
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਤਾ ਗੁਰਗੱਦੀ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਦਸੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਤਾ ਗੁਰਗੱਦੀ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਸਮਾਗਮ ਵਿੱਚ ਭਾਈ ਜਸਮੇਰ ਸਿੰਘ ਖੇੜੀ ਦੇ ਪੰਥਕ ਢਾਡੀ ਜਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਗੁਰਤਾ ਗੁਰਗੱਦੀ ਦੇਣ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਗੁਰਿੰਦਰ ਸਿੰਘ ਦੇ ਰਾਗੀ ਜਥੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਨੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹਾਨਤਾ ਦੱਸਦਿਆਂ ਨੌਜਵਾਨਾਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।
ਇਸ ਮੌਕੇ ਭਾਈ ਬਹਾਦਰ ਸਿੰਘ, ਭਾਈ ਗੁਰਦੇਵ ਸਿੰਘ, ਕਵੀਸ਼ਰ ਭਾਈ ਸੁਰਜੀਤ ਸਿੰਘ, ਬੀਬੀ ਰਵਿੰਦਰ ਕੌਰ ਖਾਲਸਾ, ਸ਼ੇਰ-ਏ-ਪੰਜਾਬ ਕਵੀਸ਼ਰੀ ਜਥਾ, ਭਾਈ ਮਹਿੰਦਰ ਸਿੰਘ, ਬੀਬੀ ਤੇਜਿੰਦਰ ਕੌਰ, ਗੁਰਦੁਆਰਾ ਸਾਹਿਬ ਸੋਹਾਣਾ ਦੇ ਹਜ਼ੂਰੀ ਰਾਗੀ ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਵੱਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।