ਮੁਹਾਲੀ ਵਿੱਚ ਵੱਖ-ਵੱਖ ਥਾਵਾਂ ’ਤੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਧੂਮਧਾਮ ਨਾਲ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਫਰਵਰੀ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਬੁੱਧਵਾਰ ਨੂੰ ਵੱਖ-ਵੱਖ ਥਾਵਾਂ ’ਤੇ ਸ੍ਰੀ ਗੁਰੂ ਰਵਿਦਾਸ ਜੀ ਦਾ 645ਵਾਂ ਪ੍ਰਕਾਸ਼ ਉਤਸਵ ਬੜੀ ਧੂਮਧਾਮ ਅਤੇ ਸ਼ਰਧਾ ਭਾਵਨ ਨਾਲ ਮਨਾਇਆ ਗਿਆ। ਇਸ ਸਬੰਧੀ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਾਰਾ ਦਿਨ ਗੁਰਬਾਣੀ ਕੀਰਤਨ ਚੱਲਿਆਂ ਅਤੇ ਲੰਗਰ ਲਗਾਏ ਗਏ। ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ਅਤੇ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇੱਥੋਂ ਦੇ ਫੇਜ਼-7 ਸਥਿਤ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਵੱਲੋਂ ਗੁਰੂ ਰਵਿਦਾਸ ਜੀ ਦਾ 645ਵਾਂ ਪ੍ਰਕਾਸ਼ ਉਤਸਵ ਮਨਾਇਆ ਗਿਆ। ਇਸ ਮੌਕੇ ਪ੍ਰਚਾਰਕਾਂ ਨੇ ਗੁਰੂ ਰਵਿਦਾਸ ਜੀ ਦੇ ਜੀਵਨ ਫਲਫਸੇ ਬਾਰੇ ਜਾਣੂ ਕਰਵਾਇਆ ਜਦੋਂਕਿ ਵੱਖ-ਵੱਖ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗਰਾਮ ਪੰਚਾਇਤ ਪਿੰਡ ਕੰਬਾਲਾ ਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਸਰਪੰਚ ਅਮਰੀਕ ਸਿੰਘ ਦੀ ਦੇਖਰੇਖ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਧੂਮਧਾਮ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਵੱਖ-ਵੱਖ ਰਾਗੀ ਜਥਿਆਂ ਨੇ ਗੁਰਬਾਣੀ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ। ਪਿੰਡ ਕੁੰਭੜਾ ਵਿੱਚ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਉਪਰੰਤ ਕੀਰਤਨ ਸਮਾਗਮ ਹੋਇਆ ਅਤੇ ਖੀਰ ਪੂੜਿਆਂ ਦਾ ਲੰਗਰ ਲਗਾਇਆ ਗਿਆ।
ਪਿੰਡ ਨਿਆਮੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਅੱਜ ਸਮੂਹ ਪਿੰਡ ਵਾਸੀਆਂ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਧੂਮਧਾਮ ਨਾਲ ਮਨਾਇਆ। ਇਸ ਮੌਕੇ ਸਹਿਜ ਪਾਠ ਦੇ ਭੋਗ ਉਪਰੰਤ ਭਾਈ ਲਖਵਿੰਦਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਇਸ ਮੌਕੇ ਉਨ੍ਹਾਂ ਨੇ ਗੁਰੂ ਰਵਿਦਾਸ ਜੀ ਦੀ ਬਾਣੀ ’ਚੋਂ ਸ਼ਬਦ ਸੰਗਤਾਂ ਨੂੰ ਸਰਵਨ ਕਰਵਾਏ। ਗੁਰੂ ਕਾ ਅਤੁੱਟ ਲੰਗਰ ਵਰਤਿਆ।
ਇਸ ਦੌਰਾਨ ਸਾਬਕਾ ਸਿਹਤ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ, ਆਪ ਦੇ ਉਮੀਦਵਾਰ ਕੁਲਵੰਤ ਸਿੰਘ, ਆਪ ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ, ਅਕਾਲੀ-ਬਸਪਾ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ ਨੇ ਵੀ ਵੱਖ-ਵੱਖ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਜਦੋਂਕਿ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਰਵਨੀਤ ਸਿੰਘ ਬਰਾੜ ਨੇ ਵੀ ਕਈ ਸਮਾਗਮਾਂ ਵਿੱਚ ਹਾਜ਼ਰੀ ਭਰੀ। ਗੁਰਦੁਆਰਾ ਡੇਰਾ ਸਾਹਿਬ ਸੋਹਾਣਾ ਵਿੱਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਗਿਆ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…