
ਗੁਰਪ੍ਰੀਤ ਸਿੰਘ ਨਿਆਮੀਆਂ ਦੀ ਤੀਜੀ ਧਾਰਮਿਕ ਪੁਸਤਕ ‘ਗੁਰਬਾਣੀ ਜੀਵਨ ਰਹੱਸ’ ਰਿਲੀਜ਼
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਾਰਚ:
ਪੰਜਾਬ ਕੇਸਰੀ ਅਤੇ ਜੱਗਬਾਣੀ ਅਖ਼ਬਾਰ ਦੇ ਸੀਨੀਅਰ ਪੱਤਰਕਾਰ ਅਤੇ ਲੇਖਕ ਗੁਰਪ੍ਰੀਤ ਸਿੰਘ ਨਿਆਮੀਆਂ ਦੀ ਤੀਜੀ ਧਾਰਮਿਕ ਪੁਸਤਕ ‘ਗੁਰਬਾਣੀ ਜੀਵਨ ਰਹੱਸ’ ਨੂੰ ਅੱਜ ਇੱਥੋਂ ਦੇ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿੱਚ ਚੱਲ ਰਹੇ ਸਾਲਾਨਾ ਗੁਰਮਤਿ ਸਮਾਗਮ ਦੌਰਾਨ ਰਿਲੀਜ਼ ਕੀਤਾ ਗਿਆ। ਪੁਸਤਕ ਰਿਲੀਜ਼ ਕਰਨ ਦੀ ਰਸਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਰਾਜਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਗ੍ਰੰਥੀ ਭਾਈ ਮਲਕੀਤ ਸਿੰਘ, ਭਾਈ ਦਵਿੰਦਰ ਸਿੰਘ ਖਾਲਸਾ ਖੰਨੇ ਵਾਲੇ, ਭਾਈ ਭਗਵਾਨ ਸਿੰਘ ਜੌਹਲ, ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਸਾਂਝੇ ਤੌਰ ’ਤੇ ਨਿਭਾਈ। ਇਸ ਮੌਕੇ ਭਾਈ ਦਵਿੰਦਰ ਸਿੰਘ ਖਾਲਸਾ ਨੇ ਸ੍ਰ. ਨਿਆਮੀਆਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਭਾਈ ਅਮਰਦੀਪ ਸਿੰਘ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਨਿਆਮੀਆਂ ਪਿਛਲੇ ਕਰੀਬ ਸਾਢੇ ਤਿੰਨ ਦਹਾਕਿਆਂ ਤੋਂ ਮੁਹਾਲੀ ਖੇਤਰ ਵਿੱਚ ਜਿੱਥੇ ਪੱਤਰਕਾਰੀ ਵਜੋਂ ਆਪਣੀਆਂ ਸਾਨਦਾਰ ਸੇਵਾਵਾਂ ਨਿਭਾਉਂਦੇ ਆ ਰਹੇ ਹਨ, ਉੱਥੇ ਨਾਲ ਹੀ ਉਹ ਤੀਹ ਸਾਲਾਂ ਤੋਂ ਆਲ ਇੰਡੀਆ ਰੇਡੀਓ ਦੇ ਗੁਰਬਾਣੀ ਵਿਚਾਰ ਪ੍ਰੋਗਰਾਮ ਵਿੱਚ ਆਪਣੀਆਂ ਵਾਰਤਾਵਾਂ ਵੀ ਪੇਸ਼ ਕਰਦੇ ਆ ਰਹੇ ਹਨ। ਇਹ ਪੁਸਤਕ ‘ਗੁਰਬਾਣੀ ਜੀਵਨ ਰਹੱਸ’ ਉਨ੍ਹਾਂ ਵਾਰਤਾਵਾਂ ਦਾ ਹੀ ਸੰਗ੍ਰਹਿ ਹੈ। ਇਸ ਮੌਕੇ ਅੰਤਰਰਾਸ਼ਟਰੀ ਪੁਆਧੀ ਮੰਚ ਦੇ ਪ੍ਰਮੁੱਖ ਆਗੂ ਪਰਮਦੀਪ ਸਿੰਘ ਬੈਦਵਾਨ, ਡਾ. ਗੁਰਮੀਤ ਸਿੰਘ ਬੈਦਵਾਨ, ਡਾ. ਕਰਮਜੀਤ ਸਿੰਘ ਚਿੱਲਾ ਅਤੇ ਹਰਦੀਪ ਸਿੰਘ ਬਠਲਾਣਾ ਵੀ ਹਾਜ਼ਰ ਸਨ।