ਗੁਰਦੁਆਰਾ ਫੇਜ਼-4 ਦੇ ਪ੍ਰਧਾਨ ਜਤਿੰਦਰਪਾਲ ਸਿੰਘ ਦੀ ਜ਼ਮਾਨਤ ਮਨਜ਼ੂਰ

ਮੁਹਾਲੀ ਅਦਾਲਤ ਵਿੱਚ ਸ਼ਿਕਾਇਤ ਕਰਤਾ ਅਤੇ ਬਚਾਅ ਪੱਖ ਦੇ ਵਕੀਲਾਂ ’ਚ ਜ਼ਬਰਦਸਤ ਬਹਿਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜੂਨ:
ਮੁਹਾਲੀ ਅਦਾਲਤ ਨੇ ਇੱਥੋਂ ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਵਿੱਚ ਬੀਤੀ 22 ਮਈ ਨੂੰ ਹੋਏ ਵਿਵਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਵਿਰੋਧੀ ਧੜੇ ਦੇ ਨੁਮਾਇੰਦੇ ਜਸਪਾਲ ਸਿੰਘ ਵਾਸੀ ਫੇਜ਼-2 ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਫੇਜ਼-1 ਥਾਣੇ ਵਿੱਚ ਜੇਪੀ ਸਿੰਘ ਅਤੇ ਅਮਰਜੀਤ ਸਿੰਘ ਅਤੇ 5 ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 323, 341, 506, 148 ਅਤੇ 149 ਤਹਿਤ ਦਰਜ ਕੀਤਾ ਗਿਆ ਸੀ। ਹੁਣ ਮੁਲਜ਼ਮਾਂ ਖ਼ਿਲਾਫ਼ ਧਾਰਾ 295ਏ ਜੁਰਮ ਦਾ ਵਾਧਾ ਕਰਦਿਆਂ ਇਸ ਮਾਮਲੇ ਵਿੱਚ ਪੱਤਰਕਾਰ ਮੇਜਰ ਸਿੰਘ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਏਐਸਆਈ ਓਮ ਪ੍ਰਕਾਸ਼ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਮੁਹਾਲੀ ਅਦਾਲਤ ਵੱਲੋਂ ਅੱਜ ਜਤਿੰਦਰਪਾਲ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਨੂੰ ਨਿਆਇਕ ਹਿਰਾਸਤ ਅਧੀਨ ਪਟਿਆਲਾ ਜਾਂ ਨਾਭਾ ਭੇਜਣ ਦੀ ਮੰਗ ਕੀਤੀ ਗਈ। ਬਚਾਅ ਪੱਖ ਦੇ ਵਕੀਲ ਨਵੀਨ ਸੈਣੀ ਨੇ ਉਸਾਰੂ ਦਲੀਲਾਂ ਪੇਸ਼ ਕਰਦਿਆਂ ਪੁਲੀਸ ਦੀ ਕਾਰਵਾਈ ਦਾ ਸਖ਼ਤ ਵਿਰੋਧ ਕੀਤਾ ਅਤੇ ਅਦਾਲਤ ਨੂੰ ਸਮੁੱਚੇ ਘਟਨਾਕ੍ਰਮ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੇ ਖ਼ਿਲਾਫ਼ ਦਰਜ ਕੀਤਾ ਗਿਆ ਝੂਠਾ ਕੇਸ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ। ਪ੍ਰਧਾਨ ਅਕਾਲੀ ਦਲ ਨਾਲ ਸਬੰਧ ਰੱਖਦੇ ਹਨ ਜਦੋਂਕਿ ਸ਼ਿਕਾਇਤ ਕਰਤਾ ਕਾਂਗਰਸੀ ਵਰਕਰ ਹੈ। ਹਾਲਾਂਕਿ ਸ਼ਿਕਾਇਤ ਕਰਤਾ ਦੇ ਵਕੀਲ ਨੇ ਪ੍ਰਧਾਨ ਨੂੰ ਗੁਰਦੁਆਰਾ ਸਾਹਿਬ ਵਿੱਚ ਆਉਣ ਤੋਂ ਰੋਕਣ ਦੀ ਮੰਗ ਕੀਤੀ ਅਤੇ ਉਸ ’ਤੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਮੰਗ ਕੀਤੀ ਗਈ ਪ੍ਰੰਤੂ ਬਚਾਅ ਪੱਖ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਸ਼ਿਕਾਇਤ ਕਰਤਾ ਜਸਪਾਲ ਸਿੰਘ ਅਤੇ ਜਤਿੰਦਰਪਾਲ ਸਿੰਘ ਦੋਵੇਂ ਸਿੱਖ ਹਨ। ਪ੍ਰਧਾਨ ਅੰਮ੍ਰਿਤਧਾਰੀ ਹੋਣ ਕਰਕੇ ਦੂਜੀ ਧਿਰ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਇਹ ਦੋ ਧਿਰਾਂ ਦਾ ਆਪਸੀ ਵਿਵਾਦ ਹੈ। ਇਸ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ ਧਾਰਾ 295ਏ ਦਾ ਕੇਸ ਨਹੀਂ ਬਣਦਾ ਹੈ।
ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਗੁਰਦੁਆਰੇ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੇਪੀ ਦੀ ਜ਼ਮਾਨਤ ਮਨਜ਼ੂਰ ਕਰਦਿਆਂ ਕੇਸ ਦੀ ਅਗਲੀ ਸੁਣਵਾਈ ਲਈ 4 ਜੁਲਾਈ ਦਾ ਦਿਨ ਨਿਰਧਾਰਿਤ ਕੀਤਾ ਹੈ। ਜੱਜ ਨੇ ਸਾਫ਼ ਕਿਹਾ ਕਿ ਉਹ ਪ੍ਰਧਾਨ ਨੂੰ ਕਿਸੇ ਤਰ੍ਹਾਂ ਗੁਰਦੁਆਰਾ ਸਾਹਿਬ ਜਾਣ ਤੋਂ ਨਹੀਂ ਰੋਕ ਸਕਦੇ ਹਨ। ਇਸ ਉਪਰੰਤ ਪ੍ਰਧਾਨ ਜੇਪੀ ਸਿੰਘ ਵੱਲੋਂ 50 ਹਜ਼ਾਰ ਦਾ ਜਾਤੀ ਮੁਚੱਲਕਾ ਭਰਨ ਮਗਰੋਂ ਉਸ ਨੂੰ ਰਿਹਾਅ ਕੀਤਾ ਗਿਆ। ਸੁਣਵਾਈ ਦੌਰਾਨ ਗੁਰਦੁਆਰਾ ਸਾਹਿਬ ਦਾ ਕੀਰਤਨੀ ਜਥਾ, ਪ੍ਰਧਾਨ ਦੀ ਪਤਨੀ ਅਤੇ ਹੋਰ ਪਤਵੰਤੇ ਅਦਾਲਤ ਵਿੱਚ ਹਾਜ਼ਰ ਸਨ। ਇਨ੍ਹਾਂ ਸਾਰਿਆਂ ਨੇ ਪ੍ਰਧਾਨ ਨੂੰ ਕਾਨੂੰਨੀ ਤੌਰ ’ਤੇ ਘੇਰਨ ਦੀ ਪੂਰੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਬਚਾਅ ਪੱਖ ਦੇ ਵਕੀਲ ਨੇ ਉਨ੍ਹਾਂ ਨੂੰ ਇਸ ਸਾਜ਼ਿਸ਼ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…