Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਾਰਚ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸਿੱਖ ਕੌਮ ਦੀ ਸਤਿਕਾਰਤ ਹਸਤੀ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਇਸ ਸਮਾਗਮ ਵਿੱਚ ਬੀਬੀ ਜਸਵਿੰਦਰ ਕੌਰ ਖਾਲਸਾ ਰਾਮਾਮੰਡੀ ਜਲੰਧਰ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਬੀਬੀ ਭਾਨੀ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਉਨ੍ਹਾਂ ਦੱਸਿਆ ਕਿ ਬੀਬੀ ਭਾਨੀ ਜੀ ਨੂੰ ਗੁਰੂ ਅਮਰਦਾਸ ਜੀ ਦੀ ਸਪੁੱਤਰੀ, ਚੌਥੇ ਗੁਰੂ ਰਾਮਦਾਸ ਜੀ ਦੇ ਮਹਿਲ, ਪੰਜਵੇਂ ਗੁਰੂ ਅਰਜਨ ਦੇਵ ਜੀ ਦੀ ਮਾਤਾ ਅਤੇ ਛੇਵੇਂ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਦਾਦੀ ਹੋਣ ਦਾ ਮਾਣ ਪ੍ਰਾਪਤ ਹੈ। ਭਾਈ ਕੁਲਦੀਪ ਸਿੰਘ ਦੇਹਰਾਦੂਨ ਨੇ ਆਪਣੇ ਰਸ-ਭਿੰਨੇ ਕੀਰਤਨ ਅਤੇ ਵਿਆਖਿਆ ਦੁਆਰਾ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਦੱਸਦੇ ਹੋਏ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਮੌਕੇ ਨਿਊ ਚੰਡੀਗੜ੍ਹ ਵਾਲੀਆਂ ਬੀਬੀਆਂ ਦਾ ਪੰਥਕ ਢਾਡੀ ਜਥਾ, ਭਾਈ ਕੁਲਦੀਪ ਸਿੰਘ, ਭਾਈ ਬਹਾਦਰ ਸਿੰਘ, ਭਾਈ ਜਗਦੀਪ ਸਿੰਘ, ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ, ਭਾਈ ਤੇਜਿੰਦਰ ਪਾਲ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਸ਼ੇਰ ਸਿੰਘ ਅੰਬਾਲਾ ਵਾਲੇ, ਭਾਈ ਸੁਖਵਿੰਦਰ ਸਿੰਘ, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਤਿੰਦਰ ਸਿੰਘ ਭਾਈ ਹਰਬਖ਼ਸ਼ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸੈਂਕੜੇ ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਛਕਿਆ। ਗੰਨੇ ਦੇ ਰਸ ਦੀ ਛਬੀਲ, ਖੀਰ, ਜਲੇਬੀਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