
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾਈ ਦਿਵਸ ਮਨਾਇਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਗਸਤ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨਤਾਈ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਪਰਮਜੀਤ ਸਿੰਘ ਦੇ ਪੰਥਕ ਢਾਡੀ ਜਥੇ ਨੇ 1706ਈ ਨੂੰ ਗੁਰੂ ਗੋਬਿੰਦ ਸਿੰਘ ਵੱਲੋਂ ਗੁਰੂ ਕੀ ਕਾਂਸ਼ੀ-ਸਾਬੋ ਕੀ ਤਲਵੰਡੀ ਵਿਖੇ ਭਾਈ ਮਨੀ ਸਿੰਘ ਪਾਸੋਂ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦੀ ਬਾਣੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਕਰਵਾ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਕਰਵਾਉਣ ਦੇ ਪ੍ਰਸੰਗ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਭਾਈ ਓਂਕਾਰ ਸਿੰਘ ਦੇ ਰਾਗੀ ਜਥੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਨੇ ਆਪਣੇ ਪ੍ਰਵਚਨਾਂ ਰਾਹੀਂ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਬਾਰੇ ਦੱਸਿਆ।
ਇਸ ਮੌਕੇ ਭਾਈ ਲਖਵਿੰਦਰ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਮਹਿੰਦਰਪਾਲ ਸਿੰਘ, ਕਵੀਸ਼ਰ ਸੁਰਜੀਤ ਸਿੰਘ, ਭਾਈ ਜੁਝਾਰ ਸਿੰਘ ਦਾ ਪੰਥਕ ਜਥਾ, ਸ਼ੇਰੇ-ਪੰਜਾਬ ਕਵੀਸ਼ਰ ਜਥਾ, ਭਾਈ ਗੁਰਮੀਤ ਸਿੰਘ ਖਾਲਸਾ, ਬੀਬੀ ਤਜਿੰਦਰ ਕੌਰ, ਬੀਬੀ ਉਤਮਜੀਤ ਕੌਰ, ਭਾਈ ਪ੍ਰਿਤਪਾਲ ਸਿੰਘ, ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।