
ਮਿਸ਼ਨ ਫਤਿਹ: ਸਿਹਤ ਵਿਭਾਗ ਨੇ ਸਰਕਾਰੀ ਡਿਸਪੈਂਸਰੀ ਮਟੌਰ ਵਿੱਚ ਜਾਗਰੂਕਤਾ ਸਮਾਗਮ
‘ਕਰੋਨਾਵਾਇਰਸ’ ਵਿਰੁੱਧ ਸਾਰਿਆਂ ਦੇ ਸਹਿਯੋਗ ਨਾਲ ਜਿੱਤਾਂਗੇ ਲੜਾਈ: ਸਿਵਲ ਸਰਜਨ
ਵਾਰ-ਵਾਰ ਹੱਥ ਧੋਣ, ਮੂੰਹ ਢੱਕ ਕੇ ਰੱਖਣ ਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਰੱਖਣ ਦੀ ਪੁਰਜ਼ੋਰ ਅਪੀਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੁਲਾਈ:
ਸਿਹਤ ਵਿਭਾਗ ਵੱਲੋਂ ‘ਮਿਸ਼ਨ ਫਤਿਹ’ ਤਹਿਤ ਅੱਜ ਇੱਥੋਂ ਸੈਕਟਰ-71 ਸਥਿਤ ਸਰਕਾਰੀ ਡਿਸਪੈਂਸਰੀ ਵਿੱਚ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬੋਲਦਿਆਂ ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ‘ਕਰੋਨਾਵਾਇਰਸ’ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਲੋਕਾਂ ਨੂੰ ਪੂਰੀ ਸ਼ਿੱਦਤ ਨਾਲ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ‘ਮਿਸ਼ਨ ਫਤਿਹ’ ਦੀ ਸਫ਼ਲਤਾ ਲਈ ‘ਵਾਰ-ਵਾਰ ਹੱਥ ਧੋਣ, ਇਕ ਦੂਜੇ ਤੋਂ ਦੂਰੀ ਰੱਖਣ ਅਤੇ ਮੂੰਹ ਢੱਕ ਕੇ ਰੱਖਣ ਜਿਹੇ ਤਰੀਕੇ ਅਪਣਾਉਣ ਦੀ ਅਤਿਅੰਤ ਲੋੜ ਹੈ।
ਸਿਵਲ ਸਰਜਨ ਨੇ ਕਿਹਾ ਕਿ ਸੂਬੇ ਦੇ ਲੋਕ ਇਸ ਬਿਮਾਰੀ ਬਾਬਤ ਕਾਫ਼ੀ ਜਾਗਰੂਕ ਹੋ ਰਹੇ ਹਨ, ਜਿਸ ਦੇ ਨਤੀਜੇ ਵਜੋਂ ਪੰਜਾਬ ਵਿੱਚ ਕਰੋਨਾ ਪੀੜਤ ਮਰੀਜ਼ਾਂ ਅਤੇ ਮੌਤਾਂ ਦੀ ਗਿਣਤੀ ਬਾਕੀ ਸੂਬਿਆਂ ਨਾਲੋਂ ਬਿਹਤਰ ਹੈ ਪ੍ਰੰਤੂ ਇਸ ਦੇ ਬਾਵਜੂਦ ਹਰੇਕ ਨਾਗਰਿਕ ਨੂੰ ਜਾਗਰੂਕ ਅਤੇ ਸਾਵਧਾਨੀਆਂ ਵਰਤਣ ਦੀ ਲੋੜ ਹੈ ਤਾਂ ਜੋ ਇਸ ਮਹਾਮਰੀ ਦੇ ਫੈਲਾਅ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ‘ਤਾਲਾਬੰਦੀ ਖੁਲ੍ਹਣ ਦਾ ਇਹ ਮਤਲਬ ਨਾ ਸਮਝਿਆ ਜਾਵੇ ਕਿ ਸਾਰੇ ਇਸ ਬਿਮਾਰੀ ਤੋਂ ਮੁਕਤ ਹੋ ਗਏ ਹਨ ਸਗੋਂ ਮੁੜ ਕੇਸ ਸਾਹਮਣੇ ਆਉਣ ਨਾਲ ਸਾਨੂੰ ਹੋਰ ਵੀ ਮੁਸਤੈਦ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ ਵਿੱਚ ਪਹਿਲੇ ਦਿਨ ਤੋਂ ਹੀ ਕਰੋਨਾ ਖ਼ਿਲਾਫ਼ ਲੜਾਈ ਵਿੱਢੀ ਹੋਈ ਹੈ ਅਤੇ ਸਾਰਿਆਂ ਦੇ ਸਹਿਯੋਗ ਅਤੇ ਸਾਂਝੇ ਉਪਰਾਲਿਆਂ ਸਦਕਾ ਇਹ ਲੜਾਈ ਜ਼ਰੂਰ ਜਿੱਤੀ ਜਾਵੇਗੀ।
ਇਸ ਤੋਂ ਪਹਿਲਾਂ ਐਸਐਮਓ (ਦਿਹਾਤੀ) ਡਾ. ਕੁਲਜੀਤ ਕੌਰ ਨੇ ਕਿਹਾ ਕਿ ਸਰਕਾਰ ਕਰੋਨਾ ਨੂੰ ਹਰਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਪ੍ਰੰਤੂ ਲੋਕਾਂ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ ਅਤੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਾ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਹੁਤ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਮਾੜੀ-ਮੋਟੀ ਸਰੀਰਕ ਤਕਲੀਫ਼ ਹੋਣ ’ਤੇ ਹਸਪਤਾਲ ਜਾਣ ਦੀ ਬਜਾਏ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ-104 ’ਤੇ ਸੰਪਰਕ ਕਰਕੇ ਡਾਕਟਰ ਦੀ ਸਲਾਹ ਲਈ ਜਾਵੇ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਜੀਤ ਕੌਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਬਰਾੜ, ਡਾ. ਰੇਨੂ ਸਿੰਘ, ਡਾ. ਰਮਨਦੀਪ ਕੌਰ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਦੀਪ ਕੌਰ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਸਮਾਜ ਸੇਵੀ ਜਸਪਾਲ ਸਿੰਘ ਸਮੇਤ ਹੋਰ ਪਿੰਡ ਵਾਸੀ ਮੌਜੂਦ ਸਨ।