ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਦਸੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦੇ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਗੁਰਬਾਣੀ ਦਾ ਦਰਿਆ ਵੱਗਿਆ। ਭਾਈ ਰਣਜੀਤ ਸਿੰਘ ਰਾਣਾ ਮੌੜ ਮੰਡੀ ਬਠਿੰਡਾ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਭਾਈ ਸੁੱਖਾ ਸਿੰਘ ਅਤੇ ਮਹਿਤਾਬ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੀ ਬੇਅਦਬੀ ਦਾ ਬਦਲਾ ਲੈਣ ਲਈ ਮੱਸੇ ਰੰਘੜ ਦਾ ਸਿਰ ਵੱਢ ਕੇ ਲਿਆਉਣ ਦਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਣ ਕਰਾਇਆ। ਭਾਈ ਗੁਰਕਿਰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਬਰਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪੇ੍ਰਰਿਆ। ਇਸ ਤੋਂ ਇਲਾਵਾ ਭਾਈ ਨਿਰੰਗ ਸਿੰਘ ਝੱਲੀ ਦਾ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ, ਭਾਈ ਓਂਕਾਰ ਸਿੰਘ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਗੁਰਵਿੰਦਰ ਸਿੰਘ, ਭਾਈ ਨਿਸ਼ਾਨ ਸਿੰਘ ਪਟਿਆਲਾ, ਭਾਈ ਮਹਿੰਦਰ ਪਾਲ ਸਿੰਘ, ਭਾਈ ਧਰਮ ਸਿੰਘ ਮਾਹੀ, ਭਾਈ ਬਹਾਦਰ ਸਿੰਘ ਸੇਵਕ, ਭਾਈ ਹਰਪ੍ਰੀਤ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਦਸਵੀਂ ਦੇ ਦਿਹਾੜੇ ਕੇ ਕਰਵਾਏ ਗਏ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।
ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 31 ਦਸੰਬਰ ਨੂੰ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਸ਼ਾਮ 4 ਵਜੇ ਤੋ ਰਾਤ 12 ਵਜੇ ਤੱਕ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ, ਕਵੀਸ਼ਰੀ ਜੱਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ਜੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…