
ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ
ਕੇਜਰੀਵਾਲ ਦਾ ਦਿੱਲੀ ਮਾਡਲ ਨਕਲੀ, ਅੱਜ ਵੀ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ ਦਿੱਲੀ ਵਾਸੀ: ਖੇਡ ਮੰਤਰੀ ਸੰਦੀਪ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਫਰਵਰੀ:
ਹਰਿਆਣਾ ਦੇ ਖੇਡ ਮੰਤਰੀ ਤੇ ਨੌਜਵਾਨ ਆਗੂ ਸੰਦੀਪ ਸਿੰਘ ਨੇ ਮੁਹਾਲੀ ਵਿਖੇ ਭਾਜਪਾ ਦੇ ਉਮੀਦਵਾਰ ਸੰਜੀਵ ਵਸ਼ਿਸ਼ਟ ਦੇ ਹੱਕ ਵਿੱਚ ਕਈ ਥਾਵਾਂ ’ਤੇ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ। ਉਨ੍ਹਾਂ ਕਿਹਾ ਕਿ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਦਿੱਲੀ ਮਾਡਲ ਸਿਰਫ਼ ਝੂਠ ਦਾ ਪੁਲੰਦਾ ਹੈ ਜਦੋਂਕਿ ਸਚਾਈ ਇਹ ਹੈ ਕਿ ਦਿੱਲੀ ਵਾਸੀ ਅੱਜ ਵੀ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਪਾਲ ਦਾ ਮੁੱਦਾ ਬਣਾ ਕੇ ਸੱਤਾ ਵਿੱਚ ਆਈ ਕੇਜਰੀਵਾਲ ਸਰਕਾਰ ਦੱਸੇ ਹੁਣ ਲੋਕਪਾਲ ਕਿੱਥੇ ਹੈ।
ਭਾਜਪਾ ਆਗੂ ਨੇ ਕਿਹਾ ਕਿ ਕੇਜਰੀਵਾਲ ਦੇ ਦਿੱਲੀ ਵਿੱਚ ਇਕ ਹਜ਼ਾਰ ਮੁਹੱਲਾ ਕਲੀਨਿਕ ਬਣਾਉਣ ਦੀ ਗੱਲ ਕੀਤੀ ਸੀ ਪਰ ਜ਼ਮੀਨੀ ਹਕੀਕਤ ਕੁੱਝ ਹੋਰ ਹੀ ਹੈ। ਉਨ੍ਹਾਂ ਕਿਹਾ ਕਿ ਆਪ ਸੁਪਰੀਮੋ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਕੇ ਅਤੇ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕਰਨੀ ਚਾਹੁੰਦਾ ਹੈ। ਉਸ ਨੂੰ ਪੰਜਾਬ ਦੇ ਵਿਕਾਸ ਅਤੇ ਪੰਜਾਬੀਆਂ ਅਤੇ ਕਿਸਾਨਾਂ ਨਾਲ ਕੋਈ ਸਰੋਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਟੇਜਾਂ ਤੋਂ ਐਲਾਨ ਕਰ ਰਹੇ ਹਨ ਕਿ ਪੰਜਾਬ ਦੇ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ, ਪਰ ਸਚਾਈ ਇਹ ਹੈ ਕਿ ਦਿੱਲੀ ਵਿੱਚ ਹਾਲੇ ਤੱਕ ਗੈਸਟ ਫਕੈਲਟੀ ਮੈਂਬਰਾਂ ਨੂੰ ਪੱਕਾ ਨਹੀਂ ਕੀਤਾ ਗਿਆ।
ਇਸ ਤੋਂ ਪਹਿਲਾਂ ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਮੁਹਾਲੀ ਦੇ ਵਿਕਾਸ ਲਈ ਕੋਈ ਧਿਆਨ ਨਹੀਂ ਦਿੱਤਾ ਬਲਕਿ ਸੀਨੀਅਰ ਕਾਂਗਰਸੀ ਆਗੂ ਕੁਰਸੀ ਲਈ ਹੀ ਲੜਦੇ ਰਹੇ। ਉਨ੍ਹਾਂ ਨੇ ਕਾਂਗਰਸੀਆਂ ਨੂੰ ਸਵਾਲ ਕੀਤਾ ਕਿ ਸਿਰਫ਼ 111 ਦਿਨ ਲਈ ਬਣੇ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰ ਦੇ ਘਰੋਂ ਈਡੀ ਦੇ ਛਾਪੇ ਦੌਰਾਨ ਮਿਲੇ ਕਰੋੜਾਂ ਰੁਪਏ ਕਿੱਥੋਂ ਆਏ। ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕ ਬਲਬੀਰ ਸਿੱਧੂ ’ਤੇ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਦੱਬਣ ਦੇ ਕਥਿਤ ਦੋਸ਼ ਲੱਗਦੇ ਰਹੇ ਹਨ। ਇਸ ਮੌਕੇ ਜਸਵੀਰ ਸਿੰਘ ਮਹਿਤਾ, ਲਖਵਿੰਦਰ ਕੌਰ ਗਰਚਾ, ਰਾਮੇਸ਼ ਵਰਮਾ, ਅਰੁਣ ਸ਼ਰਮਾ, ਅਸ਼ੋਕ ਝਾਅ ਨੇ ਵੀ ਸੰਬੋਧਨ ਕੀਤਾ।