nabaz-e-punjab.com

ਹਰੀਕੇ ਖੇਤਰ ਨੂੰ ਸੈਰ ਸਪਾਟਾ ਹੱਬ ਬਣਾਇਆ ਜਾਵੇਗਾ: ਨਵਜੋਤ ਸਿੱਧੂ

ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਟੂਰਿਜ਼ਮ ਦੇ ਨਾਮ ’ਤੇ ਕੀਤੀ ਗਈ ਲੁੱਟ ਘਸੁੱਟ ਦੀ ਕਰਵਾਈ ਜਾਵੇਗੀ ਵਿਜੀਲੈਂਸ ਜਾਂਚ

ਬਾਦਲ ਸਰਕਾਰ ਵੱਲੋਂ ਚਲਾਈ ਗਈ ਪਾਣੀ ਵਾਲੀ ਬੱਸ ਅੱਜ ਤੋਂ ਹੋਵੇਗੀ ਬੰਦ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਤਰਨਤਾਰਨ\ਚੰਡੀਗੜ੍ਹ, 17 ਜੂਨ:
ਤਰਨਤਾਰਨ ਜ਼ਿਲ੍ਹੇ ਦੇ ਕਸਬਾ ਹਰੀਕੇ ਪੱਤਣ ਨੂੰ ਪੰਜਾਬ ਦਾ ਟੂਰਿਜ਼ਮ ਹੱਬ ਬਣਾ ਕੇ ਨਮੂਨੇ ਵਜੋਂ ਵਿਕਸਿਤ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਟੂਰਿਜ਼ਮ, ਸਥਾਨਿਕ ਸਰਕਾਰਾਂ ਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਹਰੀਕੇ ਹੈਡ ਵਰਕਸ ਦੇ ਕੀਤੇ ਗਏ ਵਿਸ਼ੇਸ਼ ਦੌਰੇ ਦੌਰਾਨ ਕੀਤਾ। ਇਸ ਮੌਕੇ ’ਤੇ ਸ. ਸਿੱਧੂ ਨੇ ਪਿਛਲੀ ਸਰਕਾਰ ਵਲੋਂ ਚਲਾਈ ਗਈ ਪਾਣੀ ਵਾਲੀ ਬੱਸ ਨੂੰ ਤੁਰੰਤ ਬੰਦ ਕਰਨ ਦਾ ਐਲਾਨ ਵੀ ਕੀਤਾ। ਇਸ ਮੌਕੇ ’ਤੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਕਾਲੀ ਦਲ ਭਾਜਪਾ ਗਠਜੋੜ ਸਰਕਾਰ ਦੇ ਕਾਰਜਕਾਲ ਦੌਰਾਨ ਟੂਰਿਜ਼ਮ ਦੇ ਨਾਮ ’ਤੇ ਕੀਤੀ ਗਈ ਲੁੱਟ ਘਸੁੱਟ ਦੀ ਵਿਜੀਲੈਂਸ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਸ੍ਰੀ ਸਿੱਧੂ ਨੇ ਕਿਹਾ ਕਿ ਇਸ ਬੱਸ ਦੇ ਚੱਲਾਉਣ ਲਈ ਛੱਡੇ ਗਏ ਪਾਣੀ ਕਾਰਨ ਇਥੋਂ ਦੇ ਇਲਾਕੇ ਦੇ 5 ਹਜ਼ਾਰ ਕਿਸਾਨਾਂ ਦੀ ਫਸਲ ਬਰਬਾਦ ਹੋਈ ਹੈ ਅਤੇ ਪ੍ਰਵਾਸੀ ਪੰਛੀਆਂ ਦੀ ਆਮਦ ਵਿਚ ਵੀ ਭਾਰੀ ਕਮੀ ਆਈ ਹੈ। ਸ. ਸਿੱਧੂ ਨੇ ਕਿਹਾ ਕਿ ਪੰਜਾਬ ਰੋਡਵੇਜ਼ ਜੋ ਕਿ ਪਿਛਲੇ 10 ਸਾਲਾਂ ਤੋਂ ਅਕਾਲੀ ਦਲ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਰਨ ਅੱਜ 350 ਕਰੋੜ ਰੁਪਏ ਦੇ ਘਾਟੇ ਵਿਚ ਚੱਲ ਰਹੀ ਹੈ ਅਤੇ ਬਾਦਲ ਪਰਿਵਾਰ ਦੀਆਂ ਬੱਸਾਂ ਦੀ ਗਿਣਤੀ ਵਿਚ ਅਥਾਹ ਵਾਧਾ ਹੋਇਆ ਹੈ ਜਿਸ ਕਾਰਨ ਪੀ.ਆਰ.ਟੀ.