ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਦਾ ਗੁਰਤਾ ਗੁਰਗੱਦੀ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਦਿਹਾੜਾ ਭਲਕੇ ਮਨਾਇਆ ਜਾਵੇਗਾ
ਨਬਜ਼-ਏ-ਪੰਜਾਬ, ਮੁਹਾਲੀ, 4 ਦਸੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਤਾ ਗੁਰਗੱਦੀ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਬਲਬੀਰ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਸ੍ਰੀ ਗੁਰੂ ਤੇਗ ਬਹਾਦਰ ਵੱਲੋਂ ਗੁਰੂ ਗੋਬਿੰਦ ਸਿੰਘ ਨੂੰ ਗੁਰਤਾ ਗੁਰਗੱਦੀ ਦੇਣ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਵਿੱਚ ਸੁਣਾਇਆ। ਉਨ੍ਹਾਂ ਨੇ ਗੁਰੂ ਸਾਹਿਬ ਦੀ ਦਸਮ ਗ੍ਰੰਥ ਦੀ ਬਾਣੀ ਬਾਰੇ ਵੀ ਸੰਗਤ ਨੂੰ ਜਾਣੂ ਕਰਵਾਇਆ।
ਭਾਈ ਅਮਰਜੀਤ ਸਿੰਘ ਤੇ ਸਾਥੀਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੇ ਕਸ਼ਮੀਰੀ ਪੰਡਤਾਂ ਦੀ ਫ਼ਰਿਆਦ ’ਤੇ ਧਰਮ ਦੀ ਖ਼ਾਤਰ ਗੁਰੂ ਤੇਗ ਬਹਾਦਰ ਸਾਹਿਬ ਵੱਲੋਂ ਬਲੀਦਾਨ ਦੇਣ ਦੇ ਪ੍ਰਸੰਗ ਤੋਂ ਜਾਣੂ ਕਰਵਾਇਆ। ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਨੇ ਗੁਰੂ ਗੋਬਿੰਦ ਸਿੰਘ ਵੱਲੋਂ ਖ਼ਾਲਸਾ ਪੰਥ ਦੀ ਸਾਜਨਾ ਕਰਨ, ਦੇਸ਼, ਕੌਮ ਅਤੇ ਧਰਮ ਦੀ ਖ਼ਾਤਰ ਆਪਣਾ ਸਰਬੰਸ ਵਾਰਨ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਬਾਰੇ ਦੱਸਦਿਆਂ ਸੰਗਤ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।
ਇਸ ਮੌਕੇ ਭਾਈ ਹਰਪ੍ਰੀਤ ਸਿੰਘ, ਭਾਈ ਬਹਾਦਰ ਸਿੰਘ, ਭਾਈ ਗੁਰਦੇਵ ਸਿੰਘ, ਸ਼ੇਰ-ਏ-ਪੰਜਾਬ ਕਵੀਸ਼ਰੀ ਜਥਾ, ਭਾਈ ਮਹਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦਾ ਜਥਾ, ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ। ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।