
ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜਨਵਰੀ:
ਮੁਹਾਲੀ ਸ਼ਹਿਰੀ ਅਤੇ ਦਿਹਾਤੀ ਖੇਤਰ ਵਿੱਚ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬਾਨਾਂ ਵਿੱਚ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਕਰਵਾਏ ਗਏ। ਕੀਰਤਨੀ ਅਤੇ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਲਾਸਾਨੀ ਕੁਰਬਾਨੀਆਂ ਬਾਰੇ ਜਾਣੂ ਕਰਵਾਉਂਦਿਆਂ ਲੋਕਾਂ ਨੂੰ ਗੁਰਬਾਣੀ ਨਾਲ ਜੋੜਨ ਦਾ ਉਪਰਾਲਾ ਕੀਤਾ। ਗੁਰਦੁਆਰਾ ਸ੍ਰੀ ਸਾਹਿਬਵਾੜਾ ਫੇਜ਼-5 ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਭਾਈ ਲਖਵਿੰਦਰ ਸਿੰਘ, ਹਜ਼ੂਰੀ ਰਾਗੀ ਭਾਈ ਪ੍ਰਤਾਪ ਸਿੰਘ, ਇਤਸਰੀ ਸਤਿਸੰਗ ਦੀਆਂ ਬੀਬੀਆਂ, ਕਥਾ ਵਾਚਕ ਭਾਈ ਹਰਮਨਜੀਤ ਸਿੰਘ, ਗਿਆਨੀ ਗੁਰਪ੍ਰੀਤ ਸਿੰਘ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਚਾ ਧਨੁ ਸਾਹਿਬ ਫੇਜ਼-3ਬੀ1 ਵਿੱਚ ਜਲੇਬੀਆਂ ਦਾ ਲੰਗਰ ਵੀ ਲਗਾਇਆ ਗਿਆ। ਇੱਥੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਹਾਜ਼ਰੀ ਭਰੀ। ਗੁਰਦੁਆਰਾ ਸਾਹਿਬ ਸੈਕਟਰ-91 ਵਿੱਚ ਵੀ ਗੁਰਪੁਰਬ ਮਨਾਇਆ ਗਿਆ। ਇੱਥੇ ਆਪ ਦੇ ਉਮੀਦਵਾਰ ਤੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਹਾਜ਼ਰੀ ਭਰੀ।
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ, ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8, ਗੁਰਦੁਆਰਾ ਸਾਹਿਬ ਫੇਜ਼-2, ਗੁਰਦੁਆਰਾ ਸਿੰਘ ਸਭਾ ਫੇਜ਼-11, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਫੇਜ਼-9, ਗੁਰਦੁਆਰਾ ਬੀਬੀ ਭਾਨੀ ਜੀ ਫੇਜ਼-7, ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਜੀ, ਗੁਰਦੁਆਰਾ ਭਾਈ ਜੈਤਾ ਜੀ ਤੋਂ ਇਲਾਵਾ ਹੋਰਨਾਂ ਗੁਰਦੁਆਰਿਆਂ ਵਿੱਚ ਗੁਰਮਤਿ ਸਮਾਗਮ ਕਰਵਾਏ ਗਏ ਅਤੇ ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਿਆ। ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਸੈਕਟਰ-68 ਦੀ ਸੰਗਤ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿੱਚ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਸਮਾਗਮ ਵਿੱਚ ਭਾਗ ਲਿਆ।