ਸਿਹਤ ਵਿਭਾਗ ਦੀ ਤੰਬਾਕੂ ਵਿਰੁੱਧ ਵੱਡੀ ਕਾਰਵਾਈ, 100 ਚਲਾਨ ਕੱਟੇ

ਵੱਖ-ਵੱਖ ਥਾਵਾਂ ’ਤੇ 9 ਟੀਮਾਂ ਨੇ ਮੌਕੇ ’ਤੇ ਵਸੂਲਿਆ 18 ਹਜ਼ਾਰ ਰੁਪਏ ਦਾ ਜੁਰਮਾਨਾ

ਜਨਤਕ ਥਾਵਾਂ ’ਤੇ ਸਿਗਰਟਨੋਸ਼ੀ ਕਰਨ ਦੇ ਦੋਸ਼ ਹੇਠ 8 ਵਿਅਕਤੀਆਂ ਦੇ ਵੀ ਕੀਤੇ ਚਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਈ:
ਸਿਹਤ ਵਿਭਾਗ ਨੇ ਮੁਹਾਲੀ ਸ਼ਹਿਰ ਸਮੇਤ ਹੋਰ ਵੱਖ-ਵੱਖ ਥਾਵਾਂ ’ਤੇ ਵੱਡੇ ਪੱਧਰ ’ਤੇ ਤੰਬਾਕੂ ਰੋਕਥਾਮ ਤਹਿਤ ਕਾਰਵਾਈ ਕਰਦਿਆਂ ਲਗਪਗ 220 ਦੁਕਾਨਾਂ/ਰੇਹੜੀਆਂ-ਫੜ੍ਹੀਆਂ ’ਤੇ ਛਾਪੇਮਾਰੀ ਕੀਤੀ ਕਾਨੂੰਨ ਦੀ ਉਲੰਘਣਾ ਕਰ ਕੇ ਤੰਬਾਕੂ ਪਦਾਰਥ ਵੇਚਣ ਵਾਲਿਆਂ ਦੇ 100 ਤੋਂ ਵੱਧ ਚਲਾਨ ਕੀਤੇ। ਇਸ ਕਾਰਵਾਈ ਨੂੰ ਜ਼ਿਲ੍ਹਾ ਸਿਹਤ ਵਿਭਾਗ ਦੇ ਤੰਬਾਕੂ ਰੋਕਥਾਮ ਵਿੰਗ ਦੀਆਂ 9 ਟੀਮਾਂ ਨੇ ਅੰਜਾਮ ਦਿੱਤਾ। ਇਨ੍ਹਾਂ ਟੀਮਾਂ ਨੇ ਮੁਹਾਲੀ, ਘੜੂੰਆਂ, ਡੇਰਾਬੱਸੀ, ਬੂਥਗੜ੍ਹ, ਕੁਰਾਲੀ, ਖਰੜ, ਲਾਲੜੂ, ਢਕੌਲੀ ਅਤੇ ਬਨੂੜ ਵਿੱਚ ਛਾਪੇਮਾਰੀ ਕੀਤੀ ਅਤੇ 18 ਹਜ਼ਾਰ ਰੁਪਏ ਜੁਰਮਾਨਾ ਵਸੂਲਿਆ। ਇਹੀ ਨਹੀਂ ਜਨਤਕ ਥਾਵਾਂ ’ਤੇ ਸਿਗਰਟਨੋਸ਼ੀ ਕਰਨ ਦੇ ਦੋਸ਼ ਹੇਠ 8 ਵਿਅਕਤੀਆਂ ਦੇ ਚਲਾਨ ਵੀ ਕੀਤੇ ਗਏ।
ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਤੰਬਾਕੂ ਰੋਕਥਾਮ ਵਿੰਗ ਦੇ ਜ਼ਿਲ੍ਹਾ ਨੋਡਲ ਅਧਿਕਾਰੀ ਡਾ. ਨਵਦੀਪ ਸਿੰਘ ਨੇ ਦੱਸਿਆ ਕਿ ਸਿਗਰਟ ਅਤੇ ਹੋਰ ਤੰਬਾਕੂ ਪਦਾਰਥ ਰੋਕਥਾਮ ਕਾਨੂੰਨ, 2003 (ਕੋਟਪਾ) ਵੱਖ-ਵੱਖ ਟੀਮਾਂ ਨੇ ਕਰਿਆਨਾ ਅਤੇ ਕਨਫ਼ੈਕਸ਼ਨਰੀ ਦੀਆਂ ਦੁਕਾਨਾਂ ਵਿੱਚ ਜਾਂਚ ਕੀਤੀ ਅਤੇ ਜਿੱਥੇ ਕਿਤੇ ਵੀ ਇਸ ਕਾਨੂੰਨ ਦੀ ਉਲੰਘਣਾ ਕਰਦਿਆਂ ਤੰਬਾਕੂ ਪਦਾਰਥ ਵੇਚੇ ਜਾ ਰਹੇ ਸਨ, ਉੱਥੇ ਚਲਾਨ ਕੱਟਦਿਆਂ ਮੌਕੇ ’ਤੇ ਜੁਰਮਾਨਾ ਵਸੂਲ ਕੀਤਾ ਗਿਆ। ਜਾਂਚ ਦੌਰਾਨ ਦੇਖਿਆ ਗਿਆ ਕਿ ਕਈ ਕਰਿਆਨਾ ਅਤੇ ਕਨਫ਼ੈਕਸ਼ਨਰੀ ਦੁਕਾਨਾਂ ’ਤੇ ਤੰਬਾਕੂ ਪਦਾਰਥ ਵੇਚੇ ਜਾ ਰਹੇ ਸਨ ਜੋ ਕਾਨੂੰਨ ਦੀ ਉਲੰਘਣਾ ਹੈ। ਕੁੱਝ ਥਾਈਂ ਚੇਤਾਵਨੀ ਰਹਿਤ ਇੰਪੋਰਟਡ ਸਿਗਰਟਾਂ, ਖ਼ੁਸ਼ਬੂਦਾਰ ਤੰਬਾਕੂ ਪਦਾਰਥ ਅਤੇ ਖੱੁਲ੍ਹੀਆਂ ਸਿਗਰਟਾਂ ਵੇਚੀਆਂ ਜਾ ਰਹੀਆਂ ਸਨ। ਕੱੁਝ ਦੁਕਾਨਾਂ ‘ਤੇ ਵਿਦੇਸ਼ੀ ਸਿਗਰਟਾਂ ਦੇ ਪੈਕੇਟ ਬਰਾਮਦ ਕੀਤੇ ਗਏ ਜਿਨ੍ਹਾਂ ਉੱਤੇ ਕੋਈ ਚੇਤਾਵਨੀ ਚਿੰਨ੍ਹ ਨਹੀਂ ਸੀ।
