ਗੁਰਦੁਆਰਾ ਕਲਗੀਧਰ ਸਾਹਿਬ ਵਿਵਾਦ ਮੁੜ ਭਖਿਆ, ਗੁਰੂਘਰ ਦੇ ਬਾਹਰ ਪੁਲੀਸ ਤਾਇਨਾਤ

ਪ੍ਰਧਾਨ ਵੱਲੋਂ ਐਸਜੀਪੀਸੀ ਦੀ ਵਿਸ਼ੇਸ਼ ਕਮੇਟੀ ਖ਼ਿਲਾਫ਼ ਅਦਾਲਤੀ ਹੁਕਮਾਂ ਦੀ ਉਲੰਘਣਾ ਦਾ ਕੇਸ ਦਾਇਰ

ਗੁਰਦੁਆਰੇ ਦਾ ਪ੍ਰਧਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਮੰਨਣ ਤੋਂ ਇਨਕਾਰੀ: ਬੀਬੀ ਲਾਂਡਰਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੁਲਾਈ:
ਇੱਥੋਂ ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਦਾ ਵਿਵਾਦ ਲਗਾਤਾਰ ਭਖਦਾ ਜਾ ਰਿਹਾ ਹੈ। ਅੱਜ ਮੌਕੇ ਦੀ ਨਜ਼ਾਕਤ ਨੂੰ ਦੇਖਦੇ ਹੋਏ ਮੁਹਾਲੀ ਪ੍ਰਸ਼ਾਸਨ ਨੇ ਗੁਰਦੁਆਰੇ ਦੇ ਬਾਹਰ ਪੁਲੀਸ ਤਾਇਨਾਤ ਕਰ ਦਿੱਤੀ ਅਤੇ ਗੁਰਦੁਆਰਾ ਵਿਵਾਦ ਸਬੰਧੀ ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਢਿੱਲੋਂ ਨੂੰ ਡਿਊਟੀ ਮੈਜਿਸਟਰੇਟ ਨਿਯੁਕਤ ਕੀਤਾ ਗਿਆ। ਗੁਰਦੁਆਰਾ ਸਾਹਿਬ ਦਾ ਪ੍ਰਬੰਧ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਨੂੰ ਦੇਣ ਸਬੰਧੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੇ ਹੁਕਮਾਂ ’ਤੇ ਗਠਿਤ ਸ਼੍ਰੋਮਣੀ ਕਮੇਟੀ ਦੀ ਵਿਸ਼ੇਸ਼ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿੱਚ ਐਸਜੀਪੀਸੀ ਦੇ ਸੀਨੀਅਰ ਮੈਂਬਰ ਜਸਮੇਰ ਸਿੰਘ ਲਾਛੜੂ, ਜਰਨੈਲ ਸਿੰਘ ਕਰਤਾਰਪੁਰ, ਬੀਬੀ ਪਰਮਜੀਤ ਕੌਰ ਲਾਂਡਰਾਂ ਅਤੇ ਐਸਜੀਪੀਸੀ ਦੇ ਵਧੀਕ ਸਕੱਤਰ ਸੁਖਵਿੰਦਰ ਸਿੰਘ ਸ਼ਾਮਲ ਹੋਏ। ਮੀਟਿੰਗ ਵਿੱਚ ਮੈਨੇਜਰ ਰਜਿੰਦਰ ਸਿੰਘ ਟੌਹੜਾ ਵੀ ਹਾਜ਼ਰ ਸੀ।
ਇੱਕ ਪਾਸੇ ਜਿੱਥੇ ਇਹ ਕਮੇਟੀ ਗੁਰਦੁਆਰੇ ਦਾ ਪ੍ਰਬੰਧ ਸੰਭਾਲਣ ਦੀ ਰੂਪਰੇਖਾ ਤਿਆਰ ਕਰ ਰਹੀ ਤਾਂ ਦੂਜੇ ਪਾਸੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਮੁੜ ਅਦਾਲਤ ਦੀ ਸ਼ਰਨ ਵਿੱਚ ਚਲੇ ਗਏ। ਉਨ੍ਹਾਂ ਆਪਣੇ ਵਕੀਲਾਂ ਲਵਲੀ ਨੰਦਾ ਅਤੇ ਗਗਨ ਥਿੰਦ ਰਾਹੀਂ ਅਦਾਲਤੀ ਹੁਕਮਾਂ ਦੀ ਉਲੰਘਣਾ ਦੇ ਦੋਸ਼ ਵਿੱਚ ਪਟੀਸ਼ਨ ਦਾਇਰ ਕਰਕੇ ਇਨਸਾਫ਼ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਐਸਜੀਪੀਸੀ ਧੱਕੇ ਨਾਲ ਗੁਰਦੁਆਰੇ ਦਾ ਕਬਜ਼ਾ ਲੈਣਾ ਚਾਹੁੰਦੀ ਹੈ ਜਦੋਂਕਿ ਉਸ ਨੂੰ ਸੰਗਤ ਨੇ ਵੋਟਾਂ ਰਾਹੀਂ ਪ੍ਰਧਾਨ ਚੁਣਿਆ ਹੈ।
