ਸਿਹਤ ਵਿਭਾਗ ਨੇ ਮਿਠਾਈ ਤੇ ਹੋਰ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਚੈਕਿੰਗ, ਸੈਂਪਲ ਭਰੇ

ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਸਿਵਲ ਸਰਜਨ

ਮਿਲਾਵਟੀ ਵਸਤਾਂ ਵੇਚਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਕਤੂਬਰ:
ਕੌਮੀ ਤਿਉਹਾਰਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਦੀਆਂ ਵਿਸ਼ੇਸ਼ ਟੀਮਾਂ ਨੇ ਮੁਹਾਲੀ ਅਤੇ ਆਸਪਾਸ ਇਲਾਕਿਆਂ ਵਿੱਚ ਮਿਠਾਈ ਅਤੇ ਹੋਰ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਦੁਕਾਨਦਾਰਾਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ। ਇਸ ਦੌਰਾਨ ਸਿਹਤ ਵਿਭਾਗ ਨੇ ਕਈ ਦੁਕਾਨਾਂ ਤੋਂ ਸੈਂਪਲ ਵੀ ਲਏ ਗਏ। ਅੱਜ ਇੱਥੇ ਇਹ ਜਾਣਕਾਰੀ ਸਿਵਲ ਸਰਜਨ ਡਾ. ਆਦਰਸ਼ ਪਾਲ ਕੌਰ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ ਨੇ ਦਿੱਤੀ।
ਉਨ੍ਹਾਂ ਨੇ ਦੁਕਾਨਦਾਰਾਂ ਨੂੰ ਫੂਡ ਸੇਫ਼ਟੀ ਸਟੈਂਡਰਡਜ਼ ਐਂਡ ਰੈਗੂਲੇਸ਼ਨ ਐਕਟ ਦਾ ਪਾਠ ਪੜ੍ਹਾਉਂਦਿਆਂ ਖਾਣ-ਪੀਣ ਦੀਆਂ ਵਸਤਾਂ ਬਣਾਉਣ ਅਤੇ ਵੇਚਣ ਵਾਲੇ ਦੁਕਾਨਦਾਰਾਂ, ਹਲਵਾਈਆਂ, ਕਰਿਆਨਾ ਦੁਕਾਨਦਾਰਾਂ, ਫਲ/ਸਬਜ਼ੀਆਂ, ਦੋਧੀਆਂ ਅਤੇ ਹੋਰ ਫੂਡ ਬਿਜ਼ਨਸ ਅਪਰੇਟਰਾਂ ਨੂੰ ਹਦਾਇਤ ਕੀਤੀ ਕਿ ਉਹ ਸ਼ੁੱਧ, ਮਿਆਰੀ ਤੇ ਸਾਫ਼-ਸੁਥਰੀਆਂ ਚੀਜ਼ਾਂ ਹੀ ਵੇਚਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਫੂਡ ਸੇਫ਼ਟੀ ਵਿੰਗ ਦੀਆਂ ਟੀਮਾਂ ਵੱਲੋਂ ਸਮੇਂ ਸਮੇਂ ’ਤੇ ਦੁਕਾਨਾਂ ਦੀ ਚੈਕਿੰਗ ਜਾਰੀ ਰਹੇਗੀ। ਜੇਕਰ ਕੋਈ ਦੁਕਾਨਦਾਰ ਸ਼ੁੱਧ ਤੇ ਮਿਆਰੀ ਚੀਜ਼ਾਂ ਵੇਚਦਾ ਹੈ ਤਾਂ ਉਸ ਨੂੰ ਡਰਨ ਦੀ ਲੋੜ ਨਹੀਂ। ਜਾਂਚ ਦਾ ਮੰਤਵ ਕਿਸੇ ਦੁਕਾਨਦਾਰ ਨੂੰ ਤੰਗ ਪ੍ਰੇਸ਼ਾਨ ਕਰਨਾ ਨਹੀਂ ਸਗੋਂ ਖਾਣ-ਪੀਣ ਵਾਲੀਆਂ ਚੀਜ਼ਾਂ ਦੇ ਮਿਆਰ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਮੀਟਿੰਗ ਵਿੱਚ ਹਦਾਇਤਾਂ ਦਿੱਤੀਆਂ ਸਨ। ਜਿਸ ’ਤੇ ਅਮਲ ਕਰਦਿਆਂ ਫੂਡ ਸੇਫ਼ਟੀ ਟੀਮ ਨੇ ਅੱਜ ਮੁਹਾਲੀ, ਮੁੱਲਾਂਪੁਰ ਗਰੀਬਦਾਸ, ਕੁਰਾਲੀ, ਨਵਾਂ ਗਾਉਂ ਅਤੇ ਨਿਊ ਚੰਡੀਗੜ੍ਹ ਵਿੱਚ ਮਿਠਾਈ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਅਤੇ ਵੱਖ-ਵੱਖ ਚੀਜ਼ਾਂ ਦੇ ਸੈਂਪਲ ਲਏ।
ਸਿਵਲ ਸਰਜਨ ਨੇ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿਸ ਤਹਿਤ ਸਬੰਧਤ ਦੁਕਾਨਦਾਰ ਦਾ ਵਿਕਰੀ ਲਾਇਸੈਂਸ ਵੀ ਰੱਦ ਕੀਤਾ ਜਾ ਸਕਦਾ ਹੈ। ਕਾਨੂੰਨ ਵਿੱਚ ਜੁਰਮਾਨਾ ਤੇ ਸਜ਼ਾ ਦਾ ਵੀ ਪ੍ਰਬੰਧ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਖ਼ੁਦ ਵੀ ਜਾਗਰੂਕ ਹੋਣ ਅਤੇ ਖਾਣ-ਪੀਣ ਦੀਆਂ ਚੀਜ਼ਾਂ ਦੀ ਖ਼ਰੀਦ ਸਮੇਂ ਮਿਆਰ ਅਤੇ ਸ਼ੁੱਧਤਾ ਨਾਲ ਸਮਝੌਤਾ ਨਾ ਕਰਨ।
ਜ਼ਿਲ੍ਹਾ ਸਿਹਤ ਅਫ਼ਸਰ ਨੇ ਕਿਹਾ ਕਿ ਫੂਡ ਸੇਫ਼ਟੀ ਕਾਨੂੰਨ ਤਹਿਤ ਮਿਠਾਈ ਵੇਚਣ ਵਾਲੇ ਦੁਕਾਨਦਾਰਾਂ ਨੂੰ ਕਾਉਂਟਰ ’ਤੇ ਇਹ ਦਰਸਾਉਣਾ ਲਾਜ਼ਮੀ ਹੋਵੇਗਾ ਕਿ ਵਿਕਰੀ ਲਈ ਖੁੱਲ੍ਹੀ ਮਿਠਾਈ ਕਿਹੜੀ ਤਰੀਕ ਤੱਕ ਖਾਣ ਯੋਗ ਹੈ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਨ੍ਹਾਂ ਵਿਰੁੱਧ ਕਾਰਵਾਈ ਤਹਿਤ
ਚਲਾਨ ਕੱਟੇ ਜਾਣਗੇ। ਇਹ ਨਿਯਮ ਦੇਸ਼ ਭਰ ਵਿੱਚ 1 ਅਕਤੂਬਰ ਤੋਂ ਲਾਗੂ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਟਰੇਅ ਵਿੱਚ ਮਿਠਾਈ ਤੇ ਹੋਰ ਚੀਜ਼ਾਂ ਖੁੱਲ੍ਹੀਆਂ ਰੱਖੀਆਂ ਹੁੰਦੀਆਂ ਹਨ ਅਤੇ ਗਾਹਕਾਂ ਨੂੰ ਪਤਾ ਨਹੀਂ ਚਲਦਾ ਕਿ ਕਦੋਂ ਬਣੀਆਂ ਹਨ ਅਤੇ ਕਦੋਂ ਤੱਕ ਖਾਣਯੋਗ ਹਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …