ਪੰਥ ਰਤਨ ਭਾਈ ਜਸਬੀਰ ਸਿੰਘ ਖ਼ਾਲਸਾ ਖੰਨੇ ਵਾਲਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਸਮਾਪਤ

ਅੱਖਾਂ ਦੇ ਮੁਫ਼ਤ ਮੈਗਾ ਅਪ੍ਰੇਸ਼ਨ ਕੈਂਪ ਵਿੱਚ 200 ਮਰੀਜ਼ਾਂ ਦੀ ਜਾਂਚ, 25 ਮਰੀਜ਼ਾਂ ਦੀਆਂ ਅੱਖਾਂ ਦੇ ਅੱਜ ਤੋਂ ਹੋਣਗੇ ਅਪ੍ਰੇਸ਼ਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਕਤੂਬਰ:
ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਜੀ ਖ਼ਾਲਸਾ ਖੰਨੇ ਵਾਲਿਆਂ ਦੀ ਮਿੱਠੀ ਯਾਦ ’ਚ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿਖੇ ਅੱਜ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਦਵਿੰਦਰ ਸਿੰਘ ਖ਼ਾਲਸਾ ਖੰਨੇ ਵਾਲਿਆਂ ਨੇ ਦੱਸਿਆ ਕਿ ਸਮਾਗਮ ਦੌਰਾਨ ਅੱਖਾਂ ਦੇ ਮੁਫ਼ਤ ਮੈਗਾ ਆਪ੍ਰੇਸ਼ਨ ਕੈਂਪ ਦੀ ਸ਼ੁਰੂਆਤ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਕਰਵਾਈ ਗਈ। ਸਵੇਰੇ 9.30 ਵਜੇ ਤੋਂ ਲੈ ਕੇ 2 ਵਜੇ ਤੱਕ ਚੱਲੇ ਇਸ ਮੈਗਾ ਆਪ੍ਰੇਸ਼ਨ ਕੈਂਪ ਦੌਰਾਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਤੇ ਆਈ ਇੰਸਟੀਚਿਊਟ ਅਤੇ ਸੁਪਰ ਸਪੈਸ਼ਲਿਟੀ ਹਸਪਤਾਲ ਦੇ ਮਾਹਿਰ ਡਾਕਟਰਾਂ ਵੱਲੋਂ 200 ਮਰੀਜ਼ਾਂ ਦੀ ਜਾਂਚ ਕੀਤੀ ਗਈ, ਜਦੋਂ ਕਿ 25 ਮਰੀਜ਼ਾਂ ਦੀਆਂ ਅੱਖਾਂ ਦੇ ਅਪ੍ਰੇਸ਼ਨ ਲਈ ਚੋਣ ਕੀਤੀ ਗਈ।
ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਅਮਰਜੀਤ ਸਿੰਘ ਚਾਵਲਾ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਜਸਵੰਤ ਸਿੰਘ ਸਾਬਕਾ ਹਜ਼ੂਰੀ ਰਾਗੀ, ਬੀਬੀ ਰਵਿੰਦਰ ਕੌਰ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ, ਭਾਈ ਰਾਏ ਸਿੰਘ, ਭਾਈ ਸ਼ੌਕੀਨ ਸਿੰਘ ਤੇ ਭਾਈ ਸਤਨਾਮ ਸਿੰਘ ਸਮੇਤ ਹੋਰ ਵੀ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਤੇ ਕਥਾ-ਵਿਚਾਰਾਂ ਦੁਆਰਾ ਸੰਗਤਾਂ ਨੂੰ ਸ਼ਬਦ ਕੀਰਤਨ ਤੇ ਗੁਰਬਾਣੀ ਵਿਚਾਰਾਂ ਦੁਆਰਾ ਨਿਹਾਲ ਕੀਤਾ। ਦੇਸ਼ਾਂ-ਵਿਦੇਸ਼ਾਂ ਤੋਂ ਪਹੁੰਚੀਆਂ ਸੰਗਤਾਂ ਦੇ ਰਹਿਣ ਲਈ ਪ੍ਰਬੰਧਕਾਂ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ। ਭਾਈ ਅਮਰਜੀਤ ਸਿੰਘ ਚਾਵਲਾ ਨੇ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਜੀ ਖਾਲਸਾ ਖੰਨੇ ਵਾਲਿਆਂ ਵਲੋਂ ਸ਼ੁਰੂ ਕੀਤੇ ਇਸ ਟਰੱਸਟ ਅਤੇ ਮਲਟੀਸਪੈਸ਼ਲਿਟੀ ਹਸਪਤਾਲ ਰਾਹੀਂ ਇਲਾਕੇ ਅਤੇ ਹੋਰ ਰਾਜਾਂ ਤੋਂ ਆਉਣ ਵਾਲੇ ਮਰੀਜ਼ਾਂ ਅਤੇ ਲੋੜਵੰਦ ਲੋਕਾਂ ਦੇ ਇਲਾਜ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਟਰੱਸਟ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਭਾਈ ਦਵਿੰਦਰ ਸਿੰਘ ਜੀ ਖੰਨੇ ਵਾਲਿਆਂ ਦੀ ਅਗਵਾਈ ਹੇਠ ਸਕੱਤਰ ਭਾਈ ਗੁਰਮੀਤ ਸਿੰਘ ਵਲੋਂ ਪੰਥ ਰਤਨ ਖੰਨੇ ਵਾਲਿਆਂ ਦੇ ਇਸ ਉਪਰਾਲੇ ਨੂੰ ਸੁਚੱਜੇ ਢੰਗ ਨਾਲ ਅੱਗੇ ਤੋਰਿਆ ਜਾ ਰਿਹਾ ਹੈ। ਇਸ ਮੌਕੇ ਦਵਿੰਦਰ ਸਿੰਘ ਖਾਲਸਾ ਖੰਨੇ ਵਾਲਿਆਂ ਨੇ ਕਿਹਾ ਕਿ ਉਹ ਪੰਜਾਬ ਸਮੇਤ ਹੋਰ ਰਾਜਾਂ ਤੋਂ ਇਥੇ ਆਉਣ ਵਾਲੇ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਦਿਨ-ਰਾਤ ਉਪਰਾਲੇ ਕਰਦੇ ਰਹਿਣਗੇ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨ ਲਈ ਕੀਰਤਨ ਦਰਬਾਰ ਅਤੇ ਧਰਮ ਪ੍ਰਚਾਰ ਦੇ ਕਾਰਜ ਕਰਦੇ ਰਹਿਣਗੇ। ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਫਤਿਹ ਟੀ. ਵੀ. ਚੈਨਲ ਰਾਹੀਂ ਕੀਤਾ ਗਿਆ। ਇਸ ਮੌਕੇ ਭਾਈ ਅਮਰਦੀਪ ਸਿੰਘ, ਡਾ: ਗਗਨਦੀਪ ਸਿੰਘ ਤੇ ਆਦਰਸ਼ ਸੂਰੀ ਨੇ ਆਈਆਂ ਸੰਗਤਾਂ ਅਤੇ ਪੰਥਕ ਸ਼ਖ਼ਸੀਅਤਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਭਵਿੱਖ ’ਚ ਵੀ ਇਸੇ ਤਰ੍ਹਾਂ ਟਰੱਸਟ ਨੂੰ ਸਹਿਯੋਗ ਦੇਣ ਦੀ ਆਸ ਪ੍ਰਗਟਾਈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ ਮੁੱਖ …