nabaz-e-punjab.com

ਵਿਜੀਲੈਂਸ ਵੱਲੋਂ ਇੱਕ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਹੌਲਦਾਰ ਤੇ ਹੋਮਗਾਰਡ ਗ੍ਰਿਫ਼ਤਾਰ

ਪੁਲੀਸ ਕਰਮਚਾਰੀਆਂ ਨੇ ਬੱਸ ਕੰਡਕਟਰ ਤੋਂ ਮੰਗੀ ਸੀ 2.50 ਲੱਖ ਰੁਪਏ ਦੀ ਰਿਸ਼ਵਤ

ਨਬਜ਼-ਏ-ਪੰਜਾਬ, ਮੁਹਾਲੀ, 21 ਜੁਲਾਈ:
ਪੰਜਾਬ ਵਿਜੀਲੈਂਸ ਬਿਊਰੋ ਨੇ ਦਲਾਲ ਰਾਹੀਂ ਇੱਕ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਅੱਜ ਹੁਸ਼ਿਆਰਪੁਰ ਦੇ ਸੀਨੀਅਰ ਕਾਂਸਟੇਬਲ (ਹੌਲਦਾਰ) ਕਿੰਦਰ ਸਿੰਘ, ਹੋਮਗਾਰਡ ਜੁਝਾਰ ਅਤੇ ਇੱਕ ਪ੍ਰਾਈਵੇਟ ਵਿਅਕਤੀ ਰੋਹਿਤ ਹਾਂਸ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਨੂੰ ਪੰਜਾਬ ਰੋਡਵੇਜ਼ ਡਿੱਪੂ ਹੁਸ਼ਿਆਰਪੁਰ ਵਿਖੇ ਤਾਇਨਾਤ ਕੰਡਕਟਰ ਗੁਰਮੇਲ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਖ਼ਿਲਾਫ਼ ਮੁਹਾਲੀ ਸਥਿਤ ਵਿਜੀਲੈਂਸ ਉਡਣ ਦਸਤਾ-1 ਥਾਣੇ ਵਿੱਚ ਪਰਚਾ ਦਰਜ ਕੀਤਾ ਗਿਆ ਹੈ।
ਵਿਜੀਲੈਂਸ ਅਨੁਸਾਰ ਬੱਸ ਕੰਡਕਟਰ ਨੇ ਪੰਜਾਬ ਵਿਜੀਲੈਂਸ ਬਿਊਰੋ ਉਡਣ ਦਸਤਾ-1 ਦੇ ਮੁਹਾਲੀ ਦਫ਼ਤਰ ਵਿੱਚ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਉਕਤ ਪੁਲੀਸ ਮੁਲਾਜ਼ਮਾਂ ਨੇ ਉਸ ਦੇ ਕਬਜ਼ੇ ’ਚੋਂ ਮਾਮੂਲੀ ਮਾਤਰਾ ਵਿੱਚ ਅਫ਼ੀਮ ਬਰਾਮਦ ਕੀਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਨੂੰ ਇਹ ਕਹਿ ਕੇ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ ਕਿ ਜੇਕਰ ਉਹ 2.5 ਲੱਖ ਰੁਪਏ ਰਿਸ਼ਵਤ ਨਹੀਂ ਦੇਵੇਗਾ ਤਾਂ ਉਹ ਉਸ ਨੂੰ ਨਸ਼ਾ ਬਰਾਮਦਗੀ ਦੇ ਕਿਸੇ ਵੱਡੇ ਕੇਸ ਵਿੱਚ ਫਸਾ ਦੇਣਗੇ।
ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਟਰੈਪ ਲਗਾ ਕੇ ਰੋਹਿਤ ਹਾਂਸ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਮੌਕੇ ਤੋਂ ਕਾਬੂ ਕਰ ਲਿਆ। ਮੁਲਜ਼ਮ ਦੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਥਾਣਾ ਮਾਡਲ ਟਾਊਨ, ਹੁਸ਼ਿਆਰਪੁਰ ਤੋਂ ਸੀਨੀਅਰ ਕਾਂਸਟੇਬਲ (ਹੌਲਦਾਰ) ਕਿੰਦਰ ਸਿੰਘ ਅਤੇ ਹੋਮਗਾਰਡ ਜੁਝਾਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਵਿਜੀਲੈਂਸ ਦੀਆਂ ਵੱਖ-ਵੱਖ ਟੀਮਾਂ ਇਸ ਮਾਮਲੇ ਵਿੱਚ ਲੋੜੀਂਦੇ ਫ਼ਰਾਰ ਇੱਕ ਹੋਰ ਸਿਪਾਹੀ ਅਮਿਤ ਕੁਮਾਰ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ ਅਤੇ ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …