਦਸ਼ਮੇਸ਼ ਵੈਲਫੇਅਰ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ ਨੇ ਕਿਹਾ ਕਿ ਲਾਕਡਾਊਨ ਹੋਣ ਕਰਕੇ ਗੁਰਦੁਆਰਿਆਂ ਵਿੱਚ ਸੰਗਤ ਦੀ ਆਮਦ ਬਹੁਤ ਜ਼ਿਆਦਾ ਘੱਟ ਗਈ ਸੀ ਅਤੇ ਹੁਣ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕਰਫਿਊ ਦੀ ਮਿਆਦ ਘਟਾਉਣ ਅਤੇ ਲਾਕਡਾਊਨ ਦੀਆਂ ਸ਼ਰਤਾਂ ਨਰਮ ਹੋਣ ਕਰਕੇ ਗੁਰੂ ਘਰਾਂ ਵਿੱਚ ਸੰਗਤ ਦੀ ਆਮਦ ਹੋਣੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ਾਮ ਤੱਕ ਮਾਰਕੀਟਾਂ ਵਿੱਚ ਦੁਕਾਨਾਂ ਖੋਲ੍ਹਣ ਦਾ ਸਮਾਂ ਦਿੱਤਾ ਗਿਆ ਹੈ ਅਤੇ ਕਈ ਹੋਰ ਸਹੂਲਤਾਂ ਦਿੱਤੀਆਂ ਗਈਆਂ ਹਨ।
ਸ੍ਰੀ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਖਾਲਸਾ ਸਥਾਪਨਾ ਦਿਵਸ ਮੌਕੇ ਨਾ ਤਾਂ ਨਗਰ ਕੀਰਤਨ ਕੱਢਿਆ ਜਾ ਸਕਿਆ ਹੈ ਅਤੇ ਨਾ ਹੀ ਲਾਕਡਾਊਨ ਕਾਰਨ ਧੂਮਧਾਮ ਨਾਲ ਗੁਰਪੁਰਬ ਮਨਾਇਆ ਗਿਆ ਪਰ ਹੁਣ ਜਦੋਂ ਹਾਲਾਤ ਕੁਝ ਠੀਕ ਹੋ ਗਏ ਹਨ ਤਾਂ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮਨਾਉਣ ਅਤੇ ਨਗਰ ਕੀਰਤਨ ਕੱਢਣ ਦੀ ਮਨਜ਼ੂਰੀ ਦਿੱਤੀ ਜਾਵੇ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਭਰੋਸਾ ਦਿੱਤਾ ਕਿ ਤਾਲਮੇਲ ਕਮੇਟੀ ਵੱਲੋਂ ਸ਼ਹੀਦੀ ਗੁਰਪੁਰਬ ਮਨਾਉਣ ਵੇਲੇ ਸਮਾਜਿਕ ਦੂਰੀ ਦਾ ਪੂਰਾ ਖਿਆਲ ਰੱਖਿਆ ਜਾਵੇਗਾ ਅਤੇ ਸਰਕਾਰ ਨੂੰ ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਮੀਟਿੰਗ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਜਨਰਲ ਪਰਮਜੀਤ ਸਿੰਘ ਗਿੱਲ, ਜਨਰਲ ਸਕੱਤਰ ਬਲਵਿੰਦਰ ਸਿੰਘ ਟੌਹੜਾ, ਸੀਨੀਅਰ ਮੀਤ ਪ੍ਰਧਾਨ ਅਤੇ ਰਾਮਗੜ੍ਹੀਆ ਭਵਨ ਫੇਜ਼-3ਬੀ1 ਦੇ ਜਨਰਲ ਸਕੱਤਰ ਕਰਮ ਸਿੰਘ ਬੱਬਰਾ, ਗੁਰਦੁਆਰਾ ਸਿੰਘ ਸਭਾ ਫੇਜ਼-1 ਦੇ ਪ੍ਰਧਾਨ ਪ੍ਰੀਤਮ ਸਿੰਘ, ਪ੍ਰੈੱਸ ਸਕੱਤਰ ਮਨਜੀਤ ਸਿੰਘ ਭੱਲਾ ਅਤੇ ਗੁਰਦੁਆਰਾ ਸਾਹਿਬ ਫੇਜ਼-4 ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਪਾਹਵਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਹਰਜੋਤ ਬੈਂਸ ਦਾ ਪੁਤਲਾ ਸਾੜਿਆ, ਨਾਅਰੇਬਾਜ਼ੀ

ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਹਰਜੋਤ ਬੈਂਸ ਦਾ ਪੁਤਲਾ ਸਾੜਿਆ, ਨਾਅਰੇਬਾਜ਼ੀ 8 ਮਾਰਚ ਨੂੰ ਸਿੱਖਿਆ ਮੰਤਰ…