
ਗੜੇਮਾਰੀ: ਕਿਸਾਨਾਂ ਨੇ ਨੁਕਸਾਨੀਆਂ ਫ਼ਸਲਾਂ ਦਾ ਯੋਗ ਮੁਆਵਜ਼ਾ ਮੰਗਿਆ
ਇਲਾਕੇ ਦੇ ਕਿਸਾਨਾਂ ਨੇ ਏਡੀਸੀ ਸ੍ਰੀਮਤੀ ਬਰਾੜ ਨੂੰ ਦਿੱਤਾ ਮੰਗ ਪੱਤਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਾਰਚ:
ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਜ਼ਿਲ੍ਹਾ ਮੁਹਾਲੀ ਇਕਾਈ ਨੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨਾਲ ਮੁਲਾਕਾਤ ਕਰਕੇ ਪਿਛਲੇ ਦਿਨੀਂ ਬੇਮੌਸਮੀ ਬਾਰਸ਼, ਤੇਜ਼ ਹਵਾਵਾਂ ਅਤੇ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦਾ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਦੀ ਅਗਵਾਈ ਹੇਠ ਕਿਸਾਨਾਂ ਨੇ ਏਡੀਸੀ ਨੂੰ ਮੰਗ ਪੱਤਰ ਦਿੱਤਾ।
ਕਿਸਾਨ ਆਗੂ ਰਵਿੰਦਰ ਸਿੰਘ ਦੇਹਕਲਾਂ ਅਤੇ ਜਸਵਿੰਦਰ ਸਿੰਘ ਟਿਵਾਣਾ ਬੀਤੇ ਦਿਨੀਂ ਹੋਈ ਬੇਮੌਸਮੀ ਬਾਰਸ਼, ਤੇਜ਼ ਹਵਾਵਾਂ ਚੱਲਣ ਅਤੇ ਗੜੇਮਾਰੀ ਕਾਰਨ ਮੁਹਾਲੀ ਜ਼ਿਲ੍ਹੇ ਵਿੱਜ ਬਹੁਤ ਸਾਰੇ ਕਿਸਾਨਾਂ ਦੀ ਕਣਕ ਦੀ ਫ਼ਸਲ, ਸਰੋਂ੍ਹ ਅਤੇ ਸਬਜ਼ੀਆਂ ਦੀ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਤੋਂ ਪਹਿਲਾਂ ਵੀ ਕਿਸਾਨਾਂ ਦੀਆਂ ਦੋ ਫ਼ਸਲਾਂ (ਕਣਕ ਤੇ ਜੀਰੀ) ਦਾ ਨੁਕਸਾਨ ਹੋਇਆ ਸੀ ਪ੍ਰੰਤੂ ਉਦੋਂ ਵੀ ਕਿਸੇ ਸਰਕਾਰ ਨੇ ਪੀੜਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਨਹੀਂ ਦਿੱਤਾ ਅਤੇ ਹੁਣ ਬੇਮੌਸਮੀ ਬਾਰਸ਼ ਕਾਰਨ ਕਿਸਾਨਾਂ ਤੇ ਦੋਹਰੀ ਮਾਰ ਪੈ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਪਹਿਲਾਂ ਅਤੇ ਹੁਣ ਪਿਛਲੇ ਦਿਨੀਂ ਨੁਕਸਾਨੀਆਂ ਫ਼ਸਲਾਂ ਦਾ ਪ੍ਰਤੀ ਏਕੜ ਘੱਟੋ-ਘੱਟ 50 ਹਜ਼ਾਰ ਰੁਪਏ ਤੁਰੰਤ ਮੁਆਵਜ਼ਾ ਤੁਰੰਤ ਦਿੱਤਾ ਜਾਵੇ ਅਤੇ ਪਿੰਡਾਂ ਵਿੱਚ ਇਕੱਠੇ ਹੋਏ ਮੀਂਹ ਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਹੋਰ ਫ਼ਸਲਾਂ ਨੂੰ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ।
ਇਸ ਮੌਕੇ ਮੁਹਾਲੀ ਬਲਾਕ ਦੇ ਪ੍ਰਧਾਨ ਤਰਲੋਚਨ ਸਿੰਘ ਨੰਡਿਆਲੀ, ਜਨਰਲ ਸਕੱਤਰ ਗੁਰਪ੍ਰੀਤ ਸਿੰਘ, ਮੀਤ ਪ੍ਰਧਾਨ ਅਵਤਾਰ ਸਿੰਘ ਬੜੀ, ਕੁਲਦੀਪ ਸਿੰਘ, ਨੈਬ ਸਿੰਘ ਨੰਡਿਆਲੀ, ਸੁਭਾਸ਼ ਰਾਣਾ, ਰਣਜੀਤ ਬਾਸੀਆ, ਸੁਰਮੁੱਖ ਸਿੰਘ ਛੱਜੂਮਾਜਰਾ, ਰਣਧੀਰ ਸਿੰਘ, ਅਵਤਾਰ ਸਿੰਘ ਗੀਗੇਮਾਜਰਾ, ਜਸਦੇਵ ਸਿੰਘ ਅਤੇ ਹਰਵਿੰਦਰ ਸਿੰਘ ਵੀ ਮੌਜੂਦ ਸਨ।