
ਸਿਹਤ ਵਿਭਾਗ ਨੇ ਬੀਮਾਰੀਆਂ ਬਾਰੇ ਜਾਗਰੂਕ ਕਰਨ ਲਈ ਕੱਢੀ ‘ਸਾਈਕਲ ਰੈਲੀ’
ਸਾਈਕਲ ਰੈਲੀ ਨੂੰ ਡਾਇਰੈਕਟਰ ਮਨਜੀਤ ਸਿੰਘ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਕਤੂਬਰ:
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਆਮ ਲੋਕਾਂ ਨੂੰ ਗੈਰ ਸੰਚਾਰਿਤ ਬੀਮਾਰੀਆਂ ਬਾਰੇ ਜਾਗਰੂਕ ਕਰਨ ਲਈ ਮੁਹਾਲੀ ਵਿੱਚ ਸਾਈਕਲ ਰੈਲੀ ਕੱਢੀ ਗਈ। ਜਿਸ ਨੂੰ ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਮਨਜੀਤ ਸਿੰਘ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇੱਥੋਂ ਦੇ ਫੇਜ਼-5 ਦੀ ਮਾਰਕੀਟ ਤੋਂ ਲੈ ਕੇ ਫੇਜ਼-11 ਤੱਕ ਕੱਢੀ ਗਈ ਇਸ ਰੈਲੀ ਵਿੱਚ ਵੱਖ-ਵੱਖ ਖੇਤਰਾਂ ਨਾਲ ਜੁੜੇ ਲੋਕਾਂ ਅਤੇ ਬੱਚਿਆਂ ਨੇ ਹਿੱਸਾ ਲਿਆ।
ਇਸ ਦੌਰਾਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਲੋਕਾਂ ਵਿੱਚ ਸ਼ੂਗਰ, ਬਲੱਡ ਪ੍ਰੈਸ਼ਰ, ਸਟਰੋਕ, ਦਿਲ ਦੀਆਂ ਬੀਮਾਰੀਆਂ ਜ਼ਿਆਦਾ ਵੱਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬੀਮਾਰੀਆਂ ਤੋਂ ਬਚਣ ਲਈ ਲੋਕਾਂ ਨੂੰ ਰੋਜ਼ਾਨਾ ਸੈਰ, ਕਸਰਤ ਦੇ ਨਾਲ-ਨਾਲ ਸਾਈਕਲ ਦੀ ਵਰਤੋਂ ਕਰਨੀ ਦੀ ਲੋੜ ਹੈ। ਅਜਿਹਾ ਕਰਨ ਨਾਲ ਮਨੁੱਖ ਸਰੀਰ ਪੱਖੋਂ ਤੰਦਰੁਸਤ ਰਹਿੰਦਾ ਹੈ ਅਤੇ ਬੀਮਾਰੀਆਂ ਤੋਂ ਵੀ ਬਚਾਅ ਰਹਿੰਦਾ ਹੈ।
ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਸ਼ੂਗਰ ਤੇ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਘਰ-ਘਰ ਚਿੱਠੀ ਰਾਹੀਂ ਸੁਨੇਹਾ ਭੇਜਿਆ ਗਿਆ ਹੈ। ਜਿਸ ਵਿੱਚ ਲੋਕਾਂ ਨੂੰ ਆਪਣੀ ਸਿਹਤ ਦਾ ਖਾਸ ਖਿਆਲ ਰੱਖਣ ਲਈ ਪ੍ਰੇਰਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 29 ਅਕਤੂਬਰ ਨੂੰ ਵਿਸ਼ਵ ਸਟਰੋਕ ਦਿਵਸ, 7 ਨਵੰਬਰ ਨੂੰ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਅਤੇ 14 ਨਵੰਬਰ ਨੂੰ ਵਰਲਡ ਡਾਇਬਟੀਸ ਦਿਵਸ ਮਨਾਇਆ ਜਾਂਦਾ ਹੈ। ਇਸ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਸਮੇਂ ਸਿਰ ਇਨ੍ਹਾਂ ਬੀਮਾਰੀਆਂ ਤੋਂ ਬਚਿਆ ਜਾ ਸਕੇ। ਸਾਈਕਲ ਰੈਲੀ ਵਿੱਚ ਟਰੈਫ਼ਿਕ ਪੁਲੀਸ ਮੁਲਾਜ਼ਮਾਂ ਨੇ ਵੀ ਹਿੱਸਾ ਲਿਆ। ਰੈਲੀ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਟੀ-ਸ਼ਰਟ, ਵਿਸ਼ੇਸ਼ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਟੇਟ ਪ੍ਰੋਗਰਾਮ ਅਫ਼ਸਰ ਡਾ. ਸੰਦੀਪ ਸਿੰਘ ਤੇ ਸਿਵਲ ਸਰਜਨ ਡਾ. ਜੀਬੀ ਸਿੰਘ ਵੀ ਮੌਜੂਦ ਸਨ।