Nabaz-e-punjab.com

ਸਿਹਤ ਵਿਭਾਗ ਵੱਲੋਂ ਨਵਾਂ ਗਰਾਓਂ ਵਿੱਚ 1100 ਘਰਾਂ ਦੀ ਜਾਂਚ, 36 ਘਰਾਂ ’ਚੋਂ ਮਿਲਿਆ ਡੇਂਗੂ ਦਾ ਲਾਰਵਾ

ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਨੂੰ ਰਿਹਾਇਸ਼ੀ ਖੇਤਰ ਵਿੱਚ ਫੌਗਿਗ ਕਰਨ ਦੇ ਆਦੇਸ਼

ਦੋ ਦਿਨ ਲਗਾਤਾਰ ਹੋਰ ਚੱਲੇਗਾ ਸਰਵੇ, ਸਿਵਲ ਸਰਜਨ ਨੇ ਲੋਕਾਂ ਦਾ ਸਹਿਯੋਗ ਮੰਗਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਕਤੂਬਰ:
ਨਵਾਂ ਗਰਾਓਂ ਖੇਤਰ ਵਿੱਚ 5 ਨਵੇਂ ਡੇਂਗੂ ਦੇ ਮਰੀਜ਼ ਮਿਲਣ ਤੋਂ ਬਾਅਦ ਜ਼ਿਲ੍ਹਾ ਸਿਹਤ ਵਿਭਾਗ ਪਹਿਲਾਂ ਨਾਲੋਂ ਵਧੇਰੇ ਚੌਕਸ ਹੋ ਗਿਆ ਹੈ। ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਨੇ ਅੱਜ ਨਵਾਂ ਗਰਾਓਂ ਦੇ 1100 ਘਰਾਂ ਦਾ ਦੌਰਾ ਕਰਕੇ ਕੂਲਰਾਂ, ਫਰਿੱਜਾਂ ਦੀਆਂ ਟਰੇਆਂ, ਪਾਣੀ ਲਈ ਵਰਤੇ ਜਾਂਦੇ ਪਲਾਸਟਿਕ ਦੇ ਢੋਲਾਂ, ਗਮਲਿਆਂ, ਖਾਲੀ ਪਏ ਟਾਇਰਾਂ, ਬਕਸਿਆਂ ਤੇ ਹੋਰ ਸਮਾਨ ਦੀ ਜਾਂਚ ਕੀਤੀ। ਇਸ ਦੌਰਾਨ 36 ਘਰਾਂ ’ਚੋਂ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ। ਜਿਸ ਨੂੰ ਦਵਾਈ ਦਾ ਛਿੜਕਾਅ ਕਰਕੇ ਮੌਕੇ ’ਤੇ ਹੀ ਨਸ਼ਟ ਕੀਤਾ ਗਿਆ ਤਾਂ ਜੋ ਨੇੜਲੇ ਘਰਾਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਡੇਂਗੂ ਦੀ ਮਾਰ ਤੋਂ ਬਚਾਇਆ ਜਾ ਸਕੇ। ਸਿਹਤ ਵਿਭਾਗ ਦੀ ਟੀਮ ਨਵਾਂ ਗਰਾਓਂ ਦੇ ਸ਼ਿਵਾਲਕ ਵਿਹਾਰ, ਆਦਰਸ਼ ਨਗਰ ਅਤੇ ਦਸਮੇਸ਼ ਨਗਰ ਵਿੱਚ ਘਰਾਂ ਦੀ ਚੈਕਿੰਗ ਕੀਤੀ।
ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਫਰਿੱਜਾਂ ਦੀਆਂ ਟਰੇਆਂ, ਗਮਲਿਆਂ, ਪਲਾਸਟਿਕ ਦੇ ਢੋਲਾਂ ’ਚੋਂ ਲਾਰਵਾ ਮਿਲਿਆ ਹੈ ਜਦੋਂਕਿ ਕਿਸੇ ਕੂਲਰਾਂ ’ਚੋਂ ਕੋਈ ਲਾਰਵਾ ਨਹੀਂ ਮਿਲਿਆ। ਉਨ੍ਹਾਂ ਕਿਹਾ ਇਹ ਲਾਰਵਾ ਹੀ ਕੁਝ ਦਿਨਾਂ ਵਿੱਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ, ਜੋ ਮਰੀਜ਼ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕ ਸਮਝਦੇ ਹਨ ਕਿ ਸਰਦੀ ਦਾ ਮੌਸਮ ਸ਼ੁਰੂ ਹੋ ਗਿਆ ਹੈ ਪ੍ਰੰਤੂ ਇਨ੍ਹਾਂ ਦਿਨਾਂ ਵਿੱਚ ਵੀ ਡੇਂਗੂ ਫੈਲਾਉਣ ਵਾਲੇ ਮੱਛਰ ਦੇ ਪੈਦਾ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਲੋਕਾਂ ਨੂੰ 30 ਨਵੰਬਰ ਤੱਕ ਡੇਂਗੂ ਪ੍ਰਤੀ ਪੂਰੀ ਤਰ੍ਹਾਂ ਚੌਕਸ ਅਤੇ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦੇਣ। ਉਨ੍ਹਾਂ ਕਿਹਾ ਕਿ ਜਿਹੜੇ ਘਰਾਂ ਵਿੱਚ ਮੁੜ ਲਾਰਵਾ ਮਿਲਿਆ, ਉਨ੍ਹਾਂ ਦੇ ਮਾਲਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸਿਵਲ ਸਰਜਨ ਨੇ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਨੂੰ ਵੀ ਹਦਾਇਤ ਕੀਤੀ ਕਿ ਉਹ ਪ੍ਰਭਾਵਿਤ ਇਲਾਕੇ ਵਿੱਚ ਫੌਰੀ ਤੌਰ ’ਤੇ ਫੌਗਿੰਗ ਸ਼ੁਰੂ ਕਰਵਾਈ ਜਾਵੇ ਤਾਂ ਜੋ ਡੇਂਗੂ ਬੁਖ਼ਾਰ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਦਿਨ ਵਿੱਚ ਘੱਟੋ ਘੱਟੋ ਦੋ ਵਾਰ ਫੌਗਿੰਗ ਜ਼ਰੂਰੀ ਹੈ। ਉਨ੍ਹਾਂ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਸਿਹਤ ਵਿਭਾਗ ਆਪਣੇ ਪੱਧਰ ’ਤੇ ਇਸ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਹੈ ਪਰ ਲੋਕਾਂ ਦੀ ਮਦਦ ਨਾਲ ਹੀ ਜ਼ਿਲ੍ਹਾ ਮੁਹਾਲੀ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ।
ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਹੁਣ ਤੱਕ ਡੇਂਗੂ ਦੇ 61 ਕੇਸ ਸਾਹਮਣੇ ਆ ਚੁੱਕੇ ਹਨ ਅਤੇ 230 ਸ਼ੱਕੀ ਮਰੀਜ਼ਾਂ ਦੇ ਖੂਨ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਦੇ ਆਮ ਲੱਛਣਾਂ ਵਿੱਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿੱਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜ੍ਹਿਆਂ ’ਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖ਼ਾਰ ਹੋਣ ਮਗਰੋਂ ਕੱਝ ਲੋਕ ਇਲਾਜ ਦੇ ਗਲਤ ਅਤੇ ਗੈਰ-ਡਾਕਟਰੀ ਤਰੀਕੇ ਵਰਤਣ ਲੱਗੇ ਜਾਂਦੇ ਹਨ। ਜਿਸ ਕਾਰਨ ਬੁਖ਼ਾਰ ਘਟਣ ਦੀ ਬਜਾਏ ਵੱਧ ਜਾਂਦਾ ਹੈ ਅਤੇ ਮਰੀਜ਼ ਦੀ ਜਾਨ ਵੀ ਜਾ ਸਕਦੀ ਹੈ।

Load More Related Articles
Load More By Nabaz-e-Punjab
Load More In Problems

Check Also

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ ਬੱਬੀ ਬਾਦਲ ਵੱ…