ਸੀ. ਨੂੰ ਘਾਟਾ ਸਹਿਣਾ ਪਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਚੱਲ ਰਹੀਆਂ ਨਜਾਇਜ਼ ਬੱਸਾਂ ਨੂੰ ਜਲਦੀ ਬੰਦ ਕੀਤਾ ਜਾਵੇਗਾ ਜਿਸ ਨਾਲ ਪੀ.ਆਰ.ਟੀ.ਸੀ. ਨੂੰ ਘਾਟੇ ਤੋਂ ਉਭਾਰਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਲਈ ਵਿਆਪਕ ਟੂਰਿਜ਼ਮ ਪਾਲਿਸੀ ਬਣਾਈ ਜਾ ਰਹੀ ਹੈ ਜਿਸਦਾ ਬਹੁਤ ਹੀ ਜਲਦੀ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਟੂਰਿਜ਼ਮ ਨੂੰ ਇਕ ਸਨਅਤ ਵਜੋਂ ਵਿਕਸਿਤ ਕੀਤਾ ਜਾਵੇਗਾ ਜਿਸ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਵੀ ਮਿਲੇਗਾ ਅਤੇ ਸੈਲਾਨੀਆਂ ਦੀ ਪੰਜਾਬ ਵਿਚ ਆਮਦ ਦਾ ਵੀ ਵਾਧਾ ਹੋਵੇਗਾ।
ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੇ ਹੱਕ ਵਿਚ ਸਪੱਸ਼ਟ ਬਹੁਮਤ ਦਿੱਤਾ ਹੈ ਅਤੇ ਸਾਡੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਪੰਜਾਬ ਸਰਕਾਰ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬੇ ਨੂੰ ਨਵੀਆਂ ਬੁਲੰਦੀਆਂ ’ਤੇ ਪਹੁੰਚਾਇਆ ਜਾਵੇਗਾ। ਇਸ ਉਪਰੰਤ ਉਨ੍ਹਾਂ ਪੱਟੀ ਵਿਖੇ ਨਵੇਂ ਬਣੇ ਗੈਸਟ ਹਾਉਸ ਦਾ ਉਦਘਾਟਨ ਕੀਤਾ। ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ. ਸਿੱਧੂ ਨੇ ਕਿਹਾ ਕਿ ਪੱਟੀ ਦੇ ਲੋਕਾਂ ਦੀ ਸਹੂਲਤ ਲਈ ਪੱਟੀ ਸ਼ਹਿਰ ਵਿਚ 8 ਕਰੋੜ ਰੁਪਏ ਖਰਚ ਕਰਕੇ ਪਾਰਕ ਬਣਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੱਟੀ ਵਿਖੇ ਫਾਇਰ ਬ੍ਰਿਗੇਡ ਦੀ ਸਹੂਲਤ ਵੀ ਆਉਂਦੇ 2 ਸਾਲਾਂ ਵਿਚ ਮੁਹੱਈਆ ਕਰਵਾ ਦਿੱਤੀ ਜਾਵੇਗਾੀ। ਇਸ ਮੌਕੇ ਹਰਮਿੰਦਰ ਸਿੰਘ ਗਿੱਲ ਹਲਕਾ ਵਿਧਾਇਕ ਪੱਟੀ, ਸੁਖਪਾਲ ਸਿੰਘ ਭੁੱਲਰ ਵਿਧਾਇਕ ਖੇਮਕਰਨ, ਕੁਲਬੀਰ ਸਿੰਘ ਜੀਰਾ ਵਿਧਾਇਕ ਜੀਰਾ, ਪਰਮਿੰਦਰ ਸਿੰਘ ਪਿੰਕੀ ਫਿਰੋਜ਼ਪੁਰ, ਇੰਜੀਨੀਅਰ ਡੀ.ਪੀ.ਐਸ. ਖਰਬੰਦਾ ਡਿਪਟੀ ਕਮਿਸ਼ਨਰ, ਹਰਜੀਤ ਸਿੰਘ ਐਸਐਸਪੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…