ਐਸਜੀਪੀਸੀ ਨੇ ਸੰਭਾਲਿਆ ਗੁਰਦੁਆਰਾ ਫਤਹਿ-ਏ-ਜੰਗ ਸਾਹਿਬ ਚੱਪੜਚਿੜੀ ਦਾ ਪ੍ਰਬੰਧ

ਇਤਿਹਾਸਕ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਸੰਭਾਲਣ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ, ਢਾਡੀ ਵਾਰਾਂ ਤੇ ਗੁਰਬਾਣੀ ਕੀਰਤਨ ਹੋਇਆ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜਨਵਰੀ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਗੁਰਦੁਆਰਾ ਫਤਹਿ-ਏ-ਜੰਗ ਸਾਹਿਬ ਚੱਪੜਚਿੜੀ ਕਲਾਂ ਦਾ ਪ੍ਰਬੰਧ ਸੰਭਾਲ ਲਿਆ ਹੈ। ਇਸ ਸਬੰਧੀ ਲੋੜੀਂਦੀ ਸਾਰੀ ਲਿਖਤੀ ਕਾਰਵਾਈ ਵੀ ਮੁਕੰਮਲ ਕਰ ਲਈ ਗਈ ਹੈ। ਇਸ ਤੋਂ ਪਹਿਲਾਂ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਭਾਈ ਗੁਰਪਾਲ ਸਿੰਘ ਮਾਣਕੀਆਂ ਦੇ ਪੰਥ ਪ੍ਰਸਿੱਧ ਢਾਡੀ ਜਥੇ ਨੇ ਢਾਡੀ ਵਾਰਾਂ ਰਾਹੀਂ ਚੱਪੜਚਿੜੀ ਦੇ ਇਤਿਹਾਸ ਅਤੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਲੜੀ ਗਈ ਜੰਗ ਦਾ ਪੂਰਾ ਪ੍ਰਸੰਗ ਸੁਣਾਇਆ। ਇਸ ਤੋਂ ਬਾਅਦ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ ਤੇ ਭਾਈ ਸੁਰਿੰਦਰ ਸਿੰਘ ਸਮੇਤ ਮਾਤਾ ਸੁੰਦਰ ਕੌਰ ਸੇਵਾ ਸੁਸਾਇਟੀ ਦੀ ਪ੍ਰਧਾਨ ਮਨਜੀਤ ਕੌਰ ਅਤੇ ਸੁਖਮਨੀ ਸੇਵਾ ਸੁਸਾਇਟੀ ਦੀ ਪ੍ਰਧਾਨ ਹਰਬੰਸ ਕੌਰ ਤੇ ਬੀਬੀਆਂ ਦੇ ਜਥੇ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁਟ ਵਰਤਿਆ।
ਇਸ ਮੌਕੇ ਪੰਜਾਬ ਮਹਿਲਾ ਕਮਿਸ਼ਨਰ ਦੀ ਚੇਅਰਪਸਨ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਚੱਪਚਿੜੀ ਦੀ ਨਵੀਂ ਪ੍ਰਬੰਧਕ ਕਮੇਟੀ ਅਤੇ ਗਰਾਮ ਪੰਚਾਇਤ ਅਤੇ ਸੰਗਤ ਨੇ ਗੁਰੂ ਘਰ ਦਾ ਸਾਰਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਲੈਣ ਲਈ ਐਸਜੀਪੀਸੀ ਦੇ ਪ੍ਰਧਾਨ ਨੂੰ ਲਿਖਤੀ ਰੂਪ ਵਿੱਚ ਗੁਹਾਰ ਲਗਾਈ ਸੀ। ਇਸ ਮੁੱਦੇ ’ਤੇ ਲੰਮੀ ਵਿਚਾਰ ਚਰਚਾ ਅਤੇ ਮੌਜੂਦਾ ਹਾਲਾਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਆਪਣੇ ਅਧੀਨ ਲੈਣ ਦਾ ਫੈਸਲਾ ਲਿਆ ਹੈ ਅਤੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਪੜਚਿੜੀ ਗੁਰਦੁਆਰੇ ਦਾ ਲਿਖਤੀ ਰੂਪ ਵਿੱਚ ਪ੍ਰਬੰਧ ਲੈ ਲਿਆ ਗਿਆ ਹੈ। ਉਂਜ ਇਲਾਕੇ ਦੀ ਸੰਗਤ ਕਾਫੀ ਸਮੇਂ ਤੋਂ ਇਹ ਮੰਗ ਕਰਦੀ ਆ ਰਹੀ ਸੀ।
ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਇਤਿਹਾਸਕ ਕਾਰਨਾਮਿਆਂ ਦਾ ਜ਼ਿਕਰ ਕਰਦਿਆਂ ਬੀਬੀ ਲਾਂਡਰਾਂ ਨੇ ਕਿਹਾ ਕਿ ਅਸਲ ਵਿੱਚ ਚੱਪੜਚਿੜੀ ਦੀ ਪਵਿੱਤਰ ਧਰਤੀ ਤੋਂ ਬੰਦਾ ਸਿੰਘ ਬਹਾਦਰ ਨੇ ਦੇਸ਼ ਦੀ ਆਜ਼ਾਦੀ ਦੀ ਪਹਿਲੀ ਲੜਾਈ ਆਰੰਭੀ ਸੀ ਅਤੇ ਸੂਬਾ ਸਰਹਿੰਦ ਨੂੰ ਮੌਤ ਦੇ ਘਾਟ ਉਤਰਾ ਕੇ ਸਰਹਿੰਦ ਉੱਤੇ ਫਤਹਿ ਹਾਸਲ ਕਰਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਬਦਲਾ ਲਿਆ ਸੀ। ਇਹੀ ਨਹੀਂ ਬਾਬਾ ਬੰਦਾ ਸਿੰਘ ਨੇ 700 ਸਾਲਾਂ ਦੀ ਗੁਲਾਮੀ ਤੋਂ ਬਾਅਦ ਪਹਿਲੇ ਸਿੱਖ ਰਾਜ ਦੀ ਸਥਾਪਨਾ ਕਰਕੇ ਬੇਜ਼ਮੀਨੇ ਲੋਕਾਂ ਨੂੰ ਜ਼ਮੀਨਾਂ ਦੀ ਮਾਲਕੀ ਦੇ ਅਧਿਕਾਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ, ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਕੁਰਬਾਨੀ ਅਤੇ ਵਿਚਾਰ ਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸ਼ਹਿਰਾਂ ਅਤੇ ਪਿੰਡ ਪੱਧਰ ’ਤੇ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ।
ਇਸ ਮੌਕੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਭਾਈ ਅਮਰਜੀਤ ਸਿੰਘ ਗਿੱਲ, ਜ਼ਿਲ੍ਹਾ ਇਸਤਰੀ ਅਕਾਲੀ ਦਲ ਦਿਹਾਤੀ ਦੀ ਪ੍ਰਧਾਨ ਬਲਜਿੰਦਰ ਕੌਰ ਸੈਦਪੁਰ, ਚੱਪੜਚਿੜੀ ਕਲਾਂ ਦੇ ਸਰਪੰਚ ਸੋਹਨ ਸਿੰਘ, ਗੁਰਦੁਆਰਾ ਫਤਹਿ-ਏ-ਜੰਗ ਸਾਹਿਬ ਚੱਪੜਚਿੜੀ ਦੀ ਨਵੀਂ ਚੁਣੀ ਗਈ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ, ਸੀਨੀਅਰ ਮੀਤ ਪ੍ਰਧਾਨ ਮੋਹਨ ਸਿੰਘ, ਜਨਰਲ ਸਕੱਤਰ ਗੁਰਮੇਲ ਸਿੰਘ, ਨੰਬਰਦਾਰ ਕਰਨੈਲ ਸਿੰਘ ਛੱਜੂਮਾਜਰਾ, ਤੇਜਿੰਦਰ ਸਿੰਘ, ਸੁਰਮੁੱਖ ਸਿੰਘ ਤੇ ਕੁਲਦੀਪ ਸਿੰਘ, ਅਕਾਲੀ ਆਗੂ ਸਰਵਰਿੰਦਰ ਸਿੰਘ ਲਾਂਬਾ, ਹਰਵਿੰਦਰ ਸਿੰਘ ਸੂਰੀ, ਬਲਵਿੰਦਰ ਸਿੰਘ ਸਮੇਤ ਇਲਾਕੇ ਦੀ ਸੰਗਤ ਹਾਜ਼ਰ ਸੀ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…