
ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਲੋਕਾਂ ਵਿੱਚ ਖ਼ੁਸ਼ੀ ਦੀ ਲਹਿਰ: ਪ੍ਰਿੰਸ ਧਾਲੀਵਾਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਾਰਚ:
ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਤੋਂ ਬਾਅਦ ਮੁਹਾਲੀ ਸਮੇਤ ਪੰਜਾਬ ਦੇ ਵਸਨੀਕਾਂ ਖ਼ੁਸ਼ੀ ਦੀ ਲਹਿਰ ਹੈ। ਲੋਕ ਖ਼ੁਦ ਨੂੰ ਬਹੁਤ ਹੀ ਸੌਖਾ ਅਤੇ ਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਸੂਬੇ ਦੇ ਲੋਕਾਂ ਨੂੰ ‘ਆਪ’ ਸਰਕਾਰ ਤੋਂ ਵਿਕਾਸ ਅਤੇ ਇਨਸਾਫ਼ ਦੀ ਆਸ ਬੱਝੀ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੀਨੀਅਰ ਆਗੂ ਪ੍ਰਿੰਸ ਧਾਲੀਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਸਮੇਂ ਲੋਕਾਂ ਨੂੰ ਆਪਣੇ ਕੰਮਾਂ ਕਾਰਾਂ ਲਈ ਖੱਜਲ-ਖੁਆਰ ਹੋਣਾ ਪੈਂਦਾ ਸੀ। ਲੇਕਿਨ ਹੁਣ ਸਰਕਾਰੀ ਦਫ਼ਤਰਾਂ ਵਿੱਚ ਸਾਰੇ ਕੰਮ ਬਿਨਾਂ ਰਿਸ਼ਵਤ ਅਤੇ ਬਿਨਾਂ ਕਿਸੇ ਸਿਫ਼ਾਰਸ਼ ਤੋਂ ਸੌਖੇ ਢੰਗ ਨਾਲ ਹੋਣੇ ਸ਼ੁਰੂ ਹੋ ਗਏ ਹਨ।
ਪ੍ਰਿੰਸ ਧਾਲੀਵਾਲ ਨੇ ਕਿਹਾ ਕਿ ਤਹਿਸੀਲਾਂ ਵਿੱਚ ਪਟਵਾਰੀ, ਤਹਿਸੀਲਦਾਰਾਂ ਨੇ ਬਿਨਾਂ ਪੈਸਿਆਂ ਤੋਂ ਕੰਮ ਕਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਂਟੀ ਕੁਰੱਪਸ਼ਨ ਐਕਸ਼ਨ ਹੈਲਪ ਲਾਈਨ ਨੰਬਰ ਜਾਰੀ ਕਰਨ ਨਾਲ ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਕੰਮ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਸ ਦੀ ਤੁਰੰਤ ਮੁੱਖ ਮੰਤਰੀ ਦੇ ਹੈਲਪਲਾਈਨ ਨੰਬਰ ’ਤੇ ਸ਼ਿਕਾਇਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਰਾਜ ਦੇ ਲੋਕਾਂ ਨੇ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫਤਵਾ ਦੇ ਕੇ ਆਪਣਾ ਫਰਜ਼ ਨਿਭਾ ਦਿੱਤਾ ਹੈ, ਹੁਣ ਪੰਜਾਬ ਸਰਕਾਰ ਆਪਣਾ ਫਰਜ਼ ਨਿਭਾਉਣ ਤੋਂ ਪਿੱਛੇ ਨਹੀਂ ਹਟੇਗੀ।