ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜਨਵਰੀ:
ਮੁਹਾਲੀ ਸ਼ਹਿਰੀ ਅਤੇ ਦਿਹਾਤੀ ਖੇਤਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿੱਚ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬਾਨਾਂ ਵਿੱਚ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਕਰਵਾਏ ਗਏ। ਕੀਰਤਨੀ ਅਤੇ ਢਾਡੀ ਜਥਿਆਂ ਨੇ ਸੰਗਤਾਂ ਨੂੰ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਲਾਸਾਨੀ ਕੁਰਬਾਨੀਆਂ ਬਾਰੇ ਜਾਣੂ ਕਰਵਾਉਂਦਿਆਂ ਲੋਕਾਂ ਨੂੰ ਗੁਰਬਾਣੀ ਨਾਲ ਜੋੜਨ ਦਾ ਉਪਰਾਲਾ ਕੀਤਾ।
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ, ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8, ਗੁਰਦੁਆਰਾ ਸਾਚਾ ਧਨੁ ਸਾਹਿਬ, ਗੁਰਦੁਆਰਾ ਸਾਹਿਬ ਫੇਜ਼-2, ਗੁਰਦੁਆਰਾ ਸਿੰਘ ਸਭਾ ਫੇਜ਼-11, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਫੇਜ਼-9, ਗੁਰਦੁਆਰਾ ਬੀਬੀ ਭਾਨੀ ਜੀ ਫੇਜ਼-7, ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਜੀ, ਗੁਰਦੁਆਰਾ ਸ੍ਰੀ ਸਾਹਿਬਵਾੜਾ ਫੇਜ਼-5, ਗੁਰਦੁਆਰਾ ਭਾਈ ਜੈਤਾ ਜੀ ਤੋਂ ਇਲਾਵਾ ਹੋਰਨਾਂ ਗੁਰਦੁਆਰਿਆਂ ਵਿੱਚ ਗੁਰਮਤਿ ਸਮਾਗਮ ਕਰਵਾਏ ਗਏ ਅਤੇ ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਜਿਸ ਵਿੱਚ ਭਾਈ ਰਣਜੀਤ ਸਿੰਘ ਖਾਲਸਾ ਮੋੜ ਮੰਡੀ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਢਾਡੀ ਵਾਰਾਂ ਵਿੱਚ ਸੁਣਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਪਹਿਲਾਂ ਪਿਤਾ, ਫਿਰ ਪੁੱਤਰਾਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਅਤੇ ਸਿੱਖ ਧਰਮ ਦੀ ਸਥਾਪਨਾ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ। ਭਾਈ ਅਜਮੇਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਮਨਜੀਤ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਧਰਮ ਸਿੰਘ, ਭਾਈ ਮਹਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਨਿਰਵੈਰ ਸਿੰਘ ਖਾਲਸਾ, ਗਿਆਨੀ ਸ਼ੇਰ ਸਿੰਘ, ਭਾਈ ਸੰਦੀਪ ਸਿੰਘ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਰਾਗੀ ਜਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਜਤਿੰਦਰ ਸਿੰਘ ਅਤੇ ਭਾਈ ਹਰਬਖ਼ਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਸੈਕਟਰ-68 ਦੀ ਸੰਗਤ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿੱਚ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਸਮਾਗਮ ਵਿੱਚ ਭਾਗ ਲਿਆ। ਗੁਰਦੁਆਰਾ ਸਾਹਿਬ ਕਮੇਟੀ ਦੇ ਪ੍ਰਧਾਨ ਕਰਨੈਲ ਸਿੰਘ, ਸਰਪ੍ਰਸਤ ਬਾਬੂ ਸਿੰਘ, ਜਸਜੀਤ ਸਿੰਘ ਸਕੱਤਰ, ਹਰਕਿਸ਼ਨ ਸਿੰਘ ਆਹਲੂਵਾਲੀਆ, ਦੀਦਾਰ ਸਿੰਘ, ਗੁਰਮੁੱਖ ਸਿੰਘ, ਕਰਨੈਲ ਸਿੰਘ, ਚੰਚਲ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕਥਾ, ਕੀਰਤਨ ਸਜਾਏ ਗਏ। ਇਸ ਮੌਕੇ ਉਜਲ ਸਿੰਘ ਨੇ ਗੁਰੂ ਜੀ ਦੇ ਜੀਵਨ ਬਾਰੇ ਤੇ ਉਨ੍ਹਾਂ ਦੀ ਦੇਸ਼ ਪ੍ਰਤੀ ਲਾਸਾਨੀ ਕੁਰਬਾਨੀਆਂ ਬਾਰੇ ਵੇਰਵੇ ਸਹਿਤ ਸੰਗਤਾਂ ਨੂੰ ਜਾਣੂ ਕਰਵਾਇਆ। ਗੁਰੂ ਕਾ ਲੰਗਰ ਅਟੁੱਟ ਵਰਤਿਆ।

Load More Related Articles

Check Also

ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ

ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ 21 ਅਪਰੈਲ: ਗੁਰਦੁਆ…