ਅਧਿਕਾਰੀਆਂ ਨੇ ਕਿਹਾ ਕਿ ਸਿਹਤ ਵਿਭਾਗ ਦਾ ਜ਼ਿਲ੍ਹਾ ਤੰਬਾਕੂ ਵਿਰੋਧੀ ਸੈੱਲ ਜਿੱਥੇ ਲਗਾਤਾਰ ਚਲਾਨ ਅਤੇ ਜੁਰਮਾਨੇ ਦੀ ਕਾਰਵਾਈ ਕਰ ਰਿਹਾ ਹੈ, ਉੱਥੇ ਨਾਲੋ-ਨਾਲ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਦੇ ਨੁਕਸਾਨਾਂ ਅਤੇ ਤੰਬਾਕੂ ਵਿਰੋਧੀ ਕਾਨੂੰਨ ਬਾਰੇ ਵੀ ਜਾਗਰੂਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਂਚ-ਪੜਤਾਲ ਦਾ ਮੰਤਵ ਦੁਕਾਨਦਾਰਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਨਹੀਂ ਸਗੋਂ ਉਨ੍ਹਾਂ ਨੂੰ ਦੱਸਣਾ ਹੈ ਕਿ ਕੋਟਪਾ ਕਾਨੂੰਨ ਦੀ ਪਾਲਣਾ ਕਰਦਿਆਂ ਤੰਬਾਕੂ ਪਦਾਰਥ ਵੇਚੇ ਜਾਣ। ਚਲਾਨ ਦੀ ਕਾਰਵਾਈ ਕਰਦਿਆਂ ਦੁਕਾਨਦਾਰਾਂ ਅਤੇ ਜਨਤਕ ਥਾਵਾਂ ‘ਤੇ ਸਿਗਰਟਨੋਸ਼ੀ ਕਰਨ ਵਾਲਿਆਂ ਨੂੰ ਕੋਟਪਾ ਕਾਨੂੰਨ ਬਾਰੇ ਜਾਣਕਾਰੀ ਦਿਤੀ ਗਈ। ਉਨ੍ਹਾਂ ਸਕੂਲ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਜੇ ਸਕੂਲ ਦੀ ਬਾਹਰੀ ਕੰਧ ਦੇ 100 ਗਜ਼ ਦੇ ਘੇਰੇ ਵਿਚ ਤੰਬਾਕੂ ਵੇਚਣ ਵਾਲੀ ਦੁਕਾਨ ਹੈ ਤਾਂ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ ਕਿਉਂਕਿ ਕਾਨੂੰਨ ਮੁਤਾਬਕ ਸਕੂਲ ਲਾਗੇ ਤੰਬਾਕੂ ਪਦਾਰਥ ਨਹੀਂ ਵੇਚੇ ਜਾ ਸਕਦੇ। ਉਨ੍ਹਾਂ ਦੁਕਾਨਦਾਰਾਂ ਨੂੰ ਕਿਹਾ ਕਿ ਉਹ ਕਾਨੂੰਨ ਦੇ ਘੇਰੇ ਵਿਚ ਰਹਿ ਕੇ ਤੰਬਾਕੂ ਪਦਾਰਥਾਂ ਦੀ ਵਿਕਰੀ ਕਰਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜਿੱਥੇ ਕਿਤੇ ਵੀ ਤੰਬਾਕੂ ਰੋਕਥਾਮ ਕਾਨੂੰਨ ਦੀ ਉਲੰਘਣਾ ਕਰਦਿਆਂ ਤੰਬਾਕੂ ਪਦਾਰਥ ਵੇਚੇ ਜਾ ਰਹੇ ਹਨ ਤਾਂ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਬਣਦੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਤੰਬਾਕੂ ਵਿਰੋਧੀ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …