
ਆਪ ਦੀ ਸਰਕਾਰ ਬਣਨ ’ਤੇ ਸਿਹਤ ਅਤੇ ਸਿੱਖਿਆ ਨੂੰ ਤਰਜ਼ੀਹ ਦਿੱਤੀ ਜਾਵੇਗੀ: ਕੁਲਵੰਤ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜਨਵਰੀ:
ਦੇਸ਼ ਨੂੰ ਆਜ਼ਾਦੀ ਮਿਲਣ ਤੋਂ ਬਾਅਦ ਕਰੀਬ 75 ਸਾਲ ਬੀਤ ਜਾਣ ’ਤੇ ਵੀ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਵਿੱਚ ਸੁਧਾਰ ਨਹੀਂ ਹੋ ਸਕਿਆ। ਜੇਕਰ ਸਿਹਤ ਸਹੂਲਤਾਂ ਵਿੱਚ ਸੁਧਾਰ ਹੋਇਆ ਹੁੰਦਾ ਤਾਂ ਕੈਪਟਨ ਅਮਰਿੰਦਰ ਸਿੰਘ ਵਜ਼ਾਰਤ ਵਿੱਚ ਸਿਹਤ ਮੰਤਰੀ ਰਹੇ ਬਲਬੀਰ ਸਿੰਘ ਸਿੱਧੂ ਪ੍ਰਾਈਵੇਟ ਹਸਪਤਾਲਾਂ ਵਿੱਚ ਦਖ਼ਲ ਹੋ ਕੇ ਆਪਣਾ ਇਲਾਜ ਨਾ ਕਰਵਾਉਣਾ ਪੈਂਦਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਸਿੱਖਿਆ ਵਿੱਚ ਸੁਧਾਰ ਹੋਇਆ ਹੁੰਦਾ ਤਾਂ ਸੂਬੇ ਦੇ ਮੰਤਰੀ ਜਾਂ ਅਫ਼ਸਰਸ਼ਾਹੀ ਅਤੇ ਆਮ ਲੋਕਾਂ ਨੂੰ ਪ੍ਰਾਈਵੇਟ ਸਕੂਲਾਂ ਦੀ ਥਾਂ ਸਰਕਾਰੀ ਸਕੂਲਾਂ ਵਿੱਚ ਆਪਣੇ ਬੱਚਿਆਂ ਨੂੰ ਪੜਾਉਂਦੇ। ਲੇਕਿਨ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ’ਤੇ ਸਿਹਤ ਅਤੇ ਸਿੱਖਿਆ ਨੂੰ ਤਰਜ਼ੀਹ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ ਅਤੇ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਪਾਰਟੀ ’ਚੋਂ ਬਾਗੀ ਹੋਣ ਵਾਲੇ ਵਲੰਟੀਅਰਾਂ ਬਾਰੇ ਪ੍ਰਤੀਕਰਮ ਦਿੰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਪਾਰਟੀ ਛੱਡ ਜਾਣ ਨਾਲ ਜਾਂ ਪਾਰਟੀਆਂ ਬਦਲਣ ਨਾਲ ਕੁੱਝ ਨਹੀਂ ਹੋਣਾ ਬਲਕਿ ਸਾਨੂੰ ਇਹ ਪੁਰਾਣਾ ਰਵਾਇਤੀ ਸਿਆਸੀ ਸਿਸਟਮ ਬਦਲਣ ਦੀ ਲੋੜ ਹੈ। ਆਮ ਆਦਮੀ ਪਾਰਟੀ ਲਈ ਇਹ ਚੋਣਾਂ ਦੇਸ਼ ਅਤੇ ਸਮਾਜ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦਾ ਜ਼ਰੀਆ ਬਣਨਗੀਆਂ। ਚੋਣਾਂ ਦਾ ਮੰਤਵ ਇੱਕ ਪਾਰਟੀ ਨੂੰ ਬਦਲ ਕੇ ਦੂਜੀ ਪਾਰਟੀ ਦ ਸਰਕਾਰ ਲਿਆਉਣਾ ਨਹੀਂ ਸਗੋਂ ਭ੍ਰਿਸ਼ਟਚਾਰੀ ਸਿਸਟਮ ਨੂੰ ਜੜ੍ਹੋਂ ਪੁੱਟ ਕੇ ਇੱਕ ਇਮਾਨਦਾਰ ਸਿਸਟਮ ਲਿਆਉਣਾ ਹੈ। ਦਿੱਲੀ ਵਿੱਚ ਕੇਜਰੀਵਾਲ ਸਰਕਾਰ ਪਹਿਲਾਂ ਹੀ ਸਾਬਤ ਕਰ ਚੁੱਕੀ ਹੈ ਕਿ ਸੱਤਾ ਪਰਿਵਰਤਨ ਸੰਭਵ ਹੈ ਅਤੇ ਇਮਾਨਦਾਰੀ ਨਾਲ ਵੀ ਸਰਕਾਰਾਂ ਚਲਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਐਤਕੀਂ ਪੰਜਾਬ ਦੀ ਸਿਆਸੀ ਸੱਤਾ ਵਿੱਚ ਵੀ ਬਦਲਾਅ ਲਿਆ ਕੇ ਆਪ ਦੀ ਸਰਕਾਰ ਬਣਾਈ ਜਾਵੇਗੀ ਅਤੇ ਦਿੱਲੀ ਮਾਡਲ ਦੀ ਤਰਜ਼ ’ਤੇ ਪੰਜਾਬ ਦਾ ਵਿਕਾਸ ਕੀਤਾ ਜਾਵੇਗਾ।