ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਤੇ ਜਥੇਦਾਰ ਬਾਬਾ ਹਰਬੰਸ ਸਿੰਘ ਦੀ ਯਾਦ ਵਿੱਚ ਗੁਰਮਤਿ ਸਮਾਗਮ
ਨਬਜ਼-ਏ-ਪੰਜਾਬ, ਮੁਹਾਲੀ, 1 ਜਨਵਰੀ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਅਤੇ ਕਾਰ ਸੇਵਾ ਦੇ ਪੁੰਜ ਸੱਚਖੰਡ ਵਾਸੀ ਜਥੇਦਾਰ ਬਾਬਾ ਹਰਬੰਸ ਸਿੰਘ ਦੀ ਨਿੱਘੀ ਯਾਦ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ। ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਭਾਈ ਓਂਕਾਰ ਸਿੰਘ ਹੁਸ਼ਿਆਰਪੁਰ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਜਥੇਦਾਰ ਬਾਬਾ ਹਰਬੰਸ ਸਿੰਘ ਦਾ ਪੂਰਾ ਜੀਵਨ ਬ੍ਰਿਤਾਂਤ ਢਾਡੀ ਵਾਰਾਂ ਵਿੱਚ ਸੁਣਾਇਆ। ਬੀਬੀ ਜਤਿੰਦਰ ਕੌਰ ਸ੍ਰੀ ਅਨੰਦਪੁਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਬਲਵੰਤ ਸਿੰਘ ਜਵੱਦੀ ਟਕਸਾਲ ਨੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਜੀਵਨ ਬ੍ਰਿਤਾਂਤ ਅਤੇ ਕੌਮ ਪ੍ਰਤੀ ਮਹਾਨ ਸੇਵਾਵਾਂ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਭਾਈ ਸੁਖਵਿੰਦਰ ਸਿੰਘ ਲੁਧਿਆਣਾ, ਭਾਈ ਸੰਤੋਖ ਸਿੰਘ, ਭਾਈ ਹਰਨੇਕ ਸਿੰਘ ਕਪੂਰਥਲਾ, ਭਾਈ ਮਨਦੀਪ ਸਿੰਘ (ਭਾਮੀਆਂ ਸਾਹਿਬ), ਮੀਰੀ ਪੀਰੀ ਪੰਥਕ ਢਾਡੀ ਜਥਾ, ਭਾਈ ਨਿਤਿਨ ਸਿੰਘ, ਭਾਈ ਕੁਲਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਹਰਬਖ਼ਸ਼ ਸਿੰਘ, ਭਾਈ ਜਰਨੈਲ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਗੁਰਮੀਤ ਸਿੰਘ ਦੇ ਜਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।