Nabaz-e-punjab.com

ਗੁਰੂ ਰਵਿਦਾਸ ਜੀ ਦਾ 643ਵਾਂ ਪ੍ਰਕਾਸ਼ ਉਤਸਵ ਧੂਮਧਾਮ ਨਾਲ ਮਨਾਇਆ ਜਾਵੇਗਾ

ਮੁਹਾਲੀ ਸ਼ਹਿਰ ਤੇ ਪਿੰਡਾਂ ਵਿੱਚ ਵੱਖ-ਵੱਖ ਥਾਵਾਂ ’ਤੇ ਸਜਾਏ ਜਾਣਗੇ ਵਿਸ਼ਾਲ ਨਗਰ ਕੀਰਤਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਫਰਵਰੀ:
ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਮੁਹਾਲੀ ਵੱਲੋਂ ਗੁਰੂ ਰਵਿਦਾਸ ਜੀ ਦੇ 643ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਵਿਸ਼ਾਲ ਨਗਰ ਕੀਰਤਨ ਅਤੇ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਇਹ ਫੈਸਲਾ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਮੁਹਾਲੀ ਦੇ ਪ੍ਰਧਾਨ ਆਰ.ਏ. ਸੁਮਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਇਹ ਜਾਣਕਾਰੀ ਦਿੰਦਿਆਂ ਸਭਾ ਦੇ ਜਨਰਲ ਸਕੱਤਰ ਬੀਡੀ ਸਵੈਨ ਅਤੇ ਪ੍ਰੈੱਸ ਸਕੱਤਰ ਧਰਮਪਾਲ ਹੁਸ਼ਿਆਰਪੁਰੀ ਨੇ ਦੱਸਿਆ ਕਿ 7 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਗੁਰੂ ਰਵਿਦਾਸ ਭਵਨ ਫੇਜ਼-7 ਵਿੱਚ ਅਰਦਾਸ ਉਪਰੰਤ ਪੰਜਾਬ ਸੇਵਾ ਸਰਵਿਸ ਕਮਿਸ਼ਨ ਦੇ ਸਾਬਕਾ ਚੇਅਰਮੈਨ ਬਖ਼ਸ਼ੀ ਰਾਮ ਦੁਪਹਿਰ ਇਕ ਵਜੇ ਕੇਸਰੀ ਝੰਡੀ ਦਿਖਾ ਕੇ ਨਗਰ ਕੀਰਤਨ ਨੂੰ ਰਵਾਨਾ ਕਰਨਗੇ। ਜੋ ਇੱਥੋਂ ਦੇ ਫੇਜ਼-3ਬੀ2, ਫੇਜ਼-4, ਫੇਜ਼-5, ਫੇਜ਼-1, ਫੇਜ਼-2 ਅਤੇ ਫੇਜ਼-3ਬੀ1 ਤੋਂ ਹੁੰਦਾ ਹੋਇਆ ਵਾਪਸ ਗੁਰੂ ਰਵਿਦਾਸ ਭਵਨ ਫੇਜ਼-7 ਵਿੱਚ ਪਹੁੰਚ ਕੇ ਸੰਪੂਰਨ ਹੋਵੇਗਾ।
ਆਗੂਆਂ ਨੇ ਦੱਸਿਆ ਕਿ 9 ਫਰਵਰੀ ਨੂੰ ਸਵੇਰੇ ਸਾਢੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਸਾਰਾ ਦਿਨ ਗੁਰਬਾਣੀ ਕੀਰਤਨ ਹੋਵੇਗਾ। ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਅਤੇ ਢਾਡੀ ਜਥੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ। ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਜਦੋਂਕਿ ਸਮਾਗਮ ਦੀ ਪ੍ਰਧਾਨਗੀ ਹਰਿਆਣਾ ਦੇ ਸਾਬਕਾ ਵਧੀਕ ਮੁੱਖ ਸਕੱਤਰ ਰਮਿੰਦਰਾ ਜਾਖੂ ਕਰਨਗੇ। ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸਮਾਗਮ ਦੀ ਸਮਾਪਤੀ ਤੋਂ ਬਾਅਦ ਗੁਰੂ ਕਾ ਲੰਗਰ ਅਤੁੱਟ ਲੰਗਰ ਵਰਤੇਗਾ।
ਉਧਰ, ਸ੍ਰੀ ਗੁਰੂ ਰਵੀਦਾਸ ਸਭਾ ਅਤੇ ਗਰਾਮ ਪੰਚਾਇਤ ਪਿੰਡ ਕੰਬਾਲਾ ਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਸਰਪੰਚ ਅਮਰੀਕ ਸਿੰਘ ਦੀ ਦੇਖਰੇਖ ਵਿੱਚ 9 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਸਬੰਧੀ 7 ਫਰਵਰੀ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਜਾਣਗੇ ਅਤੇ ਪਿੰਡ ਕੰਬਾਲਾ ਤੋਂ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 9 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਮਾਲ ਪੂੜਿਆਂ ਦਾ ਲੰਗਰ ਲਗਾਇਆ ਜਾਵੇਗਾ। ਇੰਝ ਹੀ ਕਈ ਹੋਰਨਾਂ ਥਾਵਾਂ ’ਤੇ ਵੀ ਧਾਰਮਿਕ ਸਮਾਗਮ ਕਰਵਾਏ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…