
ਹਰਜੋਤ ਬੈਂਸ ਨੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਦਿੱਤੇ ਪੁਰੀ ਜ਼ਿੰਮੇਵਾਰੀ ਨਾਲ ਕੰਮ ਕਰਨ ਦੇ ਆਦੇਸ਼
ਸਿੱਖਿਆ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇੱਕ ਟੀਮ ਵਜੋਂ ਕੰਮ ਕਰਨ ਲਈ ਪ੍ਰੇਰਿਆ
ਮਿਸ਼ਨ 100 ਫੀਸਦੀ ਲਈ ਸਮੂਹ ਸਿੱਖਿਆ ਅਧਿਕਾਰੀਆਂ ਤੇ ਮੈਂਟਰ ਅਧਿਆਪਕਾਂ ਦੀ ਇੱਕ ਰੋਜ਼ਾ ਓਰੀਐਂਟੇਸ਼ਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਦਸੰਬਰ:
ਸਿੱਖਿਆ ਵਿਭਾਗ ਵੱਲੋਂ ਅੱਜ ਇੱਥੇ ਮੁੱਖ ਦਫ਼ਤਰ ਵਿਖੇ ਮਿਸ਼ਨ-100 ਫੀਸਦੀ ਗਿਵ ਯੂਅਰ ਬੈੱਸਟ ਤਹਿਤ ਸਮੂਹ ਸਿੱਖਿਆ ਅਧਿਕਾਰੀਆਂ ਦੀ ਪਲੇਠੀ ਓਰੀਐਂਟੇਸ਼ਨ ਵਰਕਸ਼ਾਪ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਮੁੱਖ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ ਨੇ ਮਿਸ਼ਨ-100 ਫੀਸਦੀ ਦੇ ਉਦੇਸ਼ ਅਤੇ ਇਸ ਨੂੰ ਸਕੂਲਾਂ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਸਮੂਹ ਸਿੱਖਿਆ ਅਫ਼ਸਰਾਂ ਅਤੇ ਅਧਿਆਪਕ ਮੈਂਟਰ ਦੀ ਭੂਮਿਕਾ ਨੂੰ ਮਹੱਤਵਪੂਰਨ ਦੱਸਦਿਆਂ ਕਿਹਾ ਕਿ ਵਿਦਿਆਰਥੀ ਨੂੰ ਸਾਲਾਨਾ ਪ੍ਰੀਖਿਆਵਾਂ ਵਿੱਚ ਸਫਲ ਬਣਾਉਣ ਦੇ ਨਾਲ-ਨਾਲ ਚੰਗੇ ਅੰਕ ਅਤੇ ਵਧੀਆ ਤਿਆਰੀ ਕਰਕੇ ਆਉਣਾ ਇਸ ਮਿਸ਼ਨ ਦਾ ਅਸਲ ਉਦੇਸ਼ ਹੈ। ਇਸ ਤੋਂ ਇਲਾਵਾ ਸਿੱਖਿਆ ਸੁਧਾਰਾਂ ਬਾਰੇ ਵੀ ਸਿਰਜੋੜ ਕੇ ਚਰਚਾ ਕੀਤੀ ਗਈ।
ਸ੍ਰੀ ਬੈਂਸ ਨੇ ਕਿਹਾ ਸਿੱਖਿਆ ਵਿਭਾਗ ਵਿੱਚ ਕੰਮ ਸਭਿਆਚਾਰ ਦਾ ਵਿਕਾਸ ਹੋਵੇਗਾ, ਜਿਸ ਵਿੱਚ ਮਿਹਨਤੀ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਬਣਦਾ ਮਾਣ ਤਾਣ ਦਿੱਤਾ ਜਾਵੇਗਾ। ਵਿਦਿਆਰਥੀਆਂ ਨੂੰ ਮਿਹਨਤ ਕਰਨ ਦੀ ਚੇਟਕ ਲਗਾਉਣ ਲਈ ਅਧਿਆਪਕ ਹੀ ਵਧੀਆ ਮਿਸਾਲ ਬਣ ਸਕਦੇ ਹਨ ਕਿਉਂਕਿ ਅਧਿਆਪਕ ਹੀ ਖ਼ੁਦ ਇੱਕ ਚਾਨਣ ਮੁਨਾਰੇ ਵਜੋਂ ਵਿਚਰਦਾ ਹੈ। ਸਿੱਖਿਆ ਵਿਭਾਗ ਵੱਲੋਂ ਮਿਸ਼ਨ 100% ਲਈ ਮਾਈਕ੍ਰੋਯੋਜਨਾਬੰਦੀ ਕੀਤੀ ਜਾ ਰਹੀ ਹੈ, ਜਿਸ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਸਿੱਖਿਆ ਅਧਿਕਾਰੀ, ਸਕੂਲ ਮੁਖੀ, ਅਧਿਆਪਕ ਅਤੇ ਸਿੱਖਿਆ ਪ੍ਰਣਾਲੀ ਦਾ ਹਰ ਕਰਮਚਾਰੀ ਅਤੇ ਸਹਿਯੋਗੀ ਪ੍ਰਣ ਕਰਨ ਕਿ ਉਹ ਆਪਣਾ 100 ਫੀਸਦੀ ਯੋਗਦਾਨ ਪਾਉਣਗੇ।

ਇਸ ਮੌਕੇ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ, ਡੀਪੀਆਈ ਤੇਜਦੀਪ ਸਿੰਘ ਸੈਣੀ, ਐਸਸੀਈਆਰਟੀ ਦੇ ਡਾਇਰੈਕਟਰ ਡਾ. ਮਨਿੰਦਰ ਸਿੰਘ ਸਰਕਾਰੀਆ, ਕਿਰਨਜੀਤ ਸਿੰਘ ਟਿਵਾਣਾ, ਬਲਵਿੰਦਰ ਸਿੰਘ ਸੈਣੀ, ਡਾ. ਸ਼ੰਕਰ ਚੌਧਰੀ ਨੇ ਵੀ ਸੰਬੋਧਨ ਕੀਤਾ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਕਰਵਾਈ ਗਈ ਇਸ ਓਰੀਐਂਟੇਸ਼ਨ ਵਰਕਸ਼ਾਪ ਵਿੱਚ ਵੱਖ-ਵੱਖ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਡਿਪਟੀ ਤੇ ਸਹਾਇਕ ਡਾਇਰੈਕਟਰਾਂ, ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾਵਾਂ ਦੇ ਪ੍ਰਿੰਸੀਪਲਾਂ, ਪ੍ਰਿੰਸੀਪਲ ਅਤੇ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕ ਮੌਜੂਦ ਸਨ।