Nabaz-e-punjab.com

ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਫੇਜ਼-4 ਦੀ ਚੋਣ, ਹਰਭਜਨ ਸਿੰਘ ਨੂੰ ਸਰਬਸੰਮਤੀ ਨਾਲ ਮੁੜ ਚੁਣਿਆ ਪ੍ਰਧਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੂਨ:
ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਫੇਜ਼-4 ਦੇ ਪ੍ਰਧਾਨ ਹਰਭਜਨ ਸਿੰਘ ਦੀ ਅਗਵਾਈ ਹੇਠ ਹੋਏ ਆਮ ਇਜਲਾਸ ਵਿੱਚ ਸੰਸਥਾ ਦੀਆਂ ਗਤੀਵਿਧੀਆਂ ਅਤੇ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਖੁੱਲ੍ਹ ਕੇ ਚਰਚਾ ਕੀਤੀ ਗਈ। ਜਨਰਲ ਸਕੱਤਰ ਹਰਿੰਦਰਪਾਲ ਸਿੰਘ ਨੇ ਐਸੋਸੀਏਸ਼ਨ ਦੇ ਹਾਜ਼ਰ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਸਵਾਗਤ ਕਰਦਿਆਂ ਪਿਛਲੇ ਦੋ ਸਾਲਾਂ ਦੀ ਕਾਰਗੁਜ਼ਾਰੀ ਰਿਪੋਰਟ ਪੇਸ਼ ਕੀਤੀ ਜਦੋਂਕਿ ਵਿੱਤ ਸਕੱਤਰ ਤਰਲੋਕ ਸਿੰਘ ਨੇ ਸਾਲ 2017 ਅਤੇ 2018 ਦੇ ਆਮਦਨ ਖ਼ਰਚ ਦੇ ਵੇਰਵੇ ਦਿੱਤੇ।
ਅਕਾਲੀ ਦਲ ਦੇ ਕੌਂਸਲਰ ਅਤੇ ਐਸੋਸੀਏਸ਼ਨ ਦੇ ਸਰਪ੍ਰਸਤ ਗੁਰਮੁੱਖ ਸਿੰਘ ਸੋਹਲ, ਗੋਪਾਲ ਸ਼ਰਮਾ, ਸਾਬਕਾ ਪ੍ਰਧਾਨ ਜਰਨੈਲ ਸਿੰਘ ਕ੍ਰਾਂਤੀ ਨੇ ਮੀਟਿੰਗ ਵਿੱਚ ਪਹੁੰਚੇ ਸਮੂਹ ਡੈਲੀਗੇਟਸ ਦਾ ਧੰਨਵਾਦ ਕੀਤਾ। ਐਸੋਸੀਏਸ਼ਨ ਦੀ ਨਵੇਂ ਸਿਰਿਓਂ ਸਾਲਾਨਾ ਚੋਣ ਕਰਵਾਉਣ ਲਈ ਜਤਿੰਦਰ ਕੁਮਾਰ ਵਰਮਾ ਅਤੇ ਆਰਡੀ ਕੌਸ਼ਲ ਨੂੰ ਚੋਣ ਅਧਿਕਾਰੀ ਥਾਪਿਆ ਗਿਆ। ਜਿਨ੍ਹਾਂ ਸਮੂਹ ਮੈਂਬਰਾਂ ਦੀ ਸਹਿਮਤੀ ਨਾਲ ਇਸ ਕਾਰਵਾਈ ਨੂੰ ਅੱਗੇ ਤੋਰਿਆ।
ਇਸ ਮੌਕੇ ਹਾਜ਼ਰ ਮੈਂਬਰਾਂ ਨੇ ਮੌਜੂਦਾ ਟੀਮ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਸੰਸਥਾ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕਰਵਾਉਣ ਦੀ ਪ੍ਰੋੜ੍ਹਤਾ ਕੀਤੀ। ਇਸ ਤਰ੍ਹਾਂ ਹਰਭਜਨ ਸਿੰਘ ਨੂੰ ਸਰਬਸੰਮਤੀ ਨਾਲ ਮੁੜ ਤੋਂ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ। ਜਦੋਂਕਿ ਸੁਰਿੰਦਰ ਸਿੰਘ ਸੋਢੀ ਨੂੰ ਚੇਅਰਮੈਨ ਅਤੇ ਹਰਿੰਦਰਪਾਲ ਸਿੰਘ ਨੂੰ ਜਨਰਲ ਸਕੱਤਰ ਚੁਣਿਆ ਗਿਆ ਅਤੇ ਬਾਕੀ ਦੇ ਅਹੁਦੇਦਾਰਾਂ ਦੀ ਚੋਣ ਕਰਨ ਦੇ ਸਾਰੇ ਅਧਿਕਾਰ ਵੀ ਇਸ ਕਮੇਟੀ ਨੂੰ ਦਿੱਤੇ ਗਏ। ਅਖੀਰ ਵਿੱਚ ਐਸੋਸੀਏਸ਼ਨ ਦੇ ਪ੍ਰਧਾਨ ਹਰਭਜਨ ਸਿੰਘ ਨੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਗਮਾਡਾ, ਨਗਰ ਨਿਗਮ, ਜਲ ਸਪਲਾਈ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …