nabaz-e-punjab.com

ਡੇਂਗੂ ਦੇ 53 ਕੇਸ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਤੇ ਨਗਰ ਨਿਗਮ ਸਰਗਰਮ

ਨਬਜ਼-ਏ-ਪੰਜਾਬ, ਮੁਹਾਲੀ, 26 ਜੂਨ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਡੇਂਗੂ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਹੁਣ ਤੱਕ (45 ਦਿਨਾਂ) ਵਿੱਚ ਕੁੱਲ ਪਾਜ਼ੇਟਿਵ ਕੇਸਾਂ ’ਚੋਂ 53 ਮਾਮਲੇ ਰਿਪੋਰਟ ਕੀਤੇ ਗਏ ਹਨ। ਡੇਂਗੂ ਦੇ ਵਧਦੇ ਮਾਮਲਿਆਂ ਤੋਂ ਬਾਅਦ ਸਿਹਤ ਵਿਭਾਗ ਵੀ ਸਰਗਰਮ ਹੋ ਗਿਆ ਹੈ। ਡੇਂਗੂ ਮੱਛਰ ਦੀ ਰੋਕਥਾਮ ਲਈ ਘਰ-ਘਰ ਸਰਵੇ ਅਤੇ ਜਾਂਚ ਤੇਜ਼ ਕਰ ਦਿੱਤੀ ਹੈ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ ਨੇ ਦੱਸਿਆ ਕਿ ਸਿਹਤ ਕਰਮਚਾਰੀ ਘਰ-ਘਰ ਜਾ ਕੇ ਅਤੇ ਹੋਰਨਾਂ ਥਾਵਾਂ ’ਤੇ ਸਰਵੇ ਕਰ ਰਹੇ ਹਨ, ਕੂਲਰਾਂ, ਫਰਿੱਜਾਂ ਦੀਆਂ ਟਰੇਆਂ, ਬਰਤਨ, ਖਾਲੀ ਟਾਇਰ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ।
ਉਧਰ, ਜਿੱਥੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਡੇਂਗੂ ਤੋਂ ਬਚਾਅ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ ਹੈ, ਉੱਥੇ ਸਿਹਤ ਵਿਭਾਗ ਵੱਲੋਂ ਵੀ ਡੇਂਗੂ ਬੁਖ਼ਾਰ ਨੂੰ ਫੈਲਣ ਤੋਂ ਰੋਕਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਨਗਰ ਨਿਗਮ ਪਰਜੀਵੀ ਵਾਇਰਸਾਂ ਕਾਰਨ ਹੁੰਦੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਨਿਗਮ ਵੱਲੋਂ ਡੇਂਗੂ ਵਾਇਰਸ ਦੀ ਲਾਗ ਨੂੰ ਪਿਛਲੇ ਸਾਲ ਨਾਲੋਂ 80 ਫੀਸਦੀ ਤੱਕ ਘੱਟ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਮੁਹਾਲੀ ਵਿੱਚ ਸਿਰਫ਼ 45 ਦਿਨਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਚਿੰਤਾਜਨਕ ਵਾਧਾ ’ਤੇ ਚਿੰਤਾ ਜਾਹਰ ਕਰਦਿਆਂ ਮੇਅਰ ਨੇ ਕਿਹਾ ਕਿ ਡੇਂਗੂ ਦੇ ਲੱਛਣਾਂ, ਕਾਰਨਾਂ, ਸਾਵਧਾਨੀਆਂ ਅਤੇ ਇਲਾਜ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੀ ਇਸ ਘਾਤਕ ਵਾਇਰਸ ਨਾਲ ਨਜਿੱਠਣ ਦਾ ਇੱਕੋ ਇੱਕ ਤਰੀਕਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਸਪਰੇਅ ਅਤੇ ਮੱਛਰ ਮਾਰਨ ਵਾਲੀ ਫੌਗਿੰਗ ਮਸ਼ੀਨਾਂ ਵਿੱਚ ਵਾਧਾ ਕੀਤਾ ਜਾਵੇਗਾ। ਮੌਨਸੂਨ ਨੇੜੇ ਆਉਣ ਕਾਰਨ ਡਾਇਰੀਆ ਅਤੇ ਡੇਂਗੂ ਦਾ ਡਰ ਬਣਿਆ ਹੋਇਆ ਹੈ। ਉਹ ਜਲਦੀ ਹੀ ਡਿਪਟੀ ਕਮਿਸ਼ਨਰ ਨੂੰ ਖਾਲੀ ਪਲਾਟਾਂ ਵਿੱਚ ਸਫ਼ਾਈ ਨਾ ਰੱਖਣ ਵਾਲੇ ਵਸਨੀਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕਰਨ ਦੀ ਅਪੀਲ ਕਰਨਗੇ।
ਜੀਤੀ ਸਿੱਧੂ ਨੇ ਕਿਹਾ ਕਿ ਨਗਰ ਨਿਗਮ ਵੈਕਟਰ ਬੋਰਨ ਬਿਮਾਰੀਆਂ ਖਾਸ ਕਰਕੇ ਡੇਂਗੂ ਅਤੇ ਦਸਤ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਪਿਛਲੇ ਸਾਲ ਦੀ ਤਰ੍ਹਾਂ ਇੱਕ ਵੱਡੀ ਮੁਹਿੰਮ ਦੀ ਅਗਵਾਈ ਕਰੇਗਾ। ਇਸ ਸਬੰਧੀ ਵੱਡੇ ਪੱਧਰ ’ਤੇ ਜਾਗਰੂਕਤਾ ਯਕੀਨੀ ਬਣਾਉਣ ਲਈ ਉਹ ਆਪਣੇ ਨਿੱਜੀ ਫੰਡਾਂ ’ਚੋਂ ਵੀ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਤੋਂ ਵੱਧ ਪੇਂਡੂ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਜਾਗਰੂਕਤਾ ਦਾ ਹੋਕਾ ਦੇਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਜਲਦੀ ਹੀ ਇੱਕ ਟੋਲ-ਫ੍ਰੀ ਨੰਬਰ ਜਾਰੀ ਕੀਤਾ ਜਾਵੇਗਾ। ਜਿੱਥੇ ਲੋਕ ਡੇਂਗੂ ਲਾਰਵਾ ਦੀ ਰਿਪੋਰਟ ਕਰ ਸਕਣਗੇ।

Load More Related Articles
Load More By Nabaz-e-Punjab
Load More In General News

Check Also

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ ਨਬਜ਼-ਏ-ਪੰਜਾਬ, ਮੁਹਾਲੀ, 5 ਅਕ…