
ਗੁਰਪੁਰਬ: ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਨਵੰਬਰ:
ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ। ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸਬੰਧਤ ਕਵਿਤਾਵਾਂ, ਭਾਸ਼ਣ ਅਤੇ ਸਾਖੀਆਂ ਪੇਸ਼ ਕੀਤੀਆਂ। ਪਹਿਲੀ ਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਗੁਰਪੁਰਬ ਦੇ ਮੌਕੇ ’ਤੇ ਗੁਰੂ ਜੀ ਦੇ ਜੀਵਨ ’ਤੇ ਆਧਾਰਿਤ ਇੱਕ ਲਘੂ ਨਾਟਕ ‘ਜਿਹੜਾ ਝੂਠ ਨਾ ਬੋਲੇ, ਉਹ ਸਿੱਖ ਗੁਰੂ ਦਾ ਪੇਸ਼ ਕੀਤਾ। ਤੀਜੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਗੁਰੂ ਜੀ ਦੀ ਮਹਿਮਾ ਵਿੱਚ ਕਵਿਤਾਵਾਂ ਪੇਸ਼ ਕੀਤੀਆਂ। ਇਸ ਮੌਕੇ ਵਿਦਿਆਰਥੀਆਂ ਨੇ ਮਨ-ਭਾਉਂਦੇ ਕਾਰਡ ਬਣਾਏ। ਵਿਦਿਆਰਥੀਆਂ ਦੇ ਵੱਖ-ਵੱਖ ਗਰੁੱਪਾਂ ਵੱਲੋਂ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਮਨੋਹਰ ਕੀਰਤਨ ਅਤੇ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ।
ਇਸ ਮੌਕੇ ਸਕੂਲ ਦੀ ਡਾਇਰੈਕਟਰ ਪਵਨਦੀਪ ਕੌਰ ਗਿੱਲ ਅਤੇ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ‘ਕਿਰਤ ਕਰੋ’, ‘ਨਾਮ ਜਪੋ’ ‘ਵੰਡ ਛਕੋ’ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੋਂ ਸੇਧ ਲੈ ਕੇ ਸਮਾਜ ਸੇਵਾ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਉਣਾ ਚਾਹੀਦਾ ਹੈ।