Nabaz-e-punjab.com

ਸਿਹਤ ਵਿਭਾਗ ਵੱਲੋਂ ਸਰਕਾਰੀ ਮੈਰੀਟੋਰੀਅਸ ਸਕੂਲ ਮਟੌਰ ਵਿੱਚ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦਾ ਹੋਕਾ

ਸਿਹਤ ਵਿਭਾਗ ਤੇ ਗੈਰ-ਸਰਕਾਰੀ ਸੰਸਥਾਵਾਂ ਦੇ ਸਾਂਝੇ ਯਤਨਾਂ ਨਾਲ ਲਿੰਗ ਅਨੁਪਾਤ ਵਿੱਚ ਸੁਧਾਰ ਆਇਆ: ਡਾ. ਵਾਲੀਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਪਰੈਲ:
ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਅੱਜ ਸਰਕਾਰੀ ਮੈਰੀਟੋਰੀਅਸ ਸਕੂਲ ਮਟੌਰ (ਸੈਕਟਰ-70) ਵਿੱਚ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪਰਿਵਾਰ ਨਿਯੋਜਨ ਅਫ਼ਸਰ ਡਾ. ਰੁਪਿੰਦਰ ਕੌਰ ਵਾਲੀਆ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਭਾਵੇਂ ਲੜਕੀਆਂ ਹਰ ਖੇਤਰ ਵਿੱਚ ਲੜਕਿਆਂ ਤੋਂ ਵੀ ਅੱਗੇ ਜਾ ਰਹੀਆਂ ਹਨ ਪ੍ਰੰਤੂ ਫਿਰ ਵੀ ਅੌਰਤਾਂ ਦੇ ਵਿਕਾਸ ਲਈ ਸਰਕਾਰੀ ਪੱਧਰ ’ਤੇ ਹਾਲੇ ਵੀ ਕਾਫੀ ਕੁਝ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਕੋਈ ਖੇਤਰ ਅਜਿਹਾ ਨਹੀਂ ਬਚਿਆ ਜਿਸ ਵਿੱਚ ਕੁੜੀਆਂ ਨੇ ਮੱਲ ਨਾ ਮਾਰੀਆਂ ਹੋਣ। ਕੁਝ ਖੇਤਰਾਂ ਵਿੱਚ ਤਾਂ ਕੁੜੀਆਂ ਮੁੰਡਿਆਂ ਨਾਲੋਂ ਅੱਗੇ ਲੰਘ ਗਈਆਂ ਹਨ।
ਡਾਕਟਰ ਵਾਲੀਆ ਨੇ ਕਿਹਾ ਕਿ ਸਿਹਤ ਵਿਭਾਗ ਅਤੇ ਕੁਝ ਗੈਰ-ਸਰਕਾਰੀ ਸੰਸਥਾਵਾਂ ਦੀਆਂ ਸਾਂਝੀ ਕੋਸ਼ਿਸ਼ਾਂ ਸਦਕਾ ਅੱਜ ਲਿੰਗ ਅਨੁਪਾਤ ਵਿੱਚ ਪਿਛਲੇ ਸਾਲਾਂ ਮੁਕਾਬਲੇ ਕਾਫ਼ੀ ਸੁਧਾਰ ਆ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਪਾਸੇ ਕੁੜੀਆਂ ਨੂੰ ਤਰੱਕੀ ਕਰਦੇ ਦੇਖ ਕੇ ਮਾਪਿਆਂ ਨੂੰ ਸਮਝ ਆ ਜਾਣੀ ਚਾਹੀਦੀ ਹੈ, ਜੋ ਲੋਕ ਹਾਲੇ ਵੀ ਕੁੜੀਆਂ ਨੂੰ ਕੁੱਖ ਵਿੱਚ ਮਾਰਨ ਦਾ ਪਾਪ ਕਰ ਰਹੇ ਹਨ। ਅਜਿਹੇ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਜ਼ਾਵਾਂ ਦਿਵਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਕੰਮ ਇਕੱਲਾ ਸਿਹਤ ਵਿਭਾਗ ਨਹੀਂ ਕਰ ਸਕਦਾ। ਇਸ ਦੀ ਸਫਲਤਾ ਲਈ ਆਮ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ।
ਇਸ ਤੋਂ ਪਹਿਲਾਂ ਘੜੂੰਆਂ ਹਸਪਤਾਲ ਦੀ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਜੀਤ ਕੌਰ ਨੇ ਕਿਹਾ ਕਿ ਸਮਾਜ ਵਿੱਚ ਅੌਰਤਾਂ ਨੂੰ ਬਣਦਾ ਸਤਿਕਾਰ ਅਤੇ ਸੁਰੱਖਿਆ ਮਿਲਣੀ ਚਾਹੀਦੀ ਹੈ। ਉਨ੍ਹਾਂ ਭਰੂਣ ਹੱਤਿਆ ਅਤੇ ਦਾਜ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਵਿੱਚ ਅੌਰਤਾਂ ਨੂੰ ਅਹਿਮ ਰੋਲ ਨਿਭਾਉਣ ਲਈ ਪ੍ਰੇਰਦਿਆਂ ਕੁੜੀਆਂ ਦੀ ਘਟਦੀ ਗਿਣਤੀ ’ਤੇ ਚਿੰਤਾ ਕੀਤੀ। ਇਸ ਮੌਕੇ ਅਕਾਲੀ ਦਲ ਦੇ ਕੌਂਸਲਰ ਹਰਪਾਲ ਸਿੰਘ ਚੰਨਾ, ਡਾ. ਰਮਨਦੀਪ ਕੌਰ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਦੀਪ ਕੌਰ, ਸ੍ਰੀਮਤੀ ਰਿਤੂ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…