
ਮੁੱਖ ਮੰਤਰੀ ਦਫ਼ਤਰ ਵਿੱਚ ਨੌਕਰੀ ਲਗਾਉਣ ਦਾ ਝਾਂਸਾ ਦੇ ਕੇ 6 ਲੱਖ ਮੰਗੇ, ਮੁਲਜ਼ਮ ਗ੍ਰਿਫ਼ਤਾਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਫਰਵਰੀ:
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਦੇ ਤਹਿਤ ਅੱਜ ਇੱਕ ਪ੍ਰਾਈਵੇਟ ਵਿਅਕਤੀ ਸੰਦੀਪ ਸਿੰਘ ਵਿਰਕ ਵਾਸੀ ਪਿੰਡ ਨਵਾਂ ਗਰਾਓਂ (ਮੁਹਾਲੀ) ਨੂੰ 15 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਮੁੱਖ ਮੰਤਰੀ ਦਫ਼ਤਰ ਵਿੱਚ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 6 ਲੱਖ ਰੁਪਏ ਮੰਗੇ ਸੀ। ਮੁਲਜ਼ਮ ਦੇ ਖ਼ਿਲਾਫ਼ ਮੁਹਾਲੀ ਸਥਿਤ ਵਿਜੀਲੈਂਸ ਬਿਊਰੋ ਦੇ ਉਡਣ ਦਸਤਾ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਸੰਦੀਪ ਵਿਰਕ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਉਸ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।
ਵਿਜੀਲੈਂਸ ਬਿਊਰੋ ਨੇ ਇਹ ਕਾਰਵਾਈ ਸਾਬਰ ਖਾਨ ਵਾਸੀ ਹੰਡਿਆਇਆ, ਜ਼ਿਲ੍ਹਾ ਬਰਨਾਲਾ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ। ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਝੂਠਾ ਦਾਅਵਾ ਕੀਤਾ ਸੀ ਕਿ ਉਸ ਦੀ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਤੱਕ ਪਹੁੰਚ ਹੈ ਅਤੇ ਉਹ ਉਸ ਨੂੰ ਵਿਸ਼ੇਸ਼ ਕੋਟੇ ਤਹਿਤ ਮੁੱਖ ਮੰਤਰੀ ਦਫ਼ਤਰ ਵਿੱਚ ਨਿੱਜੀ ਅਧਿਕਾਰੀ ਵਜੋਂ ਭਰਤੀ ਕਰਵਾ ਸਕਦਾ ਹੈ ਅਤੇ ਇਸ ਕੰਮ ਲਈ ਮੁਲਜ਼ਮ ਨੇ ਉਸ ਤੋਂ 6 ਲੱਖ ਰੁਪਏ ਦੀ ਮੰਗ ਕੀਤੀ ਸੀ।
ਇਸ ਸਬੰਧੀ ਸਾਬਰ ਖਾਨ ਨੂੰ ਸ਼ੱਕ ਹੋਣ ’ਤੇ ਉਸ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਦੇ ਕੇ ਦੱਸਿਆ ਕਿ ਮੁਲਜ਼ਮ ਪਹਿਲਾਂ ਹੀ ਉਸ ਕੋਲੋਂ ਇਸੇ ਕੰਮ ਬਦਲੇ 15 ਹਜ਼ਾਰ ਰੁਪਏ ਲੈ ਚੁੱਕਾ ਹੈ ਅਤੇ ਹੁਣ ਫਾਈਲ ’ਤੇ ਦਸਤਖ਼ਤ ਕਰਵਾਉਣ ਅਤੇ ਅੱਗੇ ਸਬੰਧਤ ਅਧਿਕਾਰੀ ਤੋਂ ਮਨਜ਼ੂਰੀ ਦਿਵਾਉਣ ਲਈ ਹੋਰ 25 ਲੱਖ ਰੁਪਏ ਦੀ ਮੰਗ ਕਰ ਰਿਹਾ ਹੈ। ਮੁੱਢਲੀ ਤਫ਼ਤੀਸ਼ ਉਪਰੰਤ ਵਿਜੀਲੈਂਸ ਨੇ ਜਾਲ ਵਿਛਾ ਕੇ ਮੁਲਜ਼ਮ ਸੰਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਸੰਦੀਪ ਸਿੰਘ ਨੇ ਸ਼ਿਕਾਇਤਕਰਤਾ ਨੂੰ ਉਸ ਦੀ ਭਰਤੀ ਬਾਰੇ ਯਕੀਨ ਦਿਵਾਉਣ ਲਈ ਜਾਅਲੀ ਨਿਯੁਕਤੀ ਪੱਤਰ ਅਤੇ ਹੋਰ ਸਬੰਧਤ ਦਸਤਾਵੇਜ਼ਾਂ ’ਤੇ ਦਸਤਖਤ ਕਰਵਾਉਣ ਲਈ ਸ਼ਿਕਾਇਤਕਰਤਾ ਨੂੰ ਭਰਮਾ ਲਿਆ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਦੇ ਕੰਮ ਕਰਨ ਦੇ ਢੰਗ ਦਾ ਪਰਦਾਫਾਸ਼ ਕਰਨ ਅਤੇ ਕਿਸੇ ਹੋਰ ਪ੍ਰਾਈਵੇਟ/ਸਰਕਾਰੀ ਕਰਮਚਾਰੀਆਂ ਸਮੇਤ ਉਸਦੇ ਸਾਥੀਆਂ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਵਿਜੀਲੈਂਸ ਅਨੁਸਾਰ ਮੁਲਜ਼ਮ ਕੋਲੋਂ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।