
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਪਿੰਡਾਂ ਵਿੱਚ ਪਾਣੀ ਦੀ ਸਪਲਾਈ ਅਤੇ ਸੈਨੀਟੇਸ਼ਨ ਨਾਲ ਸਬੰਧਤ ਕੰਮਾਂ ਵਿੱਚ ਆਵੇਗੀ ਤੇਜ਼ੀ: ਰਜ਼ੀਆ ਸੁਲਤਾਨਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਪਰੈਲ:
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਵੱਖ-ਵੱਖ ਸ਼੍ਰੇਣੀਆਂ ਨਾਲ ਸਬੰਧਤ 28 ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ ਗਏ। ਇਸ ਤੋਂ ਇਲਾਵਾ ਵੱਖ-ਵੱਖ ਅਸਾਮੀਆਂ ਲਈ ਠੇਕੇ ’ਤੇ ਭਰਤੀ ਕੀਤੇ ਉਮੀਦਵਾਰਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਗਏ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਦੀ ਤਰਫ਼ੋਂ ਨਿਯੁਕਤੀ ਪੱਤਰ ਵਿਭਾਗ ਦੀ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਸੌਂਪੇ। ਇਸ ਮੌਕੇ ਵਿਭਾਗ ਮੁਖੀ ਅਮਿਤ ਤਲਵਾੜ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਨਿਯੁਕਤੀ ਪੱਤਰ ਵੰਡ ਸਮਾਗਮ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਕੀਤਾ ਗਿਆ।
ਇਕ ਸੰਦੇਸ਼ ਵਿੱਚ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਸਮਾਜ ਦੇ ਸਮੂਹ ਵਰਗਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦਾ ਪਾਲਣ-ਪੋਸਣ ਕਰਨ ਵਾਲੇ ਮੁਖੀ ਦੀ ਮੌਤ ਦਾ ਘਾਟਾ ਤਾਂ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਅੱਜ ਇਨ੍ਹਾਂ ਨੌਜਵਾਨਾਂ ਨੂੰ ਵੱਖ-ਵੱਖ ਅਹੁਦਿਆਂ ’ਤੇ ਤਾਇਨਾਤ ਕਰਕੇ ਆਪਣੇ ਪਰਿਵਾਰ ਲਈ ਕਮਾਈ ਦਾ ਸਹਾਰਾ ਬਣਾਉਣ ਲਈ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਆਸ ਕਰਦੇ ਹਨ ਕਿ ਨਵ-ਨਿਯੁਕਤ ਕਰਮਚਾਰੀ ਆਪੋ-ਆਪਣੇ ਦਫ਼ਤਰਾਂ ਵਿੱਚ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।
ਇਸ ਤੋਂ ਇਲਾਵਾ ਨਵੀਂ ਭਰਤੀ ਕੀਤੇ ਗਏ 177 ਬੀਆਰਸੀ (ਬਲਾਕ ਰਿਸੋਰਸ ਕੋਆਰਡੀਨੇਟਰ), 20 ਸੀਡੀਐਸ (ਕਮਿਊਨਿਟੀ ਡਿਵੈਲਪਮੈਂਟ ਸਪੈਸ਼ਲਿਸਟ) ਅਤੇ 16 ਆਈਈਸੀ (ਇਨਫਰਮੇਸ਼ਨ ਐਜੂਕੇਸ਼ਨ ਐਂਡ ਕਮਿਊਨੀਕੇਸ਼ਨ ਸਪੈਸ਼ਲਿਸਟ) ਨੂੰ ਵੀ ਕੰਟਰੈਕਟ ਦੇ ਆਧਾਰ ’ਤੇ ਨਿਯੁਕਤੀ ਪੱਤਰ ਸੌਂਪਣ ਦੀ ਰਸਮ ਅਦਾ ਕੀਤੀ ਗਈ। ਇਨ੍ਹਾਂ ਦੀ ਨਿਯੁਕਤੀ ਹੋਣ ਨਾਲ ਪਿੰਡਾਂ ਵਿੱਚ ਪਾਣੀ ਦੀ ਸਪਲਾਈ ਅਤੇ ਸੈਨੀਟੇਸ਼ਨ ਨਾਲ ਸਬੰਧਤ ਗਰਾਮ ਪੰਚਾਇਤਾਂ, ਗਰਾਮ ਪੰਚਾਇਤ ਜਲ ਸਪਲਾਈ ਅਤੇ ਸੈਨੀਟੇਸ਼ਨ ਕਮੇਟੀ ਮੈਂਬਰਾਂ, ਗਰਾਮ ਭਾਈਚਾਰੇ ਵਿੱਚ ਜਾਗਰੂਕਤਾ ਪੈਦਾ ਕਰਨ, ਵਿਕਾਸ ਤੇ ਸੰਚਾਰ ਗਤੀਵਿਧੀਆਂ ਅਤੇ ਸਮਾਜਿਕ ਅਤੇ ਆਈਈਸੀ ਨਾਲ ਸਬੰਧਤ ਮਹੱਤਵਪੂਰਨ ਕੰਮ ਕਰਨ ਵਿੱਚ ਤੇਜ਼ੀ ਆਵੇਗੀ।