ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ
ਨਬਜ਼-ਏ-ਪੰਜਾਬ, ਮੁਹਾਲੀ, 14 ਜਨਵਰੀ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਭਾਈ ਮਹਾਂ ਸਿੰਘ, ਮਾਈ ਭਾਗੋ ਅਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਜਾਰੀ ਰਿਹਾ। ਭਾਈ ਸੁਖਵਿੰਦਰ ਸਿੰਘ ਦੇ ਪੰਥਕ ਢਾਡੀ ਜਥੇ ਨੇ ਸ੍ਰੀ ਮੁਕਤਸਰ ਸਾਹਿਬ ਦੀ ਜੰਗ ਵਿੱਚ ਦਸਮੇਸ਼ ਪਿਤਾ ਵੱਲੋਂ 40 ਸਿੰਘਾਂ ਨੂੰ ਸ਼ਹੀਦੀ ਪ੍ਰਾਪਤ ਕਰਨ ਉਪਰੰਤ ਮੁਕਤਿਆਂ ਦਾ ਖ਼ਿਤਾਬ ਦੇਣ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਤੇ ਸਾਥੀਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਨੇ ਮਾਈ ਭਾਗੋ ਦੇ ਅਣਮੁੱਲੇ ਯੋਗਦਾਨ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਭਾਈ ਜਸਪਾਲ ਸਿੰਘ ਲੁਧਿਆਣਾ, ਭਾਈ ਵਰਿੰਦਰ ਸਿੰਘ, ਭਾਈ ਸੁਰਜੀਤ ਸਿੰਘ ਪਟਿਆਲਾ, ਭਾਈ ਹਰਵਿੰਦਰ ਸਿੰਘ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ, ਸ਼੍ਰੋਮਣੀ ਪ੍ਰਚਾਰਕ ਭਾਈ ਮਨਜੀਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਰਾਜਵਿੰਦਰ ਸਿੰਘ ਸਮਰਾਲਾ, ਭਾਈ ਜਗਤਾਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਜਰਨੈਲ ਸਿੰਘ ਦੇ ਜਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।