Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਗਸਤ: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਏ ਗਏ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਭਾਈ ਗੁਰਦੇਵ ਸਿੰਘ ਕੋਨਾ ਅਤੇ ਲੁਧਿਆਣੇ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਆਦਿ ਗ੍ਰੰਥ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਦੱਸਿਆ। ਭਾਈ ਗੁਰਪ੍ਰੀਤ ਸਿੰਘ ਸ਼ਿਮਲੇ ਵਾਲਿਆਂ ਦੇ ਅਖੰਡ ਕੀਰਤਨੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ ਜੀ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਅਤੇ ਵਿਆਖਿਆ ਰਾਹੀਂ ਪੰਜਵੇਂ ਗੁਰੂ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਪਹਿਲੇ ਪ੍ਰਕਾਸ਼ ਕਰਵਾਉਣ ਅਤੇ ਬਾਬਾ ਬੁੱਢਾ ਜੀ ਦੁਆਰਾ ਉਸ ਮੌਕੇ ਲਏ ਗਏ ਪਹਿਲੇ ਹੁਕਮਨਾਮਾ ਸਾਹਿਬ ਜੀ ਬਾਰੇ ਦੱਸਿਆ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਦਰਜ ਛੇ ਗੁਰੂ ਸਾਹਿਬਾਨ ਅਤੇ ਭਗਤਾਂ ਦੀ ਬਾਣੀ ਬਾਰੇ ਵੀ ਸੰਗਤਾਂ ਨੂੰ ਵਿਸਥਾਰ ਵਿੱਚ ਜਾਣੂੰ ਕਰਵਾਇਆ। ਇਸ ਤੋਂ ਇਲਾਵਾ ਅਮਰਜੀਤ ਸਿੰਘ ਖਾਲਸਾ, ਭਾਈ ਓਂਕਾਰ ਸਿੰਘ, ਭਾਈ ਬਹਾਦਰ ਸਿੰਘ ਸੇਵਕ, ਭਾਈ ਸੋਹਣ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਬਲਜੀਤ ਸਿੰਘ, ਭਾਈ ਮਹਿੰਦਰਪਾਲ ਸਿੰਘ, ਕਵੀਸ਼ਰ ਸੁਰਜੀਤ ਸਿੰਘ, ਭਾਈ ਜੁਝਾਰ ਸਿੰਘ ਦਾ ਪੰਥਕ ਢਾਡੀ ਜੱਥਾ, ਸ਼ੇਰ ਏ ਪੰਜਾਬ ਕਵੀਸ਼ਰ ਜੱਥਾ, ਭਾਈ ਧਰਮ ਸਿੰਘ ਮਾਹੀ ਦੇ ਜੱਥਿਆਂ ਤੋੱ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਜੱਥੇ ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵੀਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਸਜਾਵਟ ਕੀਤੀ ਗਈ ਸੀ। ਦਰਬਾਰ ਸਾਹਿਬ ਜੀ ਨੂੰ ਬਾਹਰੋਂ ਅਤੇ ਗੇਟ ਤੱਕ ਦੇ ਰਸਤੇ ਨੂੰ ਵਿਸ਼ੇਸ਼ ਢੰਗ ਨਾਲ ਸਜਾਇਆ ਗਿਆ ਸੀ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਹਜਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ । ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 1 ਸਤੰਬਰ ਨੂੰ ਦਸਵੀਂ ਦਾ ਸ਼ੁਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਦਿਨ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਭਾਈ ਬਲਬੀਰ ਸਿੰਘ ਪਾਰਸ ਅਤੇ ਜਲੰਧਰ ਵਾਲੀਆਂ ਬੀਬੀਆਂ ਦਾ ਪੰਥਕ ਢਾਡੀ ਜੱਥਾ, ਬੀਬੀ ਕੁਲਜੀਤ ਕੌਰ ਖਾਲਸਾ ਲਲਤੋਂ ਕਲਾਂ ਲੁਧਿਆਣੇ ਵਾਲੀਆਂ ਬੀਬੀਆਂ ਦਾ ਪੰਥਕ ਢਾਡੀ ਜਥਾ, ਭਾਈ ਦਲਬੀਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