
ਅਕਾਲੀ ਆਗੂ ਗੁਰਮੀਤ ਸਿੰਘ ਬਾਕਰਪੁਰ ਤੇ ਪਿੰਡ ਵਾਸੀ ਭੁੱਖ-ਹੜਤਾਲ ’ਤੇ ਬੈਠੇ
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਲੜੀਵਾਰ ਭੁੱਖ-ਹੜਤਾਲ ਤੇ ਧਰਨਾ 111ਵੇਂ ਦਿਨ ’ਚ ਦਾਖ਼ਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਸਤੰਬਰ:
ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਪੁਆਧ ਇਲਾਕਾ (ਮੁਹਾਲੀ) ਦੇ ਸਹਿਯੋਗ ਨਾਲ ਸ਼ੁਰੂ ਕੀਤੀ ਲੜੀਵਾਰ ਭੁੱਖ-ਹੜਤਾਲ ਤੇ ਧਰਨਾ ਅੱਜ 111ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਅਕਾਲੀ ਆਗੂ ਗੁਰਮੀਤ ਸਿੰਘ ਬਾਕਰਪੁਰ ਦੀ ਅਗਵਾਈ ਹੇਠ ਗੁਰਮੇਲ ਸਿੰਘ, ਰਛਪਾਲ ਸਿੰਘ, ਦਿਆ ਸਿੰਘ, ਬਲਦੇਵ ਸਿੰਘ, ਰਣਜੀਤ ਸਿੰਘ, ਸਾਧੂ ਸਿੰਘ, ਸੁਖਵਿੰਦਰ ਸਿੰਘ, ਹਰਜੋਧ ਸਿੰਘ, ਫਤਿਹ ਸਿੰਘ, ਕਰਮਜੀਤ ਸਿੰਘ ਆਦਿ ਪਿੰਡ ਵਾਸੀਆਂ ਦਾ ਜਥਾ ਭੁੱਖ-ਹੜਤਾਲ ’ਤੇ ਬੈਠਾ। ਉਨ੍ਹਾਂ ਨੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਨੰਬਰਦਾਰ ਹਰਵਿੰਦਰ ਸਿੰਘ, ਦਵਿੰਦਰ ਸਿੰਘ ਬੌਬੀ, ਪਹਿਲਵਾਨ ਅਮਨ ਪੂਨੀਆ, ਮਿੰਦਰ ਸਿੰਘ ਸੋਹਾਣਾ, ਬੰਤ ਸਿੰਘ, ਅਮਰਜੀਤ ਸਿੰਘ, ਜੀਤ ਸਿੰਘ ਅਤੇ ਸੁਰਿੰਦਰ ਸਿੰਘ ਕੰਗ ਵੀ ਹਾਜ਼ਰ ਸਨ।
ਇਸ ਮੌਕੇ ਅਕਾਲੀ ਆਗੂ ਗੁਰਮੀਤ ਸਿੰਘ ਬੈਦਵਾਨ ਨੇ ਕਿਹਾ ਕਿ ਦੇਸ਼ ਦੇ ਅਨਾਜ ਭੰਡਾਰ ਦੀ 70 ਤੋਂ 80 ਫੀਸਦੀ ਲੋੜ ਨੂੰ ਪੂਰਾ ਕਰਨ ਵਾਲਾ ਅੰਨਦਾਤਾ ਅੱਜ ਇਨਸਾਫ਼ ਲਈ ਸੜਕਾਂ ’ਤੇ ਰੁਲ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਇਕੱਲੇ ਕਿਸਾਨ ਮਾਰੂ ਨਹੀਂ ਹਨ ਬਲਕਿ ਇਸ ਦਾ ਸਾਰੇ ਵਰਗਾਂ ’ਤੇ ਮਾੜਾ ਅਸਰ ਪਵੇਗਾ। ਲਿਹਾਜ਼ਾ ਹਰ ਵਿਅਕਤੀ ਨੂੰ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨਾ ਚਾਹੀਦਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਕਿਸਾਨਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲਈ ਜਾਵੇ ਅਤੇ ਫੌਰੀ ਤੌਰ ’ਤੇ ਕਾਲੇ ਖੇਤੀ ਕਾਨੂੰਨ ਰੱਦ ਕੀਤੇ ਜਾਣ।