ਹਰਕੇਸ਼ ਚੰਦ ਸ਼ਰਮਾ ਨੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਇਲਾਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਮੇਰੀ ਪਹਿਲੀ ਤਰਜੀਹ ਤੇ ਜ਼ਿੰਮੇਵਾਰੀ : ਮੱਛਲੀ ਕਲਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਪਰੈਲ:
ਇਲਾਕੇ ਦੇ ਟਕਸਾਲੀ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਵਜੋਂ ਰਸਮੀ ਤੌਰ ’ਤੇ ਅਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਦੇ ਨਾਲ ਹੀ ਵਾਈਸ ਚੇਅਰਮੈਨ ਮਾ. ਸੁਖਜੀਤ ਸਿੰਘ ਨੇ ਵੀ ਅਪਣਾ ਅਹੁਦਾ ਸੰਭਾਲਿਆ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੋਵੇਂ ਆਗੂਆਂ ਨੂੰ ਕੁਰਸੀਆਂ ਉੱਤੇ ਬਿਠਾ ਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ। ਖੇੜੀਬਾੜੀ ਵਿਭਾਗ ਦੇ ਮੁੱਖ ਸਕੱਤਰ ਕਾਹਨ ਸਿੰਘ ਪੰਨੂ ਅਤੇ ਖਰੜ ਦੇ ਐਸਡੀਐਮ ਹਿਮਾਂਸ਼ੂ ਜੈਨ, ਕੌਂਸਲਰ ਕਮਲ ਕਿਸ਼ੋਰ ਸ਼ਰਮਾ ਵੀ ਮੌਜੂਦ ਸਨ।
ਅਹੁਦਾ ਸੰਭਾਲਣ ਉਪਰੰਤ ਆਪਣੇ ਸੰਬੋਧਨ ਵਿੱਚ ਸ੍ਰੀ ਮੱਛਲੀ ਕਲਾਂ ਨੇ ਕਿਹਾ ਕਿ ਉਹ ਅਪਣੀ ਨਿਯੁਕਤੀ ਲਈ ਵਿਸ਼ੇਸ਼ ਤੌਰ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਹਲਕੇ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਦਿਲੋਂ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਅਪਣੇ ਅਧਿਕਾਰ ਖੇਤਰ ਦੇ ਵਸਨੀਕ ਕਿਸਾਨਾਂ ਅਤੇ ਆਮ ਲੋਕਾਂ ਦੇ ਮਸਲੇ ਅਤੇ ਮੁਸ਼ਕਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਨੂੰ ਤਰਜ਼ੀਹ ਦੇਦਗੇ। ਉਨ੍ਹਾਂ ਕਿਹਾ ਕਿ ਇਸ ਵੇਲੇ ਉਨ੍ਹਾਂ ਦੀ ਪਹਿਲੀ ਤਰਜੀਹ ਅਤੇ ਜ਼ਿੰਮੇਵਾਰੀ ਖਰੜ ਮਾਰਕੀਟ ਕਮੇਟੀ ਅਧੀਨ ਆਉਂਦੇ ਖ਼ਰੀਦ ਕੇਂਦਰਾਂ ਵਿਚ ਫ਼ਸਲ ਦੀ ਖ਼ਰੀਦ ਨਿਰਵਿਘਨ ਤਰੀਕੇ ਨਾਲ ਮੁਕੰਮਲ ਕਰਾਉਣਾ ਹੋਵੇਗੀ। ਸ੍ਰੀ ਸ਼ਰਮਾ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਣਕ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਅਹੁਦੇ ‘ਤੇ ਨਿਯੁਕਤੀ ਨਾਲ ਉਨ੍ਹਾਂ ਦਾ ਹੀ ਨਹੀਂ ਸਗੋਂ ਇਲਾਕੇ ਦੇ ਲੋਕਾਂ ਦਾ ਮਾਣ ਵਧਿਆ ਹੈ ਜਿਸ ਸਦਕਾ ਇਲਾਕਾ ਵਾਸੀਆਂ ਅੰਦਰ ਖ਼ੁਸ਼ੀ ਅਤੇ ਉਤਸ਼ਾਹ ਪੈਦਾ ਹੋਣਾ ਸੁਭਾਵਿਕ ਹੈ।
ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸ੍ਰੀ ਮੱਛਲੀ ਕਲਾਂ ਪਿਛਲੇ ਲਗਭਗ 30 ਸਾਲਾਂ ਤੋਂ ਕਾਂਗਰਸ ਪਾਰਟੀ ਦੀ ਸੇਵਾ ਕਰਦੇ ਆ ਰਹੇ ਹਨ ਅਤੇ ਪੰਜਾਬ ਸਰਕਾਰ ਨੇ ਸ੍ਰੀ ਸ਼ਰਮਾ ਨੂੰ ਖਰੜ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰ ਕੇ ਇਲਾਕੇ ਦੇ ਸਮੂਹ ਕਾਂਗਰਸੀ ਵਰਕਰਾਂ ਨੂੰ ਮਾਣ-ਸਤਿਕਾਰ ਬਖ਼ਸ਼ਿਆ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸ੍ਰੀ ਸ਼ਰਮਾ ਅਤੇ ਮਾ. ਸੁਖਜੀਤ ਸਿੰਘ ਅਪਣੀ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਉਂਦੇ ਹੋਏ ਲੋਕਾਂ ਦੀ ਸੇਵਾ ਲਈ ਦਿਨ-ਰਾਤ ਹਾਜ਼ਰ ਰਹਿਣਗੇ। ਸੂਬੇ ਵਿੱਚ ਸ਼ੁਰੂ ਹੋ ਚੁੱਕੀ ਕਣਕ ਦੀ ਖ਼ਰੀਦ ਸਬੰਧੀ ਸ੍ਰੀ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਕੋਰੋਨਾ ਵਾਇਰਸ ਮਹਾਮਾਰੀ ਦੀ ਵੱਡੀ ਚੁਨੌਤੀ ਦੇ ਬਾਵਜੂਦ ਕਣਕ ਦੀ ਖ਼ਰੀਦ ਦੇ ਸੁਚੱਜੇ ਪ੍ਰਬੰਧ ਕੀਤੇ ਹਨ ਅਤੇ ਅਤੇ ਕਿਸਾਨਾਂ ਨੂੰ ਅਪਣੀ ਫ਼ਸਲ ਵੇਚਣ ਲਈ ਮੰਡੀਆਂ ਵਿਚ ਬਿਲਕੁਲ ਵੀ ਖੱਜਲ-ਖੁਆਰ ਨਹੀਂ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਭਜਨ ਕੌਰ, ਮਾਰਕੀਟ ਕਮੇਟੀ ਖਰੜ ਦੀ ਸਕੱਤਰ ਅਰਚਨਾ ਬਾਂਸਲ, ਡੀਐਸਪੀ ਪਾਲ ਸਿੰਘ ਆਦਿ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…