ਭਾਈ ਜੇਪੀ ਸਿੰਘ ਨੇ ਦੱਸਿਆ ਕਿ ਬੀਤੀ 7 ਜੁਲਾਈ ਨੂੰ ਮੁਹਾਲੀ ਅਦਾਲਤ ਨੇ ਉਨ੍ਹਾਂ ਦੀ ਅਰਜ਼ੀ ’ਤੇ ਸੁਣਵਾਈ ਕਰਦਿਆਂ ਕਾਂਗਰਸੀ ਆਗੂ ਜਸਪਾਲ ਸਿੰਘ ਅਤੇ ਉਸਦੇ ਸਾਥੀਆਂ ’ਤੇ ਗੁਰਦੁਆਰਾ ਪ੍ਰਬੰਧ ਵਿੱਚ ਕਿਸੇ ਕਿਸਮ ਦੀ ਦਖ਼ਲਅੰਦਾਜ਼ੀ ਕਰਨ ’ਤੇ ਰੋਕ ਲਗਾਈ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 18 ਜੁਲਾਈ ਨੂੰ ਹੋਣੀ ਹੈ ਪ੍ਰੰਤੂ ਹੁਣ ਸ਼੍ਰੋਮਣੀ ਕਮੇਟੀ ਧੱਕੇ ਨਾਲ ਕਬਜ਼ਾ ਕਰਨਾ ਚਾਹੁੰਦੀ ਹੈ।
ਉਧਰ, ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਅਤੇ ਐਸਜੀਪੀਸੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਸਮੁੱਚੀ ਕਾਰਵਾਈ ਸਿੱਖਾਂ ਦੀ ਸਰਬਉੱਚ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਜਾ ਰਹੀ ਹੈ। ਉਨ੍ਹਾਂ ਗੁਰਦੁਆਰਾ ਪ੍ਰਧਾਨ ’ਤੇ ਅਦਾਲਤ ਨੂੰ ਗੁਮਰਾਹ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਇਹ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਮੰਨਣ ਤੋਂ ਵੀ ਇਨਕਾਰੀ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰੇ ਦਾ ਝਗੜਾ ਮੁਕਾਉਣ ਲਈ ਐਸਜੀਪੀਸੀ ਦੀ ਚਾਰ ਮੈਂਬਰੀ ਕਮੇਟੀ ਬਣਾਈ ਗਈ ਹੈ। ਕਮੇਟੀ ਮੈਂਬਰਾਂ ਨੇ ਅੱਜ ਮੀਟਿੰਗ ਕਰਕੇ ਅਗਲੇ ਹੁਕਮਾਂ ਤੱਕ ਗੁਰਦੁਆਰੇ ਦਾ ਪ੍ਰਬੰਧ ਐਸਜੀਪੀਸੀ ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ ਨੂੰ ਸੌਂਪਣ ਲਈ ਚਰਚਾ ਕੀਤੀ ਗਈ। ਬੀਬੀ ਲਾਂਡਰਾਂ ਨੇ ਦੱਸਿਆ ਕਿ ਮੀਟਿੰਗ ਉਪਰੰਤ ਐਸਜੀਪੀਸੀ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸੰਗਤ ਦੀਆਂ ਭਾਵਨਾਵਾਂ ਅਤੇ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤੋਂ ਜਾਣੂ ਕਰਵਾਇਆ ਗਿਆ। ਐਸਜੀਪੀਸੀ ਮੈਂਬਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਦਾਲਤ ਦੇ ਸਟੇਅ ਉਨ੍ਹਾਂ ’ਤੇ ਲਾਗੂ ਨਹੀਂ ਹੁੰਦੇ ਹਨ। ਅਦਾਲਤ ਨੇ ਕਾਂਗਰਸੀ ਆਗੂ ਅਤੇ ਸਾਥੀਆਂ ਨੂੰ ਦਖ਼ਲਅੰਦਾਜ਼ੀ ਕਰਨ ਤੋਂ ਰੋਕਿਆ ਹੈ। ਅਦਾਲਤੀ ਹੁਕਮਾਂ ਵਿੱਚ ਕਿਤੇ ਵੀ ਐਸਜੀਪੀਸੀ ਦੀ ਕਾਰਵਾਈ ਰੋਕਣ ਦਾ ਜ਼ਿਕਰ ਤੱਕ ਨਹੀਂ ਹੈ। ਪ੍ਰਧਾਨ ਨਿਰ੍ਹਾ ਝੂਠ ਬੋਲ ਰਿਹਾ ਹੈ।

Load More Related Articles

Check Also

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ ਨਬਜ਼-ਏ-ਪੰਜਾਬ, ਮੁਹਾਲ